- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟਿਆਲਾ ਜ਼ਿਲ੍ਹੇ ਵਿੱਚ 2.08 ਲੱਖ ਹੈਕਟੇਅਰ ਰਕਬੇ ਦੀ ਝੋਨੇ ਦੀ ਵਾਢੀ ਮੁਕੰਮਲ

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ ਪੱਧਰ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਪਿੰਡ ਡਕਾਲਾ ਵਿਖੇ ਕਿਸਾਨ ਹਰਮਨ ਸਿੰਘ ਤੇ ਗੁਰਦਾਸ ਸਿੰਘ ਦੇ ਖੇਤਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਕੁੱਲ ਵਾਹੀਯੋਗ ਰਕਬਾ ਲਗਭਗ ਦੋ ਲੱਖ ਪੰਜਾਹ ਹਜ਼ਾਰ ਹੈਕਟੇਅਰ ਹੈ, ਜਿਸ ’ਚੋਂ 2 ਲੱਖ 31 ਹਜ਼ਾਰ 400 ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਕੀਤੀ ਗਈ ਹੈ ਅਤੇ ਜਿਸ ’ਚੋਂ ਬਾਸਮਤੀ ਦੀ ਕਾਸ਼ਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਲਗਭਗ 2 ਲੱਖ 08 ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨੇ ਦੀ ਵਾਢੀ ਹੋ ਚੁੱਕੀ ਹੈ ਅਤੇ ਇਸ ’ਚੋਂ ਤਕਰੀਬਨ 40 ਹਜ਼ਾਰ ਤੋਂ 50 ਹਜ਼ਾਰ ਹੈਕਟੇਅਰ ਰਕਬੇ ਵਿਚ ਕਣਕ ਦੀ ਬਿਜਾਈ ਵੀ ਕੀਤੀ ਜਾ ਚੁੱਕੀ ਹੈ। ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਹੁਣ ਤੱਕ ਲਗਭਗ 85 ਹਜ਼ਾਰ ਹੈਕਟੇਅਰ ਰਕਬੇ ਵਿਚ ਪਰਾਲੀ ਦਾ ਪ੍ਰਬੰਧਨ ਐਕਸ-ਸੀਟੂ ਤਕਨੀਕ ਰਾਹੀਂ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਲਗਭਗ ਇਕ ਲੱਖ ਹੈਕਟੇਅਰ ਰਕਬੇ ਵਿਚ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਜਿਵੇਂ ਸੁਪਰ ਸੀਡਰ, ਪਲਟਵੇਂ ਹਲ, ਮਲਚਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਗਿਆ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ ਲਗਭਗ ਇਕ ਲੱਖ 85 ਹਜ਼ਾਰ ਹੈਕਟੇਅਰ ਰਕਬੇ ਵਿੱਚ ਪਰਾਲੀ ਪ੍ਰਬੰਧਨ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹਾੜ੍ਹੀ ਦੇ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਲਈ ਤਸਦੀਕਸ਼ੁਦਾ ਬੀਜ ਵੀ ਸਬਸਿਡੀ 'ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਮਿਆਰੀ ਬੀਜ ਉਪਲਬਧ ਹੋ ਸਕੇ ਅਤੇ ਉਹ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ। ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।