ਪ੍ਰਨੀਤ ਕੌਰ ਦੇ ਯਤਨਾਂ ਸਦਕਾ ਹਾਂਸੀ-ਬੁਟਾਣਾ ਨਹਿਰ ਦੀ ਸਫ਼ਾਈ ਸ਼ੁਰੂ
ਪ੍ਰਨੀਤ ਕੌਰ ਦੇ ਯਤਨਾਂ ਸਦਕਾ ਹਾਂਸੀ-ਬੁਟਾਣਾ ਨਹਿਰ ਦੀ ਸਫ਼ਾਈ ਸ਼ੁਰੂ
Publish Date: Fri, 10 Apr 2026 07:06 PM (IST)
Updated Date: Fri, 10 Apr 2026 07:08 PM (IST)

ਫੋਟੋ 10ਪੀਟੀਐਲ: 28 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਹਲਕਾ ਸਮਾਣਾ ਦੇ ਕਿਸਾਨਾਂ ਅਤੇ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਹਾਂਸੀ-ਬੁਟਾਣਾ ਨਹਿਰ ਵਿੱਚ ਘੱਗਰ ਦਰਿਆ ਦੇ ਪਾਣੀ ਕਾਰਨ ਲੱਗਣ ਵਾਲੀ ਡਾਫ ਅਤੇ ਨਹਿਰ ਦੀ ਸਫ਼ਾਈ ਨਾ ਹੋਣ ਕਾਰਨ ਪੈਦਾ ਹੋਣ ਵਾਲੀ ਹੜ੍ਹ ਦੀ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ, ਹਰਿਆਣਾ ਸਰਕਾਰ ਵੱਲੋਂ ਨਹਿਰ ਦੀ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਦੱਸਿਆ ਕਿ ਹਾਂਸੀ-ਬੁਟਾਣਾ ਨਹਿਰ ਦੀ ਸਫ਼ਾਈ ਨਾ ਹੋਣ ਕਾਰਨ ਹਰ ਸਾਲ ਮਾਨਸੂਨ ਦੌਰਾਨ ਦਰਜਨਾਂ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ਦੀ ਮਾਰ ਹੇਠ ਆ ਕੇ ਬਰਬਾਦ ਹੋ ਜਾਂਦੀ ਸੀ। ਉਨ੍ਹਾਂ ਕਿਹਾ, ਪਿੰਡ ਵਾਸੀਆਂ ਨੇ ਇਸ ਸਬੰਧੀ ਲੰਬਾ ਸੰਘਰਸ਼ ਲੜਿਆ ਅਤੇ ਅਸੀਂ ਲਗਾਤਾਰ ਇਸ ਮਸਲੇ ਨੂੰ ਹੱਲ ਕਰਵਾਉਣ ਲਈ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲਿਆਂ ਅਤੇ ਹਰਿਆਣਾ ਸਰਕਾਰ ਤੱਕ ਪਹੁੰਚ ਕੀਤੀ ਸੀ। ਪ੍ਰਨੀਤ ਕੌਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਸੰਘਰਸ਼ ਕਮੇਟੀ ਦੇ ਮੈਂਬਰਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਕਿਸਾਨਾਂ ਨੂੰ ਹੋਣ ਵਾਲੇ ਮਾਲੀ ਨੁਕਸਾਨ ਅਤੇ ਇਲਾਕੇ ਦੀ ਭੂਗੋਲਿਕ ਸਥਿਤੀ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ ਸੀ। ਇਨ੍ਹਾਂ ਅਣਥੱਕ ਯਤਨਾਂ ਦੇ ਸਿੱਟੇ ਵਜੋਂ ਹੁਣ ਸਫ਼ਾਈ ਪ੍ਰਕਿਰਿਆ ਆਰੰਭ ਹੋਈ ਹੈ। ਹਰਿਆਣਾ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, ਮੈਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜੀ ਦੀ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦਿਆਂ ਕਿਸਾਨਾਂ ਦੇ ਹਿੱਤ ’ਚ ਇਹ ਸ਼ਲਾਘਾਯੋਗ ਫੈਸਲਾ ਲਿਆ ਹੈ। ਇਸ ਕਾਰਜ ਨਾਲ ਨਾ ਸਿਰਫ਼ ਪਾਣੀ ਦਾ ਵਹਾਅ ਠੀਕ ਹੋਵੇਗਾ, ਸਗੋਂ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਦੀ ਆਰਥਿਕਤਾ ਵੀ ਸੁਰੱਖਿਅਤ ਹੋਵੇਗੀ। ਅੰਤ ’ਚ ਪ੍ਰਨੀਤ ਕੌਰ ਨੇ ਸਮੂਹ ਪਿੰਡ ਵਾਸੀਆਂ ਨੂੰ ਇਸ ਜਿੱਤ ਲਈ ਵਧਾਈ ਦਿੰਦਿਆਂ ਮੁੜ ਦੁਹਰਾਇਆ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ।