- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਗਮ ਚੋਣ: ਵਾਰਡ 40 ’ਚ ਸੂਟ, ਘੜੀਆਂ ਅਤੇ ਪਰਸ ਵੰਡਣ ਦਾ ਮਾਮਲਾ ਭਖਿਆ

ਨਵਦੀਪ ਢੀਂਗਰਾ, ਪੰਜਾਬੀ ਜਾਗਰਣ
ਪਟਿਆਲਾ : ਨਗਰ ਨਿਗਮ ਦੀ ਜ਼ਿਮਨੀ ਚੋਣ ਦੌਰਾਨ ਵਾਰਡ ਨੰਬਰ 40 ਵਿੱਚ ਵੋਟਰਾਂ ਨੂੰ ਭਰਮਾਉਣ ਲਈ ਕਥਿਤ ਤੌਰ ’ਤੇ ਸੂਟ, ਘੜੀਆਂ ਅਤੇ ਪਰਸ ਵੰਡੇ ਜਾਣ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਨੁਜ ਖੋਸਲਾ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਨੂ ਕੱਕੜ ਨੇ ਇੱਕ-ਦੂਜੇ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਹਨ। ਫਿਲਹਾਲ ਦੋਵਾਂ ਧਿਰਾਂ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਦੋਸ਼ਾਂ ਕਾਰਨ ਵਾਰਡ 40 ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਦੋਵਾਂ ਉਮੀਦਵਾਰਾਂ ਨੇ ਚੋਣ ਕਮਿਸ਼ਨ ਤੋਂ ਨਿਰਪੱਖ ਕਾਰਵਾਈ ਦੀ ਮੰਗ ਕੀਤੀ ਹੈ।
- ਭਾਜਪਾ ਉਮੀਦਵਾਰ ਵੱਲੋਂ ਡੀਸੀ ਦੀ ਰਿਹਾਇਸ਼ ਅੱਗੇ ਨਾਅਰੇਬਾਜ਼ੀ
ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਭਾਜਪਾ ਉਮੀਦਵਾਰ ਅਨੁਜ ਖੋਸਲਾ ਨੇ ਇੰਟਰਨੈੱਟ ਮੀਡੀਆ ’ਤੇ ਲਾਈਵ ਹੋ ਕੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਲੋਂ ਵਾਰਡ ਵਿੱਚ ਘਰ-ਘਰ ਜਾ ਕੇ ਔਰਤਾਂ ਨੂੰ ਸੂਟ ਵੰਡੇ ਜਾ ਰਹੇ ਹਨ। ਖੋਸਲਾ ਨੇ ਕਿਹਾ ਕਿ ਵਿਰੋਧੀ ਉਮੀਦਵਾਰ ਵਾਰ 200 200 ਰੁਪਏ ਦੇ ਸੂਟ ਵੰਡ ਕੇ ਵੋਟਰਾਂ ਨੂੰ ਭਰਮਾਉਣਾ ਚਾਹੁੰਦਾ ਹੈ। ਖੋਸਲਾ ਨੇ ਕਿਹਾ ਸੱਤਾਧਿਰ ਦੇ ਉਮੀਦਵਾਰ ਵੱਲੋਂ ਸ਼ੇਰਆਮ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ ਪਰ ਪ੍ਰਸ਼ਾਸਨ ਦਾ ਇਨਾਂ ਵੱਲ ਧਿਆਨ ਨਹੀਂ ਜਾ ਰਿਹਾ ਹੈ। ਕਾਰਵਾਈ ਦੇ ਮੰਗ ਨੂੰ ਲੈ ਕੇ ਰਾਤ ਨੂੰ ਅਨੁਜ ਖੋਸਲਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਜੈਨ ਦੀ ਸਰਕਾਰੀ ਰਿਹਾਇਸ਼ ਵਿਖੇ ਪੁੱਜੇ। ਦਰਵਾਜਾ ਨਾ ਖੁੱਲਣ ’ਤੇ ਖੋਸਲਾ ਵੱਲੋਂ ਡੀਸੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਕਥਿਤ ਉਲੰਘਣਾ ਦੇ ਵਿਰੋਧ ਵਿੱਚ ਦੇਰ ਰਾਤ ਭਾਜਪਾ ਉਮੀਦਵਾਰ ਨੇ ਆਪਣੇ ਸਮਰਥਕਾਂ ਸਮੇਤ ਡਿਪਟੀ ਕਮਿਸ਼ਨਰ ਦੀ ਸਰਕਾਰੀ ਰਿਹਾਇਸ਼ ਅੱਗੇ ਪਹੁੰਚ ਕੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਨੁਜ ਖੋਸਲਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ‘ਆਪ’ ਉਮੀਦਵਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
- ‘ਆਪ’ ਉਮੀਦਵਾਰ ਦਾ ਜਵਾਬੀ ਹਮਲਾ
ਦੂਜੇ ਪਾਸੇ, ਆਮ ਆਦਮੀ ਪਾਰਟੀ ਦੇ ਉਮੀਦਵਾਰ ਸੋਨੂ ਕੱਕੜ ਨੇ ਭਾਜਪਾ ਉਮੀਦਵਾਰ ਅਨੁਜ ਖੋਸਲਾ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ’ਤੇ ਹੀ ਵਾਰਡ ਵਿੱਚ ਆਪਣੀ ਤਸਵੀਰ ਵਾਲੀਆਂ ਘੜੀਆਂ ਘਰ-ਘਰ ਵੰਡਣ ਦੇ ਜਵਾਬੀ ਦੋਸ਼ ਲਗਾਏ ਹਨ। ਸੋਨੂ ਕੱਕੜ ਨੇ ਕਿਹਾ ਕਿ ਭਾਜਪਾ ਉਮੀਦਵਾਰ ‘ਆਪ’ ਦੀ ਯਕੀਨੀ ਜਿੱਤ ਨੂੰ ਦੇਖ ਕੇ ਘਬਰਾ ਗਏ ਹਨ ਅਤੇ ਵੋਟਰਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਹੰਗਾਮਾ ਅਤੇ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਵੀ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚੋਣਾਂ ਦੌਰਾਨ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ, ਤਾਂ ਜੋ ਚੋਣ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕੇ।
ਦੋਵੇਂ ਧਿਰਾਂ ਦੀਆਂ ਸ਼ਿਕਾਇਤਾਂ ਪੁੱਜੀਆਂ, ਜਾਂਚ ਹੋਵੇਗੀ : ਏਡੀਸੀ ਵਧੀਕ ਡਿਪਟੀ ਕਮਿਸ਼ਨਰ ਸੁਨੀਲ ਫੋਗਾਟ ਦਾ ਕਹਿਣਾ ਹੈ ਕਿ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿਚ ਹੈ। ਦੋਵੇਂ ਪਾਰਟੀਆਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ। ਆਰਓ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਟੀਮਾਂ ਵੱਲੋਂ ਵਾਰਡ ਵਿਚ ਜਾ ਕੇ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਤੇ ਜਿੱਥੇ ਵੀ ਕੋਈ ਗਲਤ ਪਾਇਆ ਜਾਂਦਾ ਹੈ ਤਾਂ ਨਿਯਮਾਂ ਅਨੁਸਾਰ ਕਾਰਵਾਈ ਜ਼ਰੂਰ ਹੋਵੇਗੀ।