ਸੁਨਾਮ ਇਲਾਕੇ ’ਚ ਝੋਨੇ ਦੀ ਖ਼ਰੀਦ ਨੂੰ ਲੱਗੀਆਂ ਬਰੇਕਾਂ ਸੁਨਾਮ ਇਲਾਕੇ ’ਚ ਝੋਨੇ ਦੀ ਖਰੀਦ ਨੂੰ ਲੱਗੀਆਂ ਬਰੇਕਾਂ
Publish Date: Wed, 11 Nov 2026 03:50 PM (IST)
Updated Date: Thu, 12 Nov 2026 04:00 AM (IST)
ਰਾਜਿੰਦਰ ਦੀਪਾ ਦਾ ਸੂਬਾ ਸਰਕਾਰ ’ਤੇ ਹਮਲਾ, ਕਿਹਾ- ਕਿਸਾਨ ਮੰਡੀਆਂ ’ਚ ਹੋ ਰਹੇ ਨੇ ਖੱਜਲ-ਖੁਆਰ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਅੰਦਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਪ੍ਰਬੰਧਾਂ ਨੂੰ ਲੈ ਕੇ ਸਿਆਸੀ ਅਤੇ ਕਿਸਾਨੀ ਹਲਕਿਆਂ ਵਿੱਚ ਲਗਾਤਾਰ ਰੋਹ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਦੀਪਾ ਨੇ ਝਾੜੋਂ ਸਮੇਤ ਹੋਰ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਹਾਲਾਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਸਰਕਾਰ ਦੇ ਦਾਅਵਿਆਂ ਦੇ ਉਲਟ ਅੱਜ ਜ਼ਮੀਨੀ ਪੱਧਰ ਤੇ ਅੰਨਦਾਤਾ ਯਾਨੀ ਕਿ ਕਿਸਾਨ ਮੰਡੀਆਂ ਵਿੱਚ ਬੁਰੀ ਤਰ੍ਹਾਂ ਖੱਜਲ-ਖੁਆਰ ਹੋ ਰਿਹਾ ਹੈ। ਉਨ੍ਹਾਂ ਆਖਿਆ ਕਿ ਝੋਨੇ ਦੀ ਖ਼ਰੀਦ ਰੁਕਣ ਕਾਰਨ ਕਿਸਾਨ ਮੰਡੀਆਂ ਵਿੱਚ ਖੱਜਲ ਖੁਆਰ ਹੋ ਰਹੇ ਹਨ। ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਨਾ ਹੋਣ ਅਤੇ ਚੁੱਕਾਈ (ਲਿਫਟਿੰਗ) ਨਾ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਦਿਨਾਂ-ਬੱਧੀ ਇੰਤਜ਼ਾਰ ਕਰਨਾ ਪੈ ਰਿਹਾ ਹੈ। ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਨਾਕਾਮੀ ਕ਼ਰਾਰ ਦਿੰਦਿਆਂ ਆਖਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰੰਤੂ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ ਜਿੱਥੇ ਕਿਸਾਨਾਂ ਨੂੰ ਨਿੱਕੀਆਂ-ਨਿੱਕੀਆਂ ਸਮੱਸਿਆਵਾਂ ਲਈ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੁਲਣ ਕਾਰਨ ਕਿਸਾਨਾਂ ਵਿੱਚ ਡਰ ਦਾ ਮਾਹੌਲ ਹੈ ਕਿਉਂਕਿ ਮੌਸਮ ਦੀ ਮਾਰ ਅਤੇ ਸਰਕਾਰੀ ਬੇਰੁਖ਼ੀ ਕਾਰਨ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਮਿੱਟੀ ਵਿੱਚ ਮਿਲ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖ਼ਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਤੁਰੰਤ ਦਰੁਸਤ ਨਾ ਕੀਤਾ ਗਿਆ, ਤਾਂ ਕਿਸਾਨਾਂ ਅਤੇ ਆਮ ਲੋਕਾਂ ਦਾ ਰੋਹ ਹੋਰ ਵਧੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜ਼ਮੀਨੀ ਹਕੀਕਤਾਂ ਨੂੰ ਸਮਝਦੇ ਹੋਏ ਤੁਰੰਤ ਅਸਰਦਾਰ ਕਦਮ ਚੁੱਕੇ ਤਾਂ ਜੋ ਕਿਸਾਨਾਂ ਦੀ ਖੱਜਲ-ਖੁਆਰੀ ਬੰਦ ਹੋ ਸਕੇ।