ਐੱਨਐੱਚਐੱਮ ਮੁਲਾਜ਼ਮਾਂ ਦੀ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਐਨਐਚਐਮ ਮੁਲਾਜ਼ਮਾ ਦੀ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ
Publish Date: Mon, 23 Nov 2026 05:09 PM (IST)
Updated Date: Mon, 23 Nov 2026 05:10 PM (IST)
ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ) ਅਧੀਨ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਦੇ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਤੇ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿਚ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ’ਚ ਲਿਆ ਰਹੇ ਹਨ, ਪਰੰਤੂ ਅਜੇ ਤੱਕ ਇਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਨਿਕਲ ਸਕਿਆ। ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਯੂਨੀਅਨ ਵੱਲੋਂ ਸਰਕਾਰ ਨਾਲ ਵੱਖ-ਵੱਖ ਪੱਧਰਾਂ ਤੇ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਹਰ ਵਾਰ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕਰਨ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਲਾਜ਼ਮ ਭਲਾਈ ਕਮੇਟੀ ਦੇ ਗਠਨ ਅਤੇ ਇਸ ਰਾਹੀਂ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਦਿਸ਼ਾ ’ਚ ਕੋਈ ਠੋਸ ਪ੍ਰਗਤੀ ਨਾ ਹੋਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮਾਂ ਨੂੰ ਆਸ ਹੈ ਕਿ ਇਸ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਕੋਈ ਸਾਰਥਕ ਤੇ ਸਥਾਈ ਹੱਲ ਕੱਢਿਆ ਜਾਵੇਗਾ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਮਨਦੀਪ ਸਿੰਘ ਪਟਿਆਲਾ ਤੇ ਦਿਨੇਸ਼ ਗਰਗ ਪਟਿਆਲਾ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਦੀ ਮੀਟਿੰਗ ’ਚ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਸਾਰਥਕ ਨਤੀਜਾ ਨਹੀਂ ਨਿਕਲਦਾ ਤੇ ਕੋਈ ਠੋਸ ਫੈਸਲਾ ਨਹੀਂ ਲਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇੱਕ ਵੱਡੇ ਕੈਬਨਿਟ ਮੰਤਰੀ ਖ਼ਿਲਾਫ਼ ਉਨਾਂ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਹੜਤਾਲ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਡਾ. ਕੁਲਵਿੰਦਰ ਹਰੀਸ਼, ਗੁਰਦੇਵ,ਡਾ.ਲਖਵਿੰਦਰ, ਨਵਦੀਪ, ਮੈਡਮ ਸੋਨਿਕਾ, ਰਿੰਕੂ ਰਾਣੀ ਤੇ ਮਨਪ੍ਰੀਤ ਕੌਰ ਆਦਿ ਆਗੂ ਹਾਜ਼ਰ ਸਨ।