ਪੀਯੂ ਹੋਸਟਲ ਫੀਸਾਂ 'ਚ ਬੇਤਹਾਸ਼ਾ ਵਾਧੇ ਖ਼ਿਲਾਫ਼ ਭੜਕੇ ਵਿਦਿਆਰਥੀ
ਪੀਯੂ ਹੋਸਟਲ ਫੀਸਾਂ 'ਚ ਬੇਤਹਾਸ਼ਾ ਵਾਧੇ ਖ਼ਿਲਾਫ਼ ਭੜਕੇ ਵਿਦਿਆਰਥੀ
Publish Date: Thu, 11 Jun 2026 06:55 PM (IST)
Updated Date: Fri, 12 Jun 2026 04:12 AM (IST)

ਜਥੇਬੰਦੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦਿੱਤੀ ਤਿੱਖੇ ਸੰਘਰਸ਼ ਦੀ ਚੇਤਾਵਨੀ 28 ਤੋਂ 43 ਫੀਸਦੀ ਫੀਸ ਵਾਧਾ ਤੁਰੰਤ ਵਾਪਸ ਲੈਣ ਦੀ ਉੱਠੀ ਮੰਗ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਸਟਲ ਫੀਸਾਂ ਵਿੱਚ ਕੀਤੇ ਗਏ ਭਾਰੀ ਵਾਧੇ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਵਿਦਿਆਰਥੀ ਜਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ ਹਨ। ਵੀਰਵਾਰ ਨੂੰ ਕੈਂਪਸ ਵਿੱਚ ਸਰਗਰਮ ਪ੍ਰਮੁੱਖ ਵਿਦਿਆਰਥੀ ਜਥੇਬੰਦੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ ਫੈਸਲੇ ਖ਼ਿਲਾਫ਼ ਸਖ਼ਤ ਰੋਸ ਜ਼ਾਹਰ ਕਰਦਿਆਂ ਡੀਨ ਵਿਦਿਆਰਥੀ ਭਲਾਈ ਨੂੰ ਇੱਕ ਮੰਗਪੱਤਰ ਸੌਂਪਿਆ। ਵਿਦਿਆਰਥੀ ਆਗੂਆਂ ਨੇ ਪ੍ਰਸ਼ਾਸਨ ਦੇ ਰਵੱਈਏ ਨੂੰ ਤਾਨਾਸ਼ਾਹੀ ਕਰਾਰ ਦਿੰਦਿਆਂ ਫੀਸ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਪੀਐੱਸਯੂ (ਲਲਕਾਰ) ਦੇ ਹਰਪ੍ਰੀਤ ਸਿੰਘ, ਐਸ.ਐੱਫ.ਆਈ. ਦੇ ਰਮਨਦੀਪ ਸਿੰਘ, ਪੀ.ਐਸ.ਐਫ. ਦੇ ਰਵਿੰਦਰ ਲੋਗੜ੍ਹ ਅਤੇ ਪੀ.ਐਸ.ਯੂ. ਦੇ ਵਰੂਣ ਨੇ ਸਾਂਝੇ ਤੌਰ ਤੇ ਆਖਿਆ ਕਿ ਹੋਸਟਲ ਫੀਸਾਂ ਵਿੱਚ 28 ਫੀਸਦੀ ਤੋਂ 43 ਫੀਸਦੀ ਤੱਕ ਦਾ ਲੱਕ-ਤੋੜ ਵਾਧਾ ਕੀਤਾ ਗਿਆ ਹੈ, ਜੋ ਕਿ ਬਿਲਕੁਲ ਨਾਜਾਇਜ਼ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਚੰਗੀ ਤਰ੍ਹਾਂ ਜਾਣਦਾ ਹੈ ਕਿ ਇੱਥੇ ਪੜ੍ਹਨ ਵਾਲੇ ਬਹੁਗਿਣਤੀ ਵਿਦਿਆਰਥੀ ਪੇਂਡੂ, ਗਰੀਬ ਅਤੇ ਮੱਧ-ਵਰਗੀ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ। ਅਜਿਹੇ ਆਰਥਿਕ ਮੰਦਹਾਲੀ ਦੇ ਦੌਰ ਵਿੱਚ ਵਿਦਿਆਰਥੀਆਂ ਲਈ ਪੁਰਾਣੀਆਂ ਫੀਸਾਂ ਭਰਨੀਆਂ ਹੀ ਇੱਕ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ। ਆਗੂਆਂ ਨੇ ਦੋਸ਼ ਲਾਇਆ ਕਿ ਇਹ ਨਵਾਂ ਫੀਸ ਵਾਧਾ ਗਰੀਬ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਤੋਂ ਵਾਂਝੇ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦਿਆਰਥੀ ਆਗੂ ਨੇ ਕਿਹਾ ਕਿ ਜੇਕਰ ਫੀਸ ਵਾਧਾ ਤੁਰੰਤ ਵਾਪਸ ਨਾ ਲਿਆ ਗਿਆ ਤਾਂ ਸਮੂਹ ਜਥੇਬੰਦੀਆਂ ਤਿੱਖਾ ਅੰਦੋਲਨ ਵਿੱਢਣਗੀਆਂ। ਇਸ ਦੌਰਾਨ ਕੈਂਪਸ ਦੇ ਹਾਲਾਤ ਵਿਗੜਨ ਦੀ ਸਿੱਧੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਡੀਨ ਦਫ਼ਤਰ ਦੀ ਹੋਵੇਗੀ।’’ ਡੱਬੀ ਪ੍ਰਸ਼ਾਸਨ ਨੂੰ ਆਰ-ਪਾਰ ਦੀ ਚੇਤਾਵਨੀ ਵਿਦਿਆਰਥੀ ਆਗੂਆਂ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਹੱਕੀ ਮੰਗ ਨੂੰ ਅਣਗੌਲਿਆ ਕੀਤਾ ਗਿਆ ਜਾਂ ਕੋਈ ਟਾਲ-ਮਟੋਲ ਵਾਲੀ ਨੀਤੀ ਅਪਣਾਈ ਗਈ, ਤਾਂ ਸਮੂਹ ਵਿਦਿਆਰਥੀ ਜਥੇਬੰਦੀਆਂ ਯੂਨੀਵਰਸਿਟੀ ਕੈਂਪਸ ਦੇ ਅੰਦਰ ਤਿੱਖੇ ਰੋਸ਼ ਪ੍ਰਦਰਸ਼ਨ ਸ਼ੁਰੂ ਕਰਨ ਲਈ ਮਜਬੂਰ ਹੋਣਗੀਆਂ। ਉਨ੍ਹਾਂ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ, ਤਾਂ ਇਸ ਨਾਲ ਪੈਦਾ ਹੋਣ ਵਾਲੀ ਹਰ ਸਥਿਤੀ ਲਈ ਪ੍ਰਸ਼ਾਸਨ ਖੁਦ ਜ਼ਿੰਮੇਵਾਰ ਹੋਵੇਗਾ।