ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ
Publish Date: Thu, 17 Sep 2026 05:45 PM (IST)
Updated Date: Fri, 18 Sep 2026 04:08 AM (IST)
- ਐੱਨਐੱਚਆਰਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਦੀ ਅਧਿਕਾਰੀਆਂ ਨੂੰ ਚਿਤਾਵਨੀ - ਸਕੂਲਾਂ ’ਚ ‘ਗੁੱਡ ਟੱਚ-ਬੈਡ ਟੱਚ’ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਫੋਟੋ : 17ਪੀਟੀਐਲ : 27 ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐੱਨ.ਐੱਚ.ਆਰ.ਸੀ.) ਦੇ ਸਪੈਸ਼ਲ ਮਾਨੀਟਰ (ਬੱਚੇ ਤੇ ਬਜ਼ੁਰਗ ਨਾਗਰਿਕ) ਬਾਲ ਕ੍ਰਿਸ਼ਨ ਗੋਇਲ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਬਾਲ ਕ੍ਰਿਸ਼ਨ ਗੋਇਲ ਨੇ ਸਪੱਸ਼ਟ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਸਮੇਤ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰਾਖੀ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਸਬੰਧਤ ਅਥਾਰਟੀ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ। ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ‘ਗੁੱਡ ਟੱਚ ਅਤੇ ਬੈਡ ਟੱਚ’ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਏ.ਡੀ.ਸੀ. (ਅਰਬਨ ਡਿਵੈਲਪਮੈਂਟ) ਨਵਰੀਤ ਕੌਰ ਸੇਖੋਂ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਤਰਫ਼ੋਂ ਸ੍ਰੀ ਗੋਇਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ। ਐਸ.ਪੀ. ਸਿਟੀ ਮੋਹਿਤ ਅਗਰਵਾਲ ਨੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਦੀ ਤਰਫ਼ੋਂ ਭਰੋਸਾ ਦਿੱਤਾ ਕਿ ਪਟਿਆਲਾ ਪੁਲਿਸ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰਾ ਸਹਿਯੋਗ ਦੇਵੇਗੀ।