- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਢੀਂਡਸਾ ਨੇ ਪੰਜਾਬ ਚ, ਨਸ਼ਿਆਂ ਦੀ ਸਥਿਤੀ ਤੇ ਜਤਾਈ ਚਿੰਤਾ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਵਿੱਚ ਵਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਸੰਗਰੂਰ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸਬੰਧਿਤ ਹਾਲੀਆ ਘਟਨਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਨਸ਼ਿਆਂ ਦੀ ਲਪੇਟ ਵਿੱਚ ਹੈ , ਸੰਗਰੂਰ ਜ਼ਿਲ੍ਹੇ ਵਿੱਚ ਹਾਲਾਤ ਖਾਸ ਤੌਰ ’ਤੇ ਗੰਭੀਰ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹਾ ਇੱਕ ਵੀ ਪਿੰਡ ਨਹੀਂ ਬਚਿਆ ਜੋ ਇਸ ਅਲਾਮਤ ਤੋਂ ਅਛੂਤਾ ਰਿਹਾ ਹੋਵੇ।
ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ 15 ਤੋਂ 30 ਸਾਲ ਦੀ ਉਮਰ ਦੇ ਨੌਜਵਾਨ ਇਸ ਨਸ਼ਾ ਸੰਕਟ ਤੋਂ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਸਕੂਲੀ ਬੱਚੇ ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀ ਹੁਣ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਨੂੰ ‘ਸਟਿੰਗ’ ਵਰਗੇ ਐਨਰਜੀ ਡਰਿੰਕਸ ਵਿੱਚ ਮਿਲਾਕੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ‘ਚਿੱਟਾ’ (ਸਿੰਥੈਟਿਕ ਨਸ਼ੇ) ਅਤੇ ਹੋਰ ਨਸ਼ੀਲੇ ਪਦਾਰਥ ਖੁੱਲ੍ਹੇਆਮ ਵਿਕ ਰਹੇ ਹਨ, ਜਿਸ ਨਾਲ ਪੂਰੇ ਪਰਿਵਾਰ ਤਬਾਹ ਹੋ ਰਹੇ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਬਰਬਾਦੀ ਦੇ ਕੰਢੇ 'ਤੇ ਪਹੁੰਚ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਨਸ਼ਿਆਂ ਦਾ ਪ੍ਰਸਾਰ ਕਈ ਗੁਣਾ ਵਧ ਗਿਆ ਹੈ ਅਤੇ ਖਾਸ ਕਰਕੇ ਪਿਛਲੇ ਦੋ-ਤਿੰਨ ਸਾਲਾਂ ਵਿੱਚ ਹਾਲਾਤ ਬਹੁਤ ਜ਼ਿਆਦਾ ਵਿਗੜ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਇਹ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ , ਇਸ ਨੂੰ ਸਿਰਫ਼ ਕਿਸੇ ਇੱਕ ਸਰਕਾਰ ਦੇ ਭਰੋਸੇ ਹੱਲ ਨਹੀਂ ਕੀਤਾ ਜਾ ਸਕਦਾ। ਸਮੁੱਚੀਆਂ ਸਿਆਸੀ ਧਿਰਾਂ, ਸਿਵਲ ਸੁਸਾਇਟੀ, ਸਮਾਜਿਕ ਸੰਸਥਾਵਾਂ, ਪੰਚਾਇਤਾਂ ਅਤੇ ਜਨਤਕ ਨੁਮਾਇੰਦਿਆਂ ਨੂੰ ਇਸ ਦਾ ਪੱਕਾ ਹੱਲ ਲੱਭਣ ਲਈ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਪੁਲਿਸ ਤੇ ਪ੍ਰਸ਼ਾਸਨ ਵਿੱਚ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ।
ਇਸ ਮੌਕੇ ਤਰਸੇਮ ਸਿੰਘ ਘੁੱਗਾ, ਸੋਹਣ ਸਿੰਘ ਭੰਗੂ, ਗੁਰਚਰਨ ਸਿੰਘ ਧਾਲੀਵਾਲ, ਰਵਿੰਦਰ ਗੋਰਖਾ, ਚਮਕੌਰ ਸਿੰਘ ਮੋਰਾਂਵਾਲੀ, ਮਾਸਟਰ ਦਲਜੀਤ ਸਿੰਘ, ਬਲਜਿੰਦਰ ਸਿੰਘ ਕਾਕਾ ਠੇਕੇਦਾਰ ਹਾਜ਼ਰ ਸਨ।