
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਡੋਰੀ ਨੇ ਬੈਡਮਿੰਟਨ ਟੂਰਨਾਮੈਂਟ ਦਾ ਕੀਤਾ ਉਦਘਾਟਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਦੀ ਅਦਿੱਤਿਆ ਬੈਡਮਿੰਟਨ ਅਕੈਡਮੀ ਵਿਖੇ 70ਵੇਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਦੀ ਸ਼ੁਰੂਆਤ ਹੋਈ। ਇਸ ਮੌਕੇ ਮਹਿਲ ਕਲਾਂ ਦੇ ਵਿਧਾਇਕ ਤੇ ਵਿਧਾਨ ਸਭਾ ਦੀ ਪ੍ਰੀਵਿਲਿਜ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਤੇ ਪੰਜਾਬ ਗ੍ਰੈਪਲਿੰਗ ਰੈਸਲਿੰਗ ਦੇ ਡਾਇਰੈਕਟਰ ਯੋਗਰਾਜ ਸ਼ਰਮਾ ਸ਼ੈਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਦੌਰਾਨ ਖਿਡਾਰੀਆਂ ’ਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸੂਬੇ ਭਰ ਵਿਚ ਸ਼ਾਨਦਾਰ ਖੇਡ ਮੈਦਾਨ ਵਿਕਸਿਤ ਕੀਤੇ ਗਏ ਹਨ, ਤਾਂ ਜੋ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਮਿਲ ਸਕਣ। ਇਸ ਮੌਕੇ ਯੋਗਰਾਜ ਸ਼ਰਮਾ ਸ਼ੈਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਬੈਡਮਿੰਟਨ ਟੂਰਨਾਮੈਂਟ 2 ਸਤੰਬਰ ਤੱਕ ਚੱਲੇਗਾ, ਜਿਸ ਦੌਰਾਨ ਲੜਕਿਆਂ ਅਤੇ ਲੜਕੀਆਂ ਦੇ ਵੱਖ-ਵੱਖ ਵਰਗਾਂ ਵਿੱਚ ਮੁਕਾਬਲੇ ਕਰਵਾਏ ਜਾਣਗੇ।