ਸਰਕਾਰ ਦਾ ਮਹਿਲਾਵਾਂ ਦੇ ਸਨਮਾਨ ਤੇ ਸਸ਼ਕਤੀਕਰਨ ਵੱਲ ਅਹਿਮ ਕਦਮ : ਮਿੱਤਲ
ਪੰਜਾਬ ਸਰਕਾਰ ਦਾ ਮਹਿਲਾਵਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਅਹਿਮ ਕਦਮ: ਵਿਧਾਇਕਾ ਨੀਨਾ ਮਿੱਤਲ
Publish Date: Sun, 15 Mar 2026 04:06 PM (IST)
Updated Date: Sun, 15 Mar 2026 04:09 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਆਗਾਜ਼ ਦੀ ਖੁਸ਼ੀ ਵਿੱਚ ਰਾਜਪੁਰਾ ਸ਼ਹਿਰ ਵਿੱਚ ਮਹਿਲਾਵਾਂ ਵੱਲੋਂ ਉਤਸ਼ਾਹਪੂਰਵਕ ਜਾਗੋ ਰੈਲੀ ਕੱਢੀ ਗਈ। ਇਹ ਰੈਲੀ ਟਾਹਲੀ ਵਾਲਾ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਗੁਜ਼ਰੀ, ਜਿਸ ’ਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਇਹ ਇਤਿਹਾਸਕ ਕਦਮ ਚੁੱਕਿਆ ਹੈ। ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਜਦਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਭੈਣਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਪ੍ਰਦਾਨ ਕੀਤੇ ਜਾਣਗੇ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਆਮ ਲੋਕਾਂ ਅਤੇ ਖਾਸ ਕਰਕੇ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਨਾਲ ਹੀ ਪਰਿਵਾਰ ਅਤੇ ਸਮਾਜ ਮਜ਼ਬੂਤ ਹੁੰਦੇ ਹਨ, ਇਸ ਲਈ ਸਰਕਾਰ ਵੱਲੋਂ ਮਹਿਲਾਵਾਂ ਦੇ ਹੱਕਾਂ ਅਤੇ ਸਸ਼ਕਤੀਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।