ਐੱਨਐੱਚਐੱਮ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ
ਐਨਐੱਚਐਮ ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ
Publish Date: Thu, 25 Jun 2026 06:07 PM (IST)
Updated Date: Fri, 26 Jun 2026 04:07 AM (IST)

ਸੀਐੱਮ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸ਼ੁਰੂ ਕੀਤੀ ਹੜਤਾਲ ਵੀਰਵਾਰ ਚੌਥੇ ਦਿਨ ਵੀ ਜਾਰੀ ਰਹੀ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਾ ਦਿਖਾਏ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਵੀਰਪਾਲ ਕੌਰ ਨੇ ਕਿਹਾ ਕਿ ਐਨਐਚਐਮ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਕੋਵਿਡ ਮਹਾਂਮਾਰੀ, ਟੀ.ਬੀ. ਮੁਕਤ ਪੰਜਾਬ ਮੁਹਿੰਮ, ਐਨ.ਸੀ.ਡੀ. ਸਕ੍ਰੀਨਿੰਗ, ਮਾਤਾ-ਬਾਲ ਸਿਹਤ ਸੇਵਾਵਾਂ, ਟੀਕਾਕਰਨ ਅਤੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ ਐਨਐਚਐਮ ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਐਨਐਚਐਮ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਐਨਐਚਐਮ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਨਾ, ਲੌਇਲਟੀ ਬੋਨਸ ਦੀ ਬਹਾਲੀ, ਤਨਖਾਹਾਂ ਵਿੱਚ ਵਾਜਬ ਵਾਧਾ ਕਰਨਾ, ਸੇਵਾ ਸੁਰੱਖਿਆ ਪ੍ਰਦਾਨ ਕਰਨਾ, ਤਰੱਕੀ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਹੋਰ ਲੰਬਿਤ ਮੰਗਾਂ ਦਾ ਹੱਲ ਕਰਨਾ ਸ਼ਾਮਲ ਹੈ। ਐਨਐਚਐਮ ਮੁਲਾਜ਼ਮਾਂ ਅਤੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ-ਪੱਤਰ ਪ੍ਰਸ਼ਾਸਨਿਕ ਅਦਧਿਕਾਰੀ ਨੂੰ ਸੌਂਪਿਆ ਗਿਆ। ਮੰਗ-ਪੱਤਰ ਰਾਹੀਂ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ, ਚੱਲ ਰਹੀ ਹੜਤਾਲ ਅਤੇ ਪੰਜਾਬ ਦੀਆਂ ਪ੍ਰਭਾਵਿਤ ਹੋ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਜਲਦ ਦਖ਼ਲ ਦੇ ਕੇ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਗਈ। ਆਗੂਆਂ ਨੇ ਕਿਹਾ ਕਿ 22 ਜੂਨ ਤੋਂ ਸ਼ੁਰੂ ਹੋਈ ਹੜਤਾਲ ਕਾਰਨ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਪ੍ਰੰਤੂ ਸਰਕਾਰ ਵੱਲੋਂ ਹਾਲੇ ਤੱਕ ਕੋਈ ਠੋਸ ਪਹਿਲ ਨਹੀਂ ਕੀਤੀ ਗਈ। ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦੇ ਹੱਲ ਲਈ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ 2 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਐਨਐਚਐਮ ਮੁਲਾਜ਼ਮ ਅਤੇ ਕਮਿਊਨਟੀ ਹੈਲਥ ਅਫ਼ਸਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਤੱਕ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ ਅਤੇ ਸਿਹਤ ਸੇਵਾਵਾਂ ਦੇ ਪ੍ਰਭਾਵਿਤ ਹੋਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਪ੍ਰੈਸ ਸੈਕਟਰੀ ਕਮਲ ਕਲਿਆਣ, ਅਕਾਸ਼ਦੀਪ, ਸੰਦੀਪ ਦਾਨੀਆ, ਡਾ. ਜਸਪ੍ਰੀਤ, ਸਿੰਪਲ ਸ਼ਰਮਾ ਮੌਜੂਦ ਸਨ।