- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੈਸਟ ਪ੍ਰੋਫੈਸਰਾਂ ਵੱਲੋਂ ਵੀ.ਸੀ. ਦਫ਼ਤਰ ਅੱਗੇ ਰੋਸ ਮਾਰਚ

-ਸਿੰਡੀਕੇਟ ਦੀ ਪ੍ਰੋਸੀਡਿੰਗ ਬਦਲਣ ਦਾ ਵਿਰੋਧ, ਪੱਕਾ ਧਰਨਾ ਤੀਜੇ ਦਿਨ ’ਚ ਦਾਖ਼ਲ
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਨੇਬਰਹੁੱਡ ਕੈਂਪਸਾਂ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਸੇਵਾਵਾਂ ਨਿਭਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ ਲਗਾਇਆ ਗਿਆ ਪੱਕਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਿਆ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਰੋਸ ਮਾਰਚ ਕੱਢਦਿਆਂ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਮੰਗਾਂ ਸਬੰਧੀ ਯੂਨੀਵਰਸਿਟੀ ਅਥਾਰਟੀ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਸਨ। ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 22 ਅਕਤੂਬਰ 2026 ਨੂੰ ਹੋਈ ਸਿੰਡੀਕੇਟ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਜਾਵੇਗਾ। ਮੀਟਿੰਗ ਵਿੱਚ ਬਕਾਇਦਾ ਮਤਾ ਪਾਸ ਕਰਕੇ ਗੈਸਟ ਪ੍ਰੋਫੈਸਰਾਂ ਨੂੰ ਪੂਰੇ ਸਾਲ ਲਈ 45 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਸੀ, ਜਿਸ ਦੀ ਖ਼ਬਰ ਯੂਨੀਵਰਸਿਟੀ ਵੱਲੋਂ ਖੁਦ ਅਖ਼ਬਾਰਾਂ ਵਿੱਚ ਵੀ ਪ੍ਰਕਾਸ਼ਿਤ ਕਰਵਾਈ ਗਈ ਸੀ। ਅਧਿਆਪਕ ਆਗੂਆਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਿੰਡੀਕੇਟ ਦੀ ਪ੍ਰੋਸੀਡਿੰਗ ਨਾਲ ਕਥਿਤ ਛੇੜਛਾੜ ਕਰਦਿਆਂ ਇਸ ਫੈਸਲੇ ਨੂੰ ਬਦਲ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਸੰਘਰਸ਼ ਕਰ ਰਹੇ ਸਾਰੇ ਅਧਿਆਪਕ ਯੂ.ਜੀ.ਸੀ. ਨੈੱਟ, ਐੱਮ.ਫਿਲ ਅਤੇ ਪੀ.ਐੱਚ.ਡੀ. ਵਰਗੀਆਂ ਉੱਚ ਡਿਗਰੀਆਂ ਪ੍ਰਾਪਤ ਹਨ ਅਤੇ ਸਹਾਇਕ ਪ੍ਰੋਫੈਸਰ ਬਣਨ ਦੀਆਂ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ। ਇਹ ਅਧਿਆਪਕ ਪਿਛਲੇ 10-10 ਸਾਲਾਂ ਤੋਂ ਕਾਂਸਟੀਚੂਐਂਟ ਕਾਲਜਾਂ ਅਤੇ ਨੇਬਰਹੁੱਡ ਕੈਂਪਸਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਜਲਦ ਹੀ ਇਸ ਫੈਸਲੇ ਨੂੰ ਵਾਪਸ ਲੈ ਕੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਧਰਨੇ ਨੂੰ ਡਾ. ਗੁਰਦਾਸ ਸਿੰਘ, ਡਾ. ਬੇਅੰਤ ਸਿੰਘ, ਡਾ. ਗੁਰਸੇਵਕ ਸਿੰਘ ਅਤੇ ਡਾ. ਬਲਵਿੰਦਰ ਸਿੰਘ ਨੇ ਸੰਬੋਧਨ ਕੀਤਾ, ਜਦਕਿ ਸਟੇਜ ਦੀ ਕਾਰਵਾਈ ਪ੍ਰੋ. ਗੁਰਵਿੰਦਰ ਸਿੰਘ ਵੱਲੋਂ ਬਾਖੂਬੀ ਚਲਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਗੈਸਟ ਫੈਕਲਟੀ ਅਧਿਆਪਕ ਹਾਜ਼ਰ ਸਨ।