
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਮੁਲਾਜ਼ਮਾਂ ਨੂੰ ਡੀਏ ਨਾ ਦੇਣਾ ਮੁਲਾਜ਼ਮਾਂ ਨਾਲ ਬੇਇਨਸਾਫ਼ੀ: ਵਿਸ਼ਾਲ ਘਾਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਅਕਾਲੀ ਦਲ ਦੇ ਆਗੂ ਵਿਸ਼ਾਲ ਘਾਰੂ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (ਡੀਏ) ਨਾ ਦਿੱਤੇ ਜਾਣ ’ਤੇ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਸ ਮਸਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਵਿਸ਼ਾਲ ਘਾਰੂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਅਜਿਹੇ ਸਮੇਂ ਵਿਚ ਮੁਲਾਜ਼ਮਾਂ ਨੂੰ ਬਣਦਾ ਡੀਏ ਨਾ ਮਿਲਣਾ ਉਨ੍ਹਾਂ ਨਾਲ ਵੱਡੀ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਦੇ ਵਿੱਤੀ ਹੱਕ ਸਮੇਂ ਸਿਰ ਦਿੱਤੇ ਜਾਣ। ਅਕਾਲੀ ਆਗੂ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਵੀ ਕੀਤਾ ਗਿਆ ਹੈ ਤੇ ਵਿਰੋਧੀ ਪਾਰਟੀਆਂ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੇ ਰੋਸ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਗੱਲਬਾਤ ਕੀਤੀ ਜਾਵੇ ਅਤੇ ਲੰਬਿਤ ਡੀਏ ਸਮੇਤ ਹੋਰ ਜਾਇਜ਼ ਵਿੱਤੀ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਕਰਨ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ।