ਨਿਗਮ ਚੋਣਾਂ ’ਚ ਪ੍ਰਚਾਰ ਲਈ ਪੁੱਜੇ ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ ਨਿਗਮ ਚੋਣਾਂ ’ਚ ਪ੍ਰਚਾਰ ਲਈ ਪੁੱਜੇ ਕਾਂਗਰਸ ਸੂਬਾ ਪ੍ਰਧਾਨ ਪਰਗਟ ਸਿੰਘ
Publish Date: Wed, 25 Nov 2026 06:07 PM (IST)
Updated Date: Wed, 25 Nov 2026 06:10 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾਰਡ ਨੰਬਰ 45 ਵਿੱਚ ਕਾਂਗਰਸ ਵੱਲੋਂ ਚੋਣ ਜਨਸਭਾ ਕਰਵਾਈ ਗਈ। ਇਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਕਾਕਾ ਰਾਜਿੰਦਰ ਸਿੰਘ ਸਮੇਤ ਜ਼ਿਲ੍ਹੇ ਦੀ ਕਾਂਗਰਸ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ਨਿਗਮ ਚੋਣ ਪ੍ਰਚਾਰ ਦੌਰਾਨ ਪਰਗਟ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਕਾਂਗਰਸ ਦੀ ਪਹਿਲੀ ਮੀਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੂਚੀ ਜਾਰੀ ਕੀਤੀ ਜਾਵੇਗੀ। ਉਮੀਦਵਾਰਾਂ ਦੀ ਚੋਣ ਲਈ ਪਾਰਟੀ ਆਪਣੇ ਮਾਪਦੰਡ ਤੈਅ ਕਰ ਰਹੀ ਹੈ। ਜਨਸਭਾ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸਿਆਸੀ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਸਰਕਾਰ ਦਾ ਅਸਲੀ ਚਿਹਰਾ ਜਨਤਾ ਦੇ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤੰਜ ਕੱਸਦਿਆਂ ਕਿਹਾ ਕਿ ਪਹਿਲਾਂ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਡੀਐੱਨਏ ਟੈਸਟ ਕਰਵਾਉਣ ਦੀ ਗੱਲ ਕਹੀ ਜਾਂਦੀ ਸੀ, ਪਰ ਹੁਣ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਕਿਸ ਦਾ ਡੀਐੱਨਏ ਟੈਸਟ ਕਰਵਾਇਆ ਜਾਵੇ। ਪਰਗਟ ਸਿੰਘ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਨਾਮ ਲੈਂਦਿਆਂ ਸੂਬੇ ਵਿੱਚ ਮੈਡੀਕਲ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਜਨਤਾ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਪਰੇਸ਼ਾਨ ਹੈ। ਨਗਰ ਨਿਗਮ ਚੋਣਾਂ ਦਾ ਜ਼ਿਕਰ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪਟਿਆਲਾ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਦੁਬਾਰਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਨਿਰਪੱਖ ਹੋ ਕੇ ਨਿਭਾਉਣ ਅਤੇ ਕਿਸੇ ਸਿਆਸੀ ਪਾਰਟੀ ਦੇ ਵਰਕਰ ਵਾਂਗ ਕੰਮ ਨਾ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਕਿਸੇ ਦੀ ਮਦਦ ਦੀ ਲੋੜ ਨਹੀਂ ਹੈ। ਪਾਰਟੀ ਕੋਲ ਮਜ਼ਬੂਤ ਕੈਡਰ ਅਤੇ ਤਜਰਬੇਗਾਰ ਲੀਡਰਸ਼ਿਪ ਹੈ। ਪਰਗਟ ਸਿੰਘ ਨੇ ਪੰਜਾਬ ਸਰਕਾਰ ਦੀ ਰੈਲੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਰੈਲੀ ਲਈ ਸਰਕਾਰੀ ਮਸ਼ੀਨਰੀ ਅਤੇ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਦੋਂਕਿ ਆਮ ਲੋਕਾਂ ਨੂੰ ਕਈ ਦਿਨਾਂ ਤੋਂ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਝੋਨੇ ਦੀ ਖ਼ਰੀਦ ਦਾ ਮੁੱਦਾ ਚੁੱਕਦਿਆਂ ਪਰਗਟ ਸਿੰਘ ਨੇ ਕਿਹਾ ਕਿ ਅਜੇ ਵੀ ਕਰੀਬ 25 ਤੋਂ 30 ਫ਼ੀਸਦੀ ਝੋਨਾ ਮੰਡੀਆਂ ਵਿੱਚ ਪਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਦਾ ਭਰੋਸਾ ਦਿੱਤਾ ਸੀ, ਪਰ ਜ਼ਮੀਨੀ ਪੱਧਰ ਤੇ ਕਿਸਾਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੀ ਖ਼ੁਸ਼ਹਾਲੀ ਖੇਤਾਂ ਵਿੱਚੋਂ ਨਿਕਲ ਕੇ ਬਾਜ਼ਾਰਾਂ ਤੱਕ ਪਹੁੰਚਦੀ ਹੈ। ਖੇਤੀ ਸਿਰਫ਼ ਕਾਰੋਬਾਰ ਨਹੀਂ, ਸਗੋਂ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਵਸਥਾ ਦਾ ਆਧਾਰ ਵੀ ਹੈ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੇ ਵੀ ਮੰਡੀ ਪ੍ਰਬੰਧ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ। ਨਾਲ ਹੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮੰਡੀ ਪ੍ਰਬੰਧ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸੂਬੇ ਵਿੱਚ ਬਿਜਲੀ ਕੱਟਾਂ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਅੱਜ ਵੀ ਕਈ ਇਲਾਕਿਆਂ ਵਿੱਚ ਲੰਬੇ ਬਿਜਲੀ ਕੱਟ ਲੱਗ ਰਹੇ ਹਨ।