ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਵੇਟ ਲਿਫਟਰ ਹਰਜਿੰਦਰ ਕੌਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਵੇਟ ਲਿਫਟਰ ਹਰਜਿੰਦਰ ਕੌਰ
Publish Date: Mon, 10 Aug 2026 08:25 PM (IST)
Updated Date: Tue, 11 Aug 2026 04:06 AM (IST)
ਵਧਿਆ ਉਤਸ਼ਾਹ, ਹੁਣ ਏਸ਼ੀਅਨ ਗੇਮਜ਼ ’ਤੇ ਨਜ਼ਰ : ਹਰਿਜੰਦਰ ਕੌਰ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ ਕਾਮਨਵੇਲਥ ਖੇਡਾਂ ਵਿੱਚ ਵੇਟਲਿਫਟਿੰਗ ਮੁਕਾਬਲੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤ ਲਈ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਖਾਸ ਮੌਕੇ ਤੇ ਪ੍ਰਧਾਨ ਮੰਤਰੀ ਨੇ ਹਰਜਿੰਦਰ ਕੌਰ ਦੀ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਦੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੁਲਾਕਾਤ ਤੋਂ ਬਾਅਦ ਆਪਣੇ ਤਜਰਬੇ ਅਤੇ ਖੁਸ਼ੀ ਨੂੰ ਸਾਂਝਾ ਕਰਦਿਆਂ ਹਰਜਿੰਦਰ ਕੌਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲਣਾ ਉਨ੍ਹਾਂ ਲਈ ਬੇਹੱਦ ਉਤਸ਼ਾਹਜਨਕ ਅਤੇ ਫਖ਼ਰ ਵਾਲਾ ਪਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਹੋਈ ਗੱਲਬਾਤ ਨੇ ਉਨ੍ਹਾਂ ਦੇ ਹੌਸਲੇ ਨੂੰ ਹੋਰ ਬੁਲੰਦ ਕੀਤਾ ਹੈ। ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦੀ ਮਿਹਨਤ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ, ਜੋ ਕਿ ਹਰ ਐਥਲੀਟ ਲਈ ਇੱਕ ਵੱਡੇ ਮਾਣ ਦੀ ਗੱਲ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ ਇੱਕ ਸਧਾਰਨ ਪਰਿਵਾਰ ਨਾਲ ਸੰਬੰਧਤ ਹਰਜਿੰਦਰ ਕੌਰ ਨੇ ਸਖ਼ਤ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਦੇ ਬਲਬੂਤੇ ਅੰਤਰਰਾਸ਼ਟਰੀ ਮੰਚ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਦਾ ਇੱਥੋਂ ਤੱਕ ਦਾ ਸਫ਼ਰ ਕਈ ਚੁਣੌਤੀਆਂ ਨਾਲ ਭਰਿਆ ਰਿਹਾ ਹੈ, ਪਰ ਉਨ੍ਹਾਂ ਨੇ ਕਦੇ ਹਿੰਮਤ ਨਹੀਂ ਹਾਰੀ। ਕਾਮਨਵੇਲਥ ਖੇਡਾਂ ਵਿੱਚ ਪ੍ਰਾਪਤ ਕੀਤਾ ਚਾਂਦੀ ਦਾ ਮੈਡਲ ਉਨ੍ਹਾਂ ਦੀ ਵਰ੍ਹਿਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਆਪਣੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕਰਦਿਆਂ ਹਰਜਿੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਇਹ ਤਾਂ ਸਿਰਫ਼ ਇੱਕ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਪੂਰਾ ਧਿਆਨ ਆਗਾਮੀ ਏਸ਼ੀਅਨ ਗੇਮਜ਼ ਦੀਆਂ ਤਿਆਰੀਆਂ ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਏਸ਼ੀਅਨ ਗੇਮਜ਼ ਵਿੱਚ ਦੇਸ਼ ਲਈ ਸੋਨੇ ਦਾ ਮੈਡਲ ਜਿੱਤਣ ਦੇ ਮਕਸਦ ਨਾਲ ਉਨ੍ਹਾਂ ਨੇ ਆਪਣੀ ਟ੍ਰੇਨਿੰਗ ਹੋਰ ਵੀ ਸਖ਼ਤ ਕਰ ਦਿੱਤੀ ਹੈ। ਹਰਜਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੀ ਤਕਨੀਕ ਅਤੇ ਤਾਕਤ ਨੂੰ ਸੁਧਾਰਨ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਅੰਤਰਰਾਸ਼ਟਰੀ ਪੱਧਰ ਤੇ ਮੁੜ ਭਾਰਤੀ ਝੰਡਾ ਬੁਲੰਦ ਕੀਤਾ ਜਾ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਦੇਸ਼ ਵਾਸੀਆਂ ਦਾ ਪਿਆਰ, ਅਸੀਸਾਂ ਅਤੇ ਪ੍ਰਧਾਨ ਮੰਤਰੀ ਤੋਂ ਮਿਲੀ ਪ੍ਰੇਰਨਾ ਉਨ੍ਹਾਂ ਨੂੰ ਏਸ਼ੀਅਨ ਗੇਮਜ਼ ਵਿੱਚ ਹੋਰ ਵੀ ਬਹਿਤਰੀਨ ਪ੍ਰਦਰਸ਼ਨ ਕਰਨ ਵਿੱਚ ਮਦਦ ਕਰੇਗੀ। ਖੇਡ ਪ੍ਰੇਮੀਆਂ ਅਤੇ ਪੂਰੇ ਦੇਸ਼ ਨੂੰ ਹਰਜਿੰਦਰ ਕੌਰ ਤੋਂ ਅਗਲੇ ਮੁਕਾਬਲਿਆਂ ਵਿੱਚ ਵੀ ਵੱਡੀਆਂ ਉਮੀਦਾਂ ਹਨ।