ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
Publish Date: Mon, 23 Nov 2026 05:17 PM (IST)
Updated Date: Mon, 23 Nov 2026 05:19 PM (IST)
ਫੋਟੋ 23ਪੀਟੀਐਲ: 15: ਭੁਪਿੰਦਰ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ: ਇਲਾਕੇ ਦੀ ਨਾਮਵਰ ਸੰਸਥਾ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਕਰਹਾਲੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਸ੍ਰੀ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ।ਸਮਾਗਮ ਦੌਰਾਨ ਛੇਵੀਂ ਅਤੇ ਸੱਤਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਵੀ ਸ਼ਬਦ ਕੀਰਤਨ ਦੀ ਸੁੰਦਰ ਪੇਸ਼ਕਾਰੀ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਕਵੀਸ਼ਰੀ ਅਤੇ ਕਵਿਤਾਵਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤਾਂ ਨੂੰ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਚੌਪਈ ਸਾਹਿਬ ਦਾ ਪਾਠ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਮਿੱਠੇ ਚੌਲਾਂ ਦਾ ਲੰਗਰ ਛਕਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚੱਲਣ ਅਤੇ ਆਪਸੀ ਪਿਆਰ, ਸਤਿਕਾਰ ਤੇ ਭਾਈਚਾਰਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਮੈਨੇਜਮੈਂਟ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ।