ਲੋਕ ਭਲਾਈ ਦੇ ਕਾਰਜਾਂ ਲਈ ਸੇਵਿਅਰਜ਼ ਕਲੱਬ ਨੂੰ ਕੀਤਾ ਸਨਮਾਨਿਤ
ਲੋਕ ਭਲਾਈ ਦੇ ਕਾਰਜਾਂ ਲਈ ਸੇਵਿਅਰਜ਼ ਕਲੱਬ ਨੂੰ ਕੀਤਾ ਸਨਮਾਨਿਤ
Publish Date: Thu, 25 Jun 2026 06:58 PM (IST)
Updated Date: Fri, 26 Jun 2026 04:10 AM (IST)

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਸਮਾਜ ਸੇਵਾ, ਵਾਤਾਵਰਣ ਸੰਭਾਲ ਅਤੇ ਲੋਕ ਭਲਾਈ ਦੇ ਖੇਤਰ ’ਚ ਲਗਾਤਾਰ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਮਾਜ ਸੇਵੀ ਸੰਸਥਾ ਸੇਵਿਅਰਜ਼ ਕਲੱਬ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਪਵਨ ਗਰਗ, ਜਨਰਲ ਸਕੱਤਰ ਚਮਨ ਸ਼ਰਮਾ ਅਤੇ ਉਪ ਪ੍ਰਧਾਨ ਪਰਮਵੀਰ ਸਿੰਘ ਨੂੰ ਪ੍ਰਸ਼ੰਸਾ ਪੱਤਰ ਭੇਟ ਕਰ ਕੇ ਸੰਸਥਾ ਵੱਲੋਂ ਸਮਾਜ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਸੇਵਿਅਰਜ਼ ਕਲੱਬ ਨੇ ਬਹੁਤ ਹੀ ਘੱਟ ਸਮੇਂ ਵਿੱਚ ਸਮਾਜ-ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਰੁੱਖ ਲਗਾਉਣ, ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ, ਖੂਨਦਾਨ ਕੈਂਪਾਂ ਦੇ ਆਯੋਜਨ, ਸ਼ਹਿਰ ਦੀ ਸਫ਼ਾਈ ਲਈ ਵਿਸ਼ੇਸ਼ ਮੁਹਿੰਮਾਂ ਚਲਾਉਣ ਤੇ ਸਰਕਾਰੀ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਚੇਅਰਮੈਨ ਮਹਿਤਾ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਸਿਰਫ਼ ਸਰਕਾਰੀ ਯੋਜਨਾਵਾਂ ਨਾਲ ਸੰਭਵ ਨਹੀਂ ਹੁੰਦੀ, ਸਗੋਂ ਸਮਾਜ ਸੇਵੀ ਸੰਸਥਾਵਾਂ ਅਤੇ ਜਾਗਰੂਕ ਨਾਗਰਿਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੁੰਦੀ ਹੈ। ਸੇਵਿਅਰਜ਼ ਕਲੱਬ ਦੇ ਮੈਂਬਰ ਨਿਸ਼ਕਾਮ ਭਾਵਨਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਸਮਾਜ ਸੇਵਾ ਨਾਲ ਜੋੜਨ ਦਾ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਾਤਾਵਰਣ ਪ੍ਰਦੂਸ਼ਣ, ਖੂਨ ਦੀ ਕਮੀ ਅਤੇ ਸਮਾਜਿਕ ਜਾਗਰੂਕਤਾ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਦਾ ਯੋਗਦਾਨ ਵੀ ਬੇਹੱਦ ਜ਼ਰੂਰੀ ਹੈ। ਸੇਵਿਅਰਜ਼ ਕਲੱਬ ਵੱਲੋਂ ਕੀਤੇ ਜਾ ਰਹੇ ਉਪਰਾਲੇ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੋਤ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੇ ਲੋਕ ਭਲਾਈ ਦੇ ਕਾਰਜਾਂ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਸੇਵਿਅਰਜ਼ ਕਲੱਬ ਦੇ ਪ੍ਰਧਾਨ ਪਵਨ ਗਰਗ ਨੇ ਸੰਸਥਾ ਨੂੰ ਮਿਲੇ ਸਨਮਾਨ ਲਈ ਚੇਅਰਮੈਨ ਤੇਜਿੰਦਰ ਮਹਿਤਾ ਦਾ ਧੰਨਵਾਦ ਕੀਤਾ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਸਹਾਇਕ ਨਿਰਦੇਸ਼ਕ ਡਾ. ਦਵਿੰਦਰ ਪਾਲ ਸਿੰਘ, ਵੈਟਰਨਰੀ ਅਫ਼ਸਰ ਡਾ. ਰੋਹਤਾਸ਼ ਮਿੱਤਲ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ, ਟ੍ਰੇਡ ਕਮਿਸ਼ਨ ਮੈਂਬਰ ਨਿਰਮਲ ਝਨੇੜੀ, ਸੁਰਜੀਤ ਡਕਾਲਾ ਅਤੇ ਹੋਰ ਪਤਵੰਤੇ ਸ਼ਖ਼ਸੀਅਤਾਂ ਹਾਜ਼ਰ ਸਨ।