- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਰਨੇ ’ਤੇ ਬੈਠੇ ਸਹਾਇਕ ਪ੍ਰੋਫੈਸਰਾਂ ਨੂੰ ਪੰਜਾਬੀ ਯੂਨੀਵਰਸਿਟੀ ਵਲੋਂ ਨੋਟਿਸ ਜਾਰੀ

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸਾਂ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਸੇਵਾਵਾਂ ਨਿਭਾਅ ਰਹੇ ਗੈਸਟ ਪ੍ਰੋਫੈਸਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਮੂਹਰੇ ਲਾਇਆ ਗਿਆ ਪੱਕਾ ਧਰਨਾ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦੂਜੇ ਪਾਸੇ, ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕੱਢਣ ਦੀ ਬਜਾਏ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਿਵਲ ਅਦਾਲਤ ਪਟਿਆਲਾ ਦਾ ਇੱਕ ਨੋਟਿਸ ਸੌਂਪਦਿਆਂ ਧਰਨਾ ਯੂਨੀਵਰਸਿਟੀ ਦੀ ਹੱਦ ਤੋਂ 300 ਮੀਟਰ ਬਾਹਰ ਜਾਂ ਇੰਜਨੀਅਰਿੰਗ ਵਿਭਾਗ ਦੇ ਪਿਛਲੇ ਗਰਾਊਂਡ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਹਾਇਕ ਪ੍ਰੋਫੈਸਰ ਯੂਨੀਅਨ (ਗੈਸਟ ਫੈਕਲਟੀ) ਦੇ ਆਗੂਆਂ ਨੇ ਪ੍ਰਸ਼ਾਸਨ ਦੇ ਇਸ ਕਦਮ ਨੂੰ ਅਣ-ਲੋਕਤੰਤਰੀ ਕਰਾਰ ਦਿੰਦਿਆਂ ਸਖ਼ਤ ਨਿਖੇਧੀ ਕੀਤੀ ਹੈ। ਆਗੂਆਂ ਨੇ ਦੱਸਿਆ ਕਿ ਯੂਨੀਵਰਸਿਟੀ ਅਥਾਰਟੀ ਨੇ ਪਹਿਲਾਂ ਵਾਅਦਾ ਕੀਤਾ ਸੀ ਕਿ ਪੂਰਾ ਸਾਲ ਰੈਗੂਲਰ ਅਧਿਆਪਕਾਂ ਵਾਂਗ ਕੰਮ ਕਰਨ ਵਾਲੇ ਇਨ੍ਹਾਂ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਪਾਲਿਸੀ ਅਧੀਨ ਲਿਆ ਕੇ ਸਿੰਡੀਕੇਟ ਵਿੱਚ ਫਿਕਸ ਕਰਨ ਦਾ ਮਤਾ ਪਾਸ ਕੀਤਾ ਜਾਵੇਗਾ ਅਤੇ ਹਰ ਸਾਲ 3 ਫੀਸਦੀ ਸਾਲਾਨਾ ਵਾਧਾ (ਇੰਕਰੀਮੈਂਟ) ਵੀ ਦਿੱਤਾ ਜਾਵੇਗਾ। ਪ੍ਰੰਤੂ, 22 ਅਕਤੂਬਰ 2026 ਨੂੰ ਹੋਈ ਸਿੰਡੀਕੇਟ ਦੀ ਮੀਟਿੰਗ ਵਿੱਚ ਸੇਵਾਵਾਂ ਪੱਕੀਆਂ ਕਰਨ ਦੀ ਬਜਾਏ ਅਧਿਆਪਕਾਂ ਦੀ ਪਹਿਲਾਂ ਮਿਲਦੀ ਲੈਕਚਰ ਆਧਾਰਿਤ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਨੂੰ ਘਟਾ ਕੇ 45 ਹਜ਼ਾਰ ਰੁਪਏ ਕਰ ਦਿੱਤਾ ਗਿਆ।