ਪਰਵਿੰਦਰ ਝੋਟੇ ਦੀ ਹੱਤਿਆ ਤੇ ਭੜਕੇ ਨੌਜਵਾਨ ਪਰਵਿੰਦਰ ਝੋਟੇ ਦੀ ਹੱਤਿਆ ਤੇ ਭੜਕੇ ਨੌਜਵਾਨ
Publish Date: Wed, 14 Oct 2026 03:44 PM (IST)
Updated Date: Thu, 15 Oct 2026 04:00 AM (IST)
ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਫੂਕਿਆ ਪੁਤਲਾ ਭਗਵੰਤ ਮਾਨ ਸਰਕਾਰ ਖ਼ਿਲਾਫ਼ ਕੱਢੀ ਭੜਾਸ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਪੰਜਾਬ ਦੇ ਨਾਮਵਰ ਕਬੱਡੀ ਖਿਡਾਰੀ, ਮੁੱਕੇਬਾਜ਼ ਅਤੇ ਨਸਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਖੇ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰਕੇ ਕੀਤੀ ਹੱਤਿਆ ਦੇ ਰੋਸ ਵਜੋਂ ਬੁੱਧਵਾਰ ਨੂੰ ਸੁਨਾਮ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ, ਦੇ ਸੀਨੀਅਰ ਆਗੂ ਅਤੇ ਬਾਰ ਕੌਂਸਲ ਸੁਨਾਮ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭਰੂਰ ਦੀ ਅਗਵਾਈ ਹੇਠ ਇਕੱਠੇ ਹੋਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਬੋਲਦਿਆਂ ਐਡਵੋਕੇਟ ਹਰਦੀਪ ਸਿੰਘ ਭਰੂਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਸੂਬੇ ਵਿਚਲੀ ਕਾਨੂੰਨ ਵਿਵਸਥਾ ਬਿਲਕੁਲ ਵਿਗੜ ਚੁੱਕੀ ਹੈ। ਨਸਿਆਂ ਖਿਲਾਫ ਅਵਾਜ਼ ਉਠਾਉਣ ਵਾਲੇ ਲੋਕਾਂ ਦੀ ਗੋਲੀਆਂ ਮਾਰਕੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੀ ਭਗਵੰਤ ਮਾਨ ਸਰਕਾਰ ਆਪਣੇ ਦਿੱਲੀ ਬੈਠੇ ਅਕਾਵਾਂ ਦੇ ਕਹੇ ਅਨੁਸਾਰ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਮਾਨਸਾ ਦਾ ਜੁਝਾਰੂ ਨੌਜਵਾਨ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸਿਆਂ ਖਿਲਾਫ ਅਵਾਜ਼ ਬੁਲੰਦ ਕਰ ਰਿਹਾ ਸੀ ਜਿਸ ਦਾ ਮਾਨਸਾ ਦੇ ਕਥਿਤ ਤੌਰ ’ਤੇ ਨਸਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਨੇ ਦਿਨ ਦਿਹਾੜੇ ਸ਼ਰੇਆਮ ਬਾਜਾਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਐਡਵੋਕੇਟ ਹਰਦੀਪ ਸਿੰਘ ਭਰੂਰ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ। ਨਿੱਤ ਦਿਨ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਦੀ ਓਵਰਡੋਜ ਨਾਲ ਹੋ ਰਹੀਆਂ ਹਨ।ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਥਿਤ ਤੌਰ ਤੇ ਉਸਦਾ ਓਐਸਡੀ ਸੀਬੀਆਈ ਤੋਂ ਬਾਅਦ ਹੁਣ ਈਡੀ ਦੇ ਨਿਸ਼ਾਨੇ ਤੇ ਆ ਗਿਆ ਹੈ । ਪੰਜਾਬੀਆਂ ਨੂੰ ਨੌਕਰੀਆਂ ਦੇਣ ਦਾ ਝੂਠ ਪਰੋਸਿਆ ਜਾ ਰਿਹਾ। ਫਲੈਕਸਾਂ ਤੇ ਕਰੋੜਾਂ ਰੁਪਏ ਖਰਚ ਕਰ ਕੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਆਮ ਆਦਮੀ ਪਾਰਟੀ ਤੋਂ ਹਿਸਾਬ ਮੰਗਣ ਲਈ ਤਿਆਰ ਬੈਠੀ ਹੈ। ਇਸ ਮੌਕੇ ਪਰਮਜੀਤ ਸਿੰਘ ਪੰਮ, ਜਸਵੀਰ ਸਿੰਘ ਲਖਮੀਰਵਾਲਾ, ਹਰਪਾਲ ਸਿੰਘ ਜਖੇਪਲ, ਤਰਸੇਮ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਨੀਟਾ ਪ੍ਰਧਾਨ, ਗੁਰਪ੍ਰੀਤ ਸਿੰਘ ਹਾਜ਼ਰ ਸਨ।