ਸਿਹਤ ਮੰਤਰੀ ਦੀ ਰਿਹਾਇਸ਼ ਨੇੜੇ ਗਰਜੇ ਐੱਨਐੱਚਐੱਮ ਕਾਮੇ ਸਿਹਤ ਮੰਤਰੀ ਦੀ ਰਿਹਾਇਸ਼ ਨੇੜੇ ਗਰਜੇ ਐਨਐਚਐਮ ਕਾਮੇ
Publish Date: Tue, 08 Sep 2026 06:24 PM (IST)
Updated Date: Tue, 08 Sep 2026 06:25 PM (IST)
ਪਰਗਟ ਸਿੰਘ•, ਪੰਜਾਬੀ ਜਾਗਰਣ, •ਪਟਿਆਲਾ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਸੂਬੇ ਭਰ ਤੋਂ ਵੱਡੀ ਗਿਣਤੀ ’ਚ ਪਹੁੰਚੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸਥਾਨਕ ਪੁੱਡਾ ਗਰਾਊਂਡ ਵਿਖੇ ਸਿਹਤ ਮੰਤਰੀ ਪੰਜਾਬ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਗਈ। ਰੈਲੀ ਉਪਰੰਤ ਮੁਲਾਜ਼ਮਾਂ ਨੇ ਪੁਡਾ ਗਰਾਊਂਡ ਤੋਂ ਸਿਹਤ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੱਢਿਆ, ਜਿਸ ਨੂੰ ਪੁਲਿਸ ਪ੍ਰਸ਼ਾਸਨ ਨੇ ਰਸਤੇ ’ਚ ਰੋਕ ਲਿਆ ਤੇ ਮੁਲਾਜ਼ਮਾਂ ਨੇ ਉਥੇ ਹੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਸੰਦੀਪ ਕੌਰ ਨੇ ਕਿਹਾ ਕਿ ਵਿਭਾਗ ਨਾਲ ਤਕਰੀਬਨ 52 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਰਕਾਰ ਵੱਲੋਂ ਸਿਰਫ਼ ਲਾਰੇ ਲਾਉਣ ਤੇ ਡੰਗ ਟਪਾਊ ਨੀਤੀ ਹੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਸੂਬੇ ਭਰ ਦੇ ਐੱਨਐੱਚਐੱਮ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵਿਭਾਗ ਨਾਲ ਹੋਈ ਮੀਟਿੰਗ ਦੌਰਾਨ ਸਿਹਤ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਬਜਾਏ ,ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਰਵੱਈਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਛੇਤੀ ਹੱਲ ਨਾ ਕੀਤੀਆਂ ਗਈਆਂ ਤਾਂ ਸਿਹਤ ਮੰਤਰੀ ਦੀ ਕੋਠੀ ਬਾਹਰ ਪੱਕਾ ਧਰਨਾ ਲਗਾਇਆ ਜਾਵੇਗਾ। ਸੰਦੀਪ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਅਨਮੋਲ ਗਗਨ ਮਾਨ ਅਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਅਤੇ ਹੋਰ ਬਹੁਤ ਸਾਰੇ ਆਗੂਆਂ ਵੱਲੋਂ ਐਨ.ਐਚ.ਐਮ. ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਵਿੱਚ ਖ਼ੁਦ ਦਰੀਆਂ ’ਤੇ ਬੈਠ ਕੇ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਨੂੰ ਫੌਰੀ ਤੌਰ ’ਤੇ ਪੱਕਾ ਕੀਤਾ ਜਾਵੇਗਾ ਪਰ ਪੱਕਾ ਕਰਨ ਦੀ ਗੱਲ ਤਾਂ ਦੂਰ, ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਵਿੱਚ ਇੱਕ ਪੈਸੇ ਦਾ ਵਾਧਾ ਤੱਕ ਨਹੀਂ ਕੀਤਾ ਗਿਆ। ਡਾਕਟਰ ਵਾਹਿਦ ਮਲੇਰਕੋਟਲਾ ਨੇ ਕਿਹਾ ਕਿ ਸਿਹਤ ਵਿਭਾਗ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਦਿਨ-ਰਾਤ ਇੱਕ ਕਰਕੇ ਲੋਕਾਂ ਦੀ ਸਿਹਤ ਸੇਵਾ ਵਿੱਚ ਨਿਗੂਣੀਆਂ ਤਨਖਾਹਾਂ ’ਤੇ ਆਪਣਾ ਯੋਗਦਾਨ ਪਾ ਰਹੇ ਹਨ ਪਰ ਉਹਨਾਂ ਨੂੰ ਨੌਕਰੀ ਦੀ ਕੋਈ ਸੁਰੱਖਿਆ ਨਹੀਂ ਮਿਲ ਰਹੀ। ਜਗਦੇਵ ਸਿੰਘ ਮਾਨਸਾ, ਸੁਖਜੀਤ ਕੰਬੋਜ ਰੋਪੜ, ਗੁਲਸ਼ਨ ਸ਼ਰਮਾ, ਫਰੀਦਕੋਟ ਨੇ ਕਿਹਾ ਕਿ ਯੂਨੀਅਨ ਪਿਛਲੇ ਲੰਮੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਸਾਹਮਣੇ ਰੱਖਦੀ ਆ ਰਹੀ ਹੈ, ਪਰ ਸਰਕਾਰ ਦੀ ਬੇਰੁਖ਼ੀ ਕਾਰਨ ਹੁਣ ਮੁਲਾਜ਼ਮਾਂ ਨੂੰ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਅਮਨਦੀਪ ਸਿੰਘ ਅਤੇ ਦਿਨੇਸ਼ ਗਰਗ ਪਟਿਆਲਾ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਕੋਈ ਗੰਭੀਰਤਾ ਨਹੀਂ ਦਿਖਾਉਂਦੀ ਤਾਂ ਇਹ ਸੰਘਰਸ਼ ਸਿਰਫ਼ ਇੱਥੇ ਹੀ ਸੀਮਤ ਨਹੀਂ ਰਹੇਗਾ, ਆਉਣ ਵਾਲੇ ਦਿਨਾਂ ਵਿੱਚ ਵਿੱਤ ਮੰਤਰੀ ਪੰਜਾਬ ਅਤੇ ਮੁੱਖ ਮੰਤਰੀ ਪੰਜਾਬ ਦੇ ਹਲਕਿਆਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਯੂਨੀਅਨ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਸੈਂਕੜੇ ਮੁਲਾਜ਼ਮ ਹਾਜ਼ਰ ਸਨ, ਜਿਹਨਾਂ ਨੇ ਰੈਲੀ ਅਤੇ ਮਾਰਚ ਦੌਰਾਨ ਪੂਰੇ ਜੋਸ਼ੋ-ਖਰੋਸ਼ ਨਾਲ ਸ਼ਮੂਲੀਅਤ ਕੀਤੀ। - 11 ਸਤੰਬਰ ਨੂੰ ਸਿਹਤ ਮੰਤਰੀ ਨਾਲ ਮੀਟਿੰਗ ਧਰਨੇ ਦੌਰਾਨ ਜਿਲ੍ਹਾ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ 11 ਸਤੰਬਰ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਬੈਠਕ ਤਹਿ ਕਰਵਾਈ ਹੈ, ਜਿਸ ਸਬੰਧੀ ਪ੍ਰਸ਼ਾਸਨ ਵੱਲੋਂ ਲਿਖਤੀ ਪੱਤਰ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਦੇ ਆਗੂਆਂ ਨੂੰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਸੰਦੀਪ ਕੌਰ ਨੇ ਧਰਨਾ ਖਤਮ ਕਰਨ ਦਾ ਐਲਾਨ ਕਰਦਿਆ ਦੱਸਿਆ ਕਿ ਜੇਕਰ 11 ਸਤੰਬਰ ਨੂੰ ਮੰਗਾਂ ਸਬੰਧੀ ਕੋਈ ਹੱਲ ਨਾ ਨਿਕਲਿਆ ਤਾਂ ਉਹ 15 ਸਤੰਬਰ ਨੂੰ ਵਿੱਤ ਮੰਤਰੀ ਦੇ ਹਲਕੇ ’ਚ ਰੋਸ਼ ਰੈਲੀ ਕਰਨਗੇ।