ਨਰੇਗਾ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਦਰਸ਼ਨ ਨਰੇਗਾ ਮੁਲਾਜ਼ਮਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਦਰਸ਼ਨ
Publish Date: Mon, 06 Jul 2026 04:31 PM (IST)
Updated Date: Tue, 07 Jul 2026 04:00 AM (IST)
7 ਜੁਲਾਈ ਦੀ ਮੀਟਿੰਗ ’ਚ ਵਿਭਾਗ ਮੰਗਾਂ ਤੋਂ ਭੱਜਿਆ ਤਾਂ ਹੋਵੇਗਾ ਅਗਲੇ ਸ਼ੰਘਰਸ਼ ਦਾ ਐਲਾਨ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : 35 ਦਿਨਾਂ ਤੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਏਡੀਸੀ ਦਫ਼ਤਰ (ਜ਼ਿਲ੍ਹਾ ਪਰਿਸ਼ਦ) ਦਫ਼ਤਰ ਅੱਗੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਨਰੇਗਾ ਐਕਸ਼ਨ ਕਮੇਟੀ ਦੇ ਆਗੂਆਂ ਰਣਧੀਰ ਸਿੰਘ ਧੀਮਾਨ ਤੇ ਸੰਜੀਵ ਕੁਮਾਰ ਕਾਕੜਾ ਨੇ ਦੱਸਿਆ ਕਿ ਪਿਛਲੇ ਦਿਨੀਂ 2 ਜੁਲਾਈ ਨੂੰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੈਨਲ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈ। ਇਸ ਵਿਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੋਂ ਇਲਾਵਾ ਵਿਭਾਗ ਦੇ ਉੱਚ ਅਧਿਕਾਰੀ ਸ਼ਾਮਲ ਸਨ। ਮੀਟਿੰਗ ’ਚ ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਮੁਲਾਜ਼ਮਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਨਰੇਗਾ ਮੁਲਾਜ਼ਮਾਂ ਨੂੰ ਪੰਚਾਇਤ ਵਿਭਾਗ ’ਚ ਮਰਜ਼ ਕਰਨ ਸਬੰਧੀ ਵਿਭਾਗ ਨੂੰ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ ਤੇ ਅਗਲੀ ਮੀਟਿੰਗ 7 ਜੁਲਾਈ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੋਹਾਲੀ ਫੇਜ਼ 8 ਵਿਖੇ ਸਥਿਤ ਦਫ਼ਤਰ ਵਿਕਾਸ ਭਵਨ ਵਿਖੇ ਤੈਅ ਕੀਤੀ ਹੈ। ਇਸ ਵਿਚ ਵਿਭਾਗ ਦੇ ਡਾਇਰੈਕਟਰ ਤੇ ਵਿੱਤ ਸਕੱਤਰ ਸਮੇਤ ਉੱਚ ਅਧਿਕਾਰੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ। ਇਸ ਸਬੰਧੀ ਇੱਕ ਬਕਾਇਦਾ ਪੱਤਰ ਵੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ 7 ਜੁਲਾਈ ਦੀ ਮੀਟਿੰਗ ’ਚ ਵੀ ਟਾਲ-ਮਟੋਲ ਜਾ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਤੋਂ ਥਿੜਕਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੀਟਿੰਗ ਦਾ ਬਾਈਕਾਟ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 7 ਜੁਲਾਈ ਨੂੰ ਹੀ ਸਾਰੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਮੋਹਾਲੀ ਵਿਖੇ ਹੀ ਬੁਲਾ ਲਈ ਗਈ ਹੈ। ਜੇਕਰ ਇਸ ਵਾਰ ਵੀ ਮਰਜ਼ ਕਰਨ ਦੀ ਮੰਗ ਤੋਂ ਵਿਭਾਗ ਭੱਜਿਆ ਤਾਂ ਜ਼ਿਲ੍ਹਾ ਪ੍ਰਧਾਨਾਂ ਨਾਲ ਵਿਚਾਰ ਕਰਕੇ ਓਥੋਂ ਹੀ ਅਗਲੇ ਕਰੜੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਜਸਵੀਰ ਸਿੰਘ, ਅਮਨਦੀਪ ਸਿੰਘ, ਗੁਰਜੀਤ ਸਿੰਘ, ਬਿੱਕਰ ਸਿੰਘ, ਬਲਜੀਤ ਸਿੰਘ, ਜਸਪ੍ਰੀਤ ਸਿੰਘ, ਸੁਖਦੇਵ ਸਿੰਘ ਹਾਜ਼ਰ ਸਨ।