
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਆਧਾਰ- ਬਰਸਟ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਖੇਡਾਂ ਕੇਵਲ ਮਨੋਰੰਜਨ ਦਾ ਸਾਧਨ ਨਹੀਂ ਹਨ, ਸਗੋਂ ਇਹ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜਦੋਂ ਕੋਈ ਨੌਜਵਾਨ ਮੈਦਾਨ ਵਿਚ ਉਤਰਦਾ ਹੈ ਤਾਂ ਉਸ ਅੰਦਰ ਸਖ਼ਤ ਮਿਹਨਤ, ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ-ਵਿਸ਼ਵਾਸ ਵਰਗੇ ਮਹੱਤਵਪੂਰਨ ਗੁਣ ਪੈਦਾ ਹੁੰਦੇ ਹਨ। ਇਹ ਗੁਣ ਅੱਗੇ ਚੱਲ ਕੇ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਸਫ਼ਲ ਬਣਾਉਣ ਵਿਚ ਸਹਾਈ ਹੁੰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਕੀਤਾ। ਯਾਦ ਯੂਥ ਕਲੱਬ ਅਮਾਮਗੜ੍ਹ ਵੱਲੋਂ ਦਾਣਾ ਮੰਡੀ, ਸਮਾਣਾ ਵਿਖੇ ਪਹਿਲੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿਚ ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖੇਡ ਪ੍ਰੇਮੀਆਂ ਤੇ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਦੌਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਲਈ ਅਜਿਹੇ ਖੇਡ ਟੂਰਨਾਮੈਂਟ ਕਰਵਾਉਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਹਿਲੇ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਨੇ ਇਲਾਕੇ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ ਹੈ। ਬਰਸਟ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਅਤੇ ਆਪਣੇ ਭਵਿੱਖ ਨੂੰ ਉਜਵਲ ਬਣਾਉਣ ਲਈ ਅੱਗੇ ਵਧਣ।