ਪਰਮਿੰਦਰ ਝੋਟੇ ਦੀ ਹੱਤਿਆ ਨੇ ਨਸ਼ਿਆਂ ਵਿਰੁੱਧ ਜੰਗ ’ਤੇ ਖੜ੍ਹੇ ਕੀਤੇ ਸਵਾਲ ਪਰਮਿੰਦਰ ਝੋਟੇ ਦੀ ਹੱਤਿਆ ਨੇ ਨਸ਼ਿਆਂ ਵਿਰੁੱਧ ਜੰਗ ’ਤੇ ਖੜ੍ਹੇ ਕੀਤੇ ਸਵਾਲ
Publish Date: Wed, 14 Oct 2026 03:46 PM (IST)
Updated Date: Thu, 15 Oct 2026 04:00 AM (IST)
ਵੱਖ-ਵੱਖ ਆਗੂਆਂ ਨੇ ਸਰਕਾਰ ਤੇ ਪ੍ਰਸ਼ਾਸਨ ਦੀ ਜਵਾਬਦੇਹੀ ਦੱਸਿਆ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਮਾਲੇਰਕੋਟਲਾ : ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਨਸ਼ਿਆਂ ਦੇ ਕਾਰੋਬਾਰ, ਲੋਕਾਂ ਦੀ ਸੁਰੱਖਿਆ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਰੋਸ ਦਾ ਮਾਹੌਲ ਹੈ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਆਗੂਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਤੋਂ ਜਵਾਬ ਮੰਗਦਿਆਂ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ। ਕਾਂਗਰਸ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਆਗੂ ਕਮਲ ਧਾਲੀਵਾਲ, ਕਥਾਵਾਚਕ ਗੁਰਪ੍ਰੀਤ ਸਿੰਘ ਕਾਲਾਬੂਲਾ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਸਮੇਲ ਸਿੰਘ ਡੇਅਰੀਵਾਲਾ, ਅਕਾਲੀ ਦਲ ਵਾਰਿਸ ਪੰਜਾਬ ਦੇ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ ਅਤੇ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨਸ਼ਿਆਂ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਅਜਿਹੇ ਵਿਅਕਤੀ ਦੀ ਹੱਤਿਆ ਦੀ ਘਟਨਾ ਸਮੁੱਚੇ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਆਗੂਆਂ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਰਫ਼ ਨਸ਼ਾ ਕਰਨ ਵਾਲੇ ਨੌਜਵਾਨਾਂ ਤੱਕ ਸੀਮਤ ਨਹੀਂ, ਸਗੋਂ ਇਸ ਪਿੱਛੇ ਕੰਮ ਕਰਦੇ ਗੈਰ-ਕਾਨੂੰਨੀ ਨੈੱਟਵਰਕ ਅਤੇ ਉਨ੍ਹਾਂ ਨੂੰ ਮਿਲਣ ਵਾਲੀ ਕਥਿਤ ਸਰਪ੍ਰਸਤੀ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਨਸ਼ਿਆਂ ਕਾਰਨ ਨੌਜਵਾਨਾਂ ਦੇ ਘਰ ਉੱਜੜ ਰਹੇ ਹਨ ਅਤੇ ਪਰਿਵਾਰ ਆਪਣੇ ਬੱਚਿਆਂ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਤਾਂ ਅਜਿਹੇ ਹਾਲਾਤ ਵਿੱਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਕਿਸ ਦੀ ਜ਼ਿੰਮੇਵਾਰੀ ਹੈ। ਨਸ਼ਿਆਂ ਵਿਰੁੱਧ ਜੰਗ ਸਿਰਫ਼ ਨਾਅਰਿਆਂ ਨਾਲ ਨਹੀਂ ਜਿੱਤੀ ਜਾ ਸਕਦੀ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਦੀਆਂ ਮੌਤਾਂ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਨਤੀਜਿਆਂ ਦੀ ਸਮੀਖਿਆ ਕੀਤੀ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਪਰਿਵਾਰ ਨੂੰ ਇਨਸਾਫ਼ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤੀ ਦੀ ਲੋੜ ਆਗੂਆਂ ਨੇ ਮੰਗ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਦੀ ਨਿਰਪੱਖ ਅਤੇ ਤੇਜ਼ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਨੈੱਟਵਰਕ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੇ ਨਾਲ-ਨਾਲ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।