ਸਟਾਫ ਰਿਪੋਰਟਰ, ਪਟਿਆਲਾ : ਪੰਜਾਬੀ ਯੂਨੀਵਰਸਿਟੀ ’ਚ ਹੁਣ ਬੁਲਟ ਮੋਟਰਸਾਈਕਲ ਦੇ ਪਾਟਕੇ ਮਾਰਨ ਵਾਲਿਆਂ ਦੀ ਖੈਰ ਨਹੀਂ ਹੋਵੇਗੀ। ਅਥਾਰਟੀ ਵੱਲੋਂ ਵਰਸਿਟੀ ’ਚ ਸ਼ਰਾਰਤੀ ਮੋਟਰਸਾਈਕਲ ਚਾਲਕਾਂ ਨੂੰ ਨੱਥ ਪਾਉਣ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰ ਕੇ ਵਿਦਿਆਰਥੀਆਂ ਨੂੰ ਚੇਤਾਵਨੀ ਦੇ ਦਿੱਤੀ ਗਈ ਹੈ। ਇਸ ਤੋਂ ਬਾਅਦ ਵੀ ਬੁਲਟ ਮੋਟਰਸਾਈਕਲ ਚਾਲਕਾਂ ਵੱਲੋਂ ਸੁਧਾਰ ਨਾ ਕਰਨ ’ਤੇ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਅਥਾਰਟੀ ਵੱਲੋਂ ਕੈਂਪਸ ਦੇ ਅੰਦਰ ਬੁਲਟ ਮੋਟਰਸਾਈਕਲ ਦੀ ਗੇੜੀਆਂ ’ਤੇ ਵੀ ਰੋਕ ਲਾਉਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਧਿਕਾਰੀ ਨੇ ਵੱਖ-ਵੱਖ ਵਿਭਾਗਾਂ ਤੇ ਹੋਸਟਲ ਵਾਰਡਨ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ’ਚ ਕਿਹਾ ਗਿਆ ਹੈ ਕਿ ਯੂਨੀਵਰਸਿਟੀ ਕੈਂਪਸ ’ਚ ਬੁਲਟ ਮੋਟਰਸਾਈਕਲ ਦੀ ਆਵਾਜ਼ ਬਹੁਤ ਜ਼ਿਆਦਾ ਹੈ ਤੇ ਯੂਨੀਵਰਸਿਟੀ ਦਾ ਅਕਾਦਮਿਕ ਵਾਤਾਵਰਨ ਵਿਗੜ ਜਾਂਦਾ ਹੈ। ਪੱਤਰ ’ਚ ਮੁੱਖ ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਉਪ ਕੁਲਪਤੀ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ। ਹੋਸਟਲ ਵਾਰਡਨ ਤੇ ਵਿਭਾਗ ਦੇ ਮੁਖੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਿਦਿਆਰਥੀਆਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦੇਣ ਤੇ ਉਨ੍ਹਾਂ ਨੂੰ ਆਪਣੇ ਮੋਟਰਸਾਈਕਲ ਦਾ ਸਾਈਲੰਸਰ ਠੀਕ ਕਰਨ ਤੇ ਬਦਲਣ ਲਈ ਕਹਿਣ। ਜੇਕਰ ਇਸ ਦੇ ਬਾਵਜੂਦ ਵੀ ਵਿਦਿਆਰਥੀਆਂ ਨੇ ਉਪ ਕੁਲਪਤੀ ਦੀਆਂ ਹਦਾਇਤਾਂ ਦੀ ਪਾਲਣਾ ਨਾ ਕੀਤੀ ਤਾਂ ਸਬੰਧਤ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਤਕਰੀਬਨ ਚਾਰ ਸਾਲ ਪਹਿਲਾਂ ਵੀ ਕੈਂਪਸ ’ਚ ਬੁਲਟ ਮੋਟਰਸਾਈਕਲ ਚਲਾਉਣ ’ਤੇ ਪਾਬੰਦੀ ਲਗਾਈ ਗਈ ਸੀ। ਉਸ ਸਮੇਂ ਵੀ ਯੂਨੀਵਰਸਿਟੀ ਵੱਲੋਂ ਹੋਸਟਲ ਵਾਰਡਨ ਨੂੰ ਸਮੇਤ ਵਿਭਾਗਾਂ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਤੁਰੰਤ ਕਾਬੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਸਨ।

ਪੰਜਾਬੀ ਯੂਨੀਵਰਸਿਟੀ ਦੇ ਮੁੱਖ ਸੁਰੱਖਿਆ ਅਧਿਕਾਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਸਾਰੇ ਵਿਭਾਗੀ ਮੁਖੀਆਂ ਤੇ ਹੋਸਟਲਾਂ ਨੂੰ ਇਸ ਬਾਰੇ ਜਾਣਕਾਰੀ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਗੁਰਤੇਜ ਸਿੰਘ ਨੇ ਕਿਹਾ ਕਿ ਇਸ ਤੋਂ ਬਾਅਦ ਵੀ ਜੋ ਵੀ ਵਿਦਿਆਰਥੀ ਇਨ੍ਹਾਂ ਹਦਾਇਤਾਂ ਨੂੰ ਨਹੀਂ ਮੰਨਦੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Posted By: Susheel Khanna