- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਪ੍ਰਬੰਧਨ ਵਿੱਚ ਸਹਿਕਾਰਤਾ ਵਿਭਾਗ ਦੀ ਅਹਿਮ ਭੂਮਿਕਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਪਟਿਆਲਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਸਹਿਕਾਰਤਾ ਵਿਭਾਗ ਵੱਲੋਂ ਜ਼ਮੀਨੀ ਪੱਧਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਕਿਸਾਨਾਂ ਤੱਕ ਸਿੱਧੀ ਪਹੁੰਚ ਬਣਾਉਣ ਲਈ ਜ਼ਿਲ੍ਹੇ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਮੁਹਿੰਮ ਦਾ ਅਹਿਮ ਹਿੱਸਾ ਬਣਾਇਆ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਇਸ ਦੇ ਬਦਲਵੇਂ ਪ੍ਰਬੰਧਾਂ ਦੀਆਂ ਸਹੂਲਤਾਂ ਵੀ ਉਨ੍ਹਾਂ ਤੱਕ ਪਹੁੰਚਾਈਆਂ ਜਾ ਸਕਣ। ਇਹ ਜਾਣਕਾਰੀ ਦਿੰਦਿਆਂ ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਪਟਿਆਲਾ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਹਿਕਾਰੀ ਸਭਾਵਾਂ ’ਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਉਪਜਾਊ ਸ਼ਕਤੀ ਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਸਹਿਕਾਰਤਾ ਵਿਭਾਗ ਵੱਲੋਂ ਕਿਸਾਨਾਂ ਦੀ ਸਭ ਤੋਂ ਵੱਡੀ ਲੋੜ, ਭਾਵ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਦੀ ਉਪਲੱਬਧਤਾ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸਹਿਕਾਰੀ ਸਭਾਵਾਂ ’ਚ ਉਪਲੱਬਧ ਸੁਪਰ ਸੀਡਰ, ਬੇਲਰ ਅਤੇ ਹੋਰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਸੂਚੀ ਤਿਆਰ ਕਰਕੇ ਸਭਾਵਾਂ ਵਿਚ ਫਲੈਕਸ ਬੋਰਡ ਲਗਾਏ ਜਾ ਰਹੇ ਹਨ।