18 ਨੂੰ ਆਪਣੇ ਬੱਚੇ ਵਿੱਤ ਮੰਤਰੀ ਦੇ ਘਰ ਛੱਡਣਗੇ ਦਫਤਰੀ ਮੁਲਾਜ਼ਮ
18 ਨੂੰ ਆਪਣੇ ਬੱਚੇ ਵਿੱਤ ਮੰਤਰੀ ਦੇ ਘਰ ਛੱਡਣਗੇ ਦਫਤਰੀ ਮੁਲਾਜ਼ਮ
Publish Date: Mon, 13 Apr 2026 04:58 PM (IST)
Updated Date: Tue, 14 Apr 2026 04:05 AM (IST)

ਮਾਮਲਾ–31 ਹਜਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਕਟੌਤੀ ਦਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੇ ਵਾਰ-ਵਾਰ ਮੀਟਿੰਗਾਂ ਵਿੱਚ ਭਰੋਸਾ ਦੇ ਕੇ ਤਨਖਾਹਾਂ ਦਾ ਮਸਲਾ ਹੱਲ ਨਾ ਕਰਨ ਤੋਂ ਰੋਸ ਵਿਚ ਸਿੱਖਿਆ ਵਿਭਾਗ ਦੇ 1007 ਦਫ਼ਤਰੀ ਕਰਮਚਾਰੀਆਂ ਵੱਲੋਂ 18 ਅਪ੍ਰੈਲ ਨੂੰ ਦਿੜ੍ਹਬਾ ਵਿਖੇ ਰੈਲੀ ਕਰਕੇ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ ਲੰਘੇ ਸਾਲ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਦੀ ਤਨਖਾਹ ਤੇ ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ ਜਿਸ ਦਾ ਨੋਟੀਫਿਕੇਸ਼ਨ 23 ਸਤੰਬਰ ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆ ਮੀਟਿੰਗਾਂ ਦੋਰਾਨ ਉਨ੍ਹਾਂ ਵੱਲੋਂ ਵਾਰ-ਵਾਰ ਭਰੋਸਾ ਦਿੱਤਾ ਗਿਆ ਕਿ ਤਨਖਾਹ ਦੀ ਕਟੌਤੀ ਨਹੀਂ ਹੋਵੇਗੀ ਪ੍ਰੰਤੂ ਸਿੱਖਿਆ ਵਿਭਾਗ ਵੱਲੋਂ ਇਸ ਸਾਲ 24 ਫਰਵਰੀ ਨੂੰ ਤਨਖਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ। ਜੁਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ ਮਿਡ-ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਓਂਕਾਰ ਸਿੰਘ ਨੇ ਕਿਹਾ ਕਿ ਮੁਲ਼ਾਜ਼ਮਾਂ ਦੀਆ ਤਨਖਾਹਾਂ ਤੇ 31000-31000 ਦਾ ਕੱਟ ਲਾ ਕੇ ਮੁਲਜ਼ਮਾਂ ਨੂੰ ਖੁਦਕੁਸ਼ੀਆ ਕਰਨ ਤੇ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਪਿਛਲੇ 20 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਹਨ ਅਤੇ ਕਰਮਚਾਰੀਆ ਨੂੰ ਤਨਖਾਹ ਦੇਣ ਲਈ ਬਜ਼ਟ ਵੀ ਕੇਂਦਰ ਸਰਕਾਰ ਵੱਲੋਂ ਪੂਰਾ ਜ਼ਾਰੀ ਕੀਤਾ ਜਾ ਰਿਹਾ ਹੈ ਫਿਰ ਵੀ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੱਟ ਲਾਉਣ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕੈਬਿਨਟ ਵਿਚ ਪਾਸ ਕੀਤੇ ਮਤੇ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਕਰਮਚਾਰੀਆ ਦੀ ਤਨਖਾਹ ਕਟੌਤੀ ਨਾਲ ਸਰਕਾਰ ਦੇ ਖ਼ਜ਼ਾਨੇ ਵਿਚ ਤਕਰੀਬਨ 23 ਕਰੋੜ ਦੀ ਬੱਚਤ ਹੋਵੇਗੀ। ਸਰਕਾਰ ਮੁਲ਼ਾਜ਼ਮਾਂ ਦੀਆ ਤਨਖਾਹਾਂ ਵਧਾਉਣ ਦੀ ਬਜ਼ਾਏ ਤਨਖਾਹਾਂ ਤੇ ਕੱਟ ਲਾ ਕੇ ਖ਼ਜ਼ਾਨਾ ਭਰਨ ਦੀਆ ਵਿਉਤਾਂ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਤਨਖਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਨਹੀ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜਬਾ ਵਿਖੇ ਛੱਡ ਕੇ ਆਉਣਗੇ।