- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਜੀਨੀਅਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਰਿੱਡਾਂ ਅਤੇ ਡਵੀਜ਼ਨਾਂ ਦੀ ਬਜਾਏ ਨਾਜਾਇਜ਼ ਮਾਈਨਿੰਗ ਰੋਕਣ ਲਈ ਲਗਾਏ ਨਾਕਿਆਂ 'ਤੇ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਨਾਲ ਬਿਜਲੀ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਅਤੇ ਲਗਾਤਾਰ ਚੱਲ ਰਹੇ ਸੰਘਰਸ਼ਾਂ ਨਾਲ ਜੂਝ ਰਿਹਾ ਹੈ। ਹੁਣ ਇੰਜੀਨੀਅਰਾਂ ਨੂੰ ਬਿਜਲੀ ਪ੍ਰਬੰਧਨ ਦੀ ਥਾਂ ਗੈਰ-ਵਿਭਾਗੀ ਡਿਊਟੀਆਂ 'ਤੇ ਤਾਇਨਾਤ ਕਰਨ ਦੇ ਫ਼ੈਸਲੇ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇੰਜੀਨੀਅਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਗਰਿੱਡਾਂ ਅਤੇ ਡਵੀਜ਼ਨਾਂ ਦੀ ਬਜਾਏ ਨਾਜਾਇਜ਼ ਮਾਈਨਿੰਗ ਰੋਕਣ ਲਈ ਲਗਾਏ ਨਾਕਿਆਂ 'ਤੇ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਨਾਲ ਬਿਜਲੀ ਸੇਵਾਵਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ।
ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਕਈ ਜੂਨੀਅਰ ਇੰਜੀਨੀਅਰਾਂ ਦੀਆਂ ਡਿਊਟੀਆਂ ਮਾਈਨਿੰਗ ਚੈਕਿੰਗ ਨਾਕਿਆਂ 'ਤੇ ਲਗਾਈਆਂ ਗਈਆਂ ਸਨ। ਚੈਕਿੰਗ ਦੌਰਾਨ ਕੁਝ ਇੰਜੀਨੀਅਰ ਨਾਕਿਆਂ 'ਤੇ ਹਾਜ਼ਰ ਨਾ ਮਿਲਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਾਵਰਕੌਮ ਵੱਲੋਂ ਉਨ੍ਹਾਂ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤੇ ਗਏ ਹਨ। ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਨਿਰਧਾਰਿਤ ਸਮੇਂ ਵਿੱਚ ਜਵਾਬ ਨਾ ਦਿੱਤਾ ਗਿਆ ਤਾਂ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਤਹਿਤ ਅਨੁਸ਼ਾਸਨੀ ਕਾਰਵਾਈ ਲਈ ਮਾਮਲਾ ਉੱਚ ਅਧਿਕਾਰੀਆਂ ਕੋਲ ਭੇਜਿਆ ਜਾਵੇਗਾ।
ਗੈਰ-ਵਿਭਾਗੀ ਡਿਊਟੀਆਂ ਤੋਂ ਕੀਤਾ ਇਨਕਾਰ
ਪੀਐੱਸਈਬੀ ਇੰਜੀਨੀਅਰਜ਼ ਐਸੋਸੀਏਸ਼ਨ ਨੇ ਇਸ ਮਾਮਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਇੰਜ. ਜਸਵੀਰ ਸਿੰਘ ਧੀਮਾਨ ਅਤੇ ਜਨਰਲ ਸਕੱਤਰ ਇੰਜ. ਅਜੈ ਪਾਲ ਸਿੰਘ ਅਟਵਾਲ ਨੇ ਕਿਹਾ ਕਿ ਇੰਜੀਨੀਅਰਾਂ ਦੀ ਮੁੱਖ ਜ਼ਿੰਮੇਵਾਰੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣਾ ਹੈ, ਨਾ ਕਿ ਮਾਈਨਿੰਗ ਜਾਂ ਹੋਰ ਗੈਰ-ਵਿਭਾਗੀ ਕੰਮ ਕਰਨਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇੰਜੀਨੀਅਰ ਮਾਈਨਿੰਗ ਨਾਕਿਆਂ, ਸਰਵੇ ਜਾਂ ਹੋਰ ਗੈਰ-ਵਿਭਾਗੀ ਡਿਊਟੀਆਂ ਨਹੀਂ ਨਿਭਾਉਣਗੇ ਅਤੇ ਸਰਕਾਰ ਇਨ੍ਹਾਂ ਹੁਕਮਾਂ ਨੂੰ ਤੁਰੰਤ ਵਾਪਸ ਲਵੇ।
ਐਸੋਸੀਏਸ਼ਨ ਨੇ ਇਹ ਵੀ ਮੰਗ ਕੀਤੀ ਹੈ ਕਿ ਅੱਠ ਘੰਟੇ ਦੀ ਡਿਊਟੀ ਤੋਂ ਬਾਅਦ ਕਰਮਚਾਰੀਆਂ ਨੂੰ ਤੁਰੰਤ ਰਿਲੀਵ ਕੀਤਾ ਜਾਵੇ। ਨਾਲ ਹੀ, ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ ਸਿਰਫ਼ ਐਮਰਜੈਂਸੀ ਹਾਲਾਤਾਂ ਵਿੱਚ ਹੀ ਇੰਜੀਨੀਅਰਾਂ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਲਗਾਤਾਰ ਡਿਊਟੀ ਕਾਰਨ ਥਕਾਵਟ ਅਤੇ ਹਾਦਸਿਆਂ ਤੋਂ ਬਚਿਆ ਜਾ ਸਕੇ। ਐਸੋਸੀਏਸ਼ਨ ਨੇ ਸਾਰੇ ਗਰਿੱਡ ਸਬ-ਸਟੇਸ਼ਨਾਂ ਅਤੇ ਦਫ਼ਤਰਾਂ 'ਤੇ ਪੁਲਿਸ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਹੈ।
25-26 ਜੁਲਾਈ ਨੂੰ ਸਮੂਹਿਕ ਛੁੱਟੀ ਦਾ ਐਲਾਨ
ਇਸੇ ਦੌਰਾਨ ਪੀਐੱਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਹੋਰ ਜਥੇਬੰਦੀਆਂ ਨੇ ਲਮਕਦੀਆਂ ਮੰਗਾਂ ਨੂੰ ਲੈ ਕੇ 25 ਅਤੇ 26 ਜੁਲਾਈ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦਾ ਦੋਸ਼ ਹੈ ਕਿ ਸਰਕਾਰ ਅਤੇ ਪਾਵਰਕੌਮ ਪ੍ਰਬੰਧਨ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਰਿਹਾ ਹੈ।
ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਗੱਲਬਾਤ ਕਰਕੇ ਮਸਲੇ ਨਾ ਸੁਲਝਾਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਦੂਜੇ ਪਾਸੇ, ਦੋ ਦਿਨਾਂ ਦੀ ਸਮੂਹਿਕ ਛੁੱਟੀ ਕਾਰਨ ਗਰਿੱਡਾਂ ਅਤੇ ਡਵੀਜ਼ਨਾਂ ਦੀ ਰੁਟੀਨ ਕਾਰਜਪ੍ਰਣਾਲੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਬਿਜਲੀ ਸੇਵਾਵਾਂ 'ਤੇ ਵੀ ਪੈ ਸਕਦਾ ਹੈ।