- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਝੀ ਮੁਲਾਜ਼ਮ ਤੇ ਪੈਨਸ਼ਨਰ ਕਮੇਟੀ ਦੇ ਸੱਦੇ ’ਤੇ ਘਨੌਰ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸਾਂਝੀ ਮੁਲਾਜ਼ਮ ਤੇ ਪੈਨਸ਼ਨਰ ਕਮੇਟੀ ਦੇ ਸੱਦੇ ’ਤੇ ਅੱਜ ਘਨੌਰ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਬਲਾਕ ਘਨੌਰ ਦੇ ਪ੍ਰਧਾਨ ਰਘਬੀਰ ਸਿੰਘ, ਧਰਮਪਾਲ ਸਿੰਗਲਾ ਤੇ ਮਦਨ ਲਾਲ ਨੇ ਕੀਤੀ। ਆਗੂਆਂ ਨੇ ਕਿਹਾ ਕਿ ਡੀ.ਏ. ਸਬੰਧੀ ਫੈਸਲਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਰਾਸਰ ਧੱਕਾ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਸਰਕਾਰ ਮੁਲਾਜ਼ਮਾਂ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਤੇ ਆਗੂਆਂ ਖ਼ਿਲਾਫ਼ ਬਦਲਾਖੋਰੀ ਦੀ ਕਾਰਵਾਈ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।