ਕਾਂਗਰਸ ਵੱਲੋਂ ਚੇਅਰਮੈਨ ਤੇਜਿੰਦਰ ਮਹਿਤਾ ਖ਼ਿਲਾਫ਼ ਰੋਸ ਧਰਨਾ ਕਾਂਗਰਸ ਵੱਲੋਂ ਚੇਅਰਮੈਨ ਤੇਜਿੰਦਰ ਮਹਿਤਾ ਖ਼ਿਲਾਫ਼ ਰੋਸ ਧਰਨਾ
Publish Date: Thu, 02 Jul 2026 06:34 PM (IST)
Updated Date: Fri, 03 Jul 2026 04:11 AM (IST)
ਰਾਸ਼ਨ ਕਾਰਡਾਂ ਤੇ ਡਿਪੂ ਹੋਲਡਰਾਂ ਦੇ ਮਸਲੇ ਤੇ ਭਖੀ ਸਿਆਸਤ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸੂਬੇ ’ਚ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਕੁਝ ਰਾਸ਼ਨ ਡਿਪੂ ਹੋਲਡਰਾਂ ਅਤੇ ਸਥਾਨਕ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਖ਼ਿਲਾਫ਼ ਸਨੌਰੀ ਅੱਡਾ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਰੋਸ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਦੁੱਗਲ ਨੇ ਕੀਤੀ। ਧਰਨੇ ਦੌਰਾਨ ਨਰੇਸ਼ ਦੁੱਗਲ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਆਪ ਦੇ ਸਥਾਨਕ ਆਗੂ ਗਰੀਬ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕਾਨੂੰਨੀ ਨਿਯਮਾਂ ਦੇ ਉਲਟ ਆਪਣੇ ਕੋਲ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣਾ ਹੱਕ ਅਨੁਸਾਰ ਰਾਸ਼ਨ ਲੈਣ ਲਈ ਡਿਪੂ ਹੋਲਡਰਾਂ ਦੀ ਬਜਾਏ ਸਿਆਸੀ ਆਗੂਆਂ ਵੱਲ ਦੇਖਣਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਸਰਕਾਰੀ ਰਾਸ਼ਨ ਡਿਪੂਆਂ ਨੂੰ ਸਿਆਸੀ ਪ੍ਰਚਾਰ ਦਾ ਸਾਧਨ ਬਣਾ ਰਹੀ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ। ਦੱਸਣਯੋਗ ਹੈ ਕਿ ਇਸ ਰੋਸ ਪ੍ਰਦਰਸ਼ਨ ਦੀ ਪਿਛੋਕੜ ਵਿੱਚ ਹਾਲ ਹੀ ਵਿੱਚ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਛਿੜਿਆ ਵਿਵਾਦ ਵੀ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਕੁਝ ਦਿਨ ਪਹਿਲਾਂ ਚੇਅਰਮੈਨ ਮਹਿਤਾ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਉਨ੍ਹਾਂ ਡਿਪੂ ਹੋਲਡਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਸੀ, ਜਿਨ੍ਹਾਂ ਖ਼ਿਲਾਫ਼ ਲਾਭਪਾਤਰੀਆਂ ਨੂੰ ਨਿਰਧਾਰਿਤ ਮਾਤਰਾ ਤੋਂ ਘੱਟ ਕਣਕ ਦੇਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ। ਚੇਅਰਮੈਨ ਮਹਿਤਾ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਸੀ ਕਿ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਯੋਗ ਲਾਭਪਾਤਰੀ ਨੂੰ ਪ੍ਰਤੀ ਮੈਂਬਰ ਪ੍ਰਤੀ ਮਹੀਨਾ 5 ਕਿਲੋ ਕਣਕ ਮਿਲਣੀ ਲਾਜ਼ਮੀ ਹੈ ਅਤੇ ਗਰੀਬ ਲੋਕਾਂ ਦੇ ਹੱਕ ਵਿੱਚ ਕਿਸੇ ਵੀ ਤਰ੍ਹਾਂ ਦੀ ਕਟੌਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਸੀ ਕਿ ਜੇਕਰ ਕਿਸੇ ਡਿਪੂ ਤੇ ਘੱਟ ਰਾਸ਼ਨ ਦਿੱਤਾ ਜਾ ਰਿਹਾ ਹੈ ਤਾਂ ਉਹ ਇਸ ਦੀ ਸ਼ਿਕਾਇਤ ਕਰਨ। ਚੇਅਰਮੈਨ ਮਹਿਤਾ ਵੱਲੋਂ ਮੁੱਦਾ ਉਠਾਏ ਜਾਣ ਤੋਂ ਬਾਅਦ ਫੂਡ ਐਂਡ ਸਿਵਲ ਸਪਲਾਈ ਵਿਭਾਗ ਵੀ ਹਰਕਤ ਵਿੱਚ ਆ ਗਿਆ ਸੀ। ਵਿਭਾਗ ਨੇ ਵੱਖ-ਵੱਖ ਡਿਪੂਆਂ ਦੀ ਜਾਂਚ ਸ਼ੁਰੂ ਕੀਤੀ ਅਤੇ ਕਥਿਤ ਬੇਨਿਯਮੀਆਂ ਸਬੰਧੀ ਕਈ ਡਿਪੂ ਹੋਲਡਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਕਾਰਵਾਈ ਵੀ ਸ਼ੁਰੂ ਕੀਤੀ। ਬੀਤੇ ਦਿਨੀਂ ਤੇਜਬਾਗ ਕਲੋਨੀ ਵਿੱਚ ਇੱਕ ਡਿਪੂ ਹੋਲਡਰ ਨਾਲ ਹੋਏ ਵਿਵਾਦ ਤੋਂ ਬਾਅਦ ਇਹ ਮਾਮਲਾ ਹੋਰ ਭਖ ਗਿਆ। ਚਰਚਾ ਹੈ ਕਿ ਰਾਸ਼ਨ ਵੰਡ ਪ੍ਰਣਾਲੀ ਵਿੱਚ ਚੇਅਰਮੈਨ ਮਹਿਤਾ ਵੱਲੋਂ ਅਪਣਾਈ ਗਈ ਇਸ ਸਖ਼ਤੀ ਅਤੇ ਵਿਭਾਗੀ ਕਾਰਵਾਈ ਤੋਂ ਬਾਅਦ ਹੀ ਡਿਪੂ ਹੋਲਡਰਾਂ ਦੇ ਇੱਕ ਹਿੱਸੇ ਨੇ ਕਾਂਗਰਸ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਹੈ। ਹਾਲਾਂਕਿ ਇਸ ਸਬੰਧੀ ਵੱਖ-ਵੱਖ ਪੱਖ ਆਪਣੇ-ਆਪਣੇ ਦਾਅਵੇ ਕਰ ਰਹੇ ਹਨ, ਪਰ ਰਾਸ਼ਨ ਕਾਰਡਾਂ, ਡਿਪੂ ਹੋਲਡਰਾਂ ਅਤੇ ਸਰਕਾਰੀ ਰਾਸ਼ਨ ਦੀ ਵੰਡ ਨੂੰ ਲੈ ਕੇ ਛਿੜਿਆ ਇਹ ਵਿਵਾਦ ਇਸ ਵੇਲੇ ਪਟਿਆਲਾ ਦੀ ਸਿਆਸਤ ਦਾ ਕੇਂਦਰੀ ਮੁੱਦਾ ਬਣਿਆ ਹੋਇਆ ਹੈ।