ਪਰਵਾਜ਼-2026 ਪ੍ਰੋਗਰਾਮ ਸ਼ਾਨੋ-ਸ਼ੌਕਤ ਕਰਵਾਇਆ ਪਰਵਾਜ਼-2026 ਪ੍ਰੋਗਰਾਮ ਸ਼ਾਨੋ-ਸ਼ੌਕਤ ਨਾਲ ਆਯੋਜਿਤ
Publish Date: Sun, 29 Nov 2026 04:15 PM (IST)
Updated Date: Sun, 29 Nov 2026 04:17 PM (IST)
:ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਮਮਤਾ ਸੇਠੀ ਖੁਰਾਣਾ ਦੀ ਰਹਿਨੁਮਾਈ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਢਕਾਂਨਸੂ ਕਲਾਂ ਵਿਖੇ ਹੈੱਡਮਾਸਟਰ ਰਾਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸਾਲਾਨਾ ਸੱਭਿਆਚਾਰਕ ਤੇ ਸਨਮਾਨ ਸਮਾਰੋਹ ਪਰਵਾਜ਼-2026 ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਡਾ. ਰਵਿੰਦਰਪਾਲ ਸਿੰਘ ਤੇ ਵਿਸ਼ੇਸ਼ ਮਹਿਮਾਨ ਵਜੋਂ ਲੇਖਕ ਤੇ ਉੱਘੇ ਕਾਰੋਬਾਰੀ ਰਾਜਵੰਤ ਸਿੰਘ ਸ਼ਾਮਲ ਹੋਏ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ, ਸ਼ਬਦ ਗਾਇਨ, ਗਿੱਧਾ, ਲੁੱਡੀ, ਭੰਗੜਾ, ਕੋਰੀਓਗ੍ਰਾਫੀ, ਕੁਚੀਪੁੜੀ ਨਾਚ, ਲੋਕ ਗੀਤ, ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਅਤੇ ਕਰਾਟੇ ਦੇ ਪ੍ਰਦਰਸ਼ਨ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਇਸ ਮੌਕੇ ਸੈਸ਼ਨ 2025-26 ਅਤੇ 2026-27 ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਦਿਅਕ, ਖੇਡਾਂ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਹੈੱਡਮਾਸਟਰ ਰਾਜੀਵ ਕੁਮਾਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਮਿਹਨਤੀ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ। ਵਿਦਿਆਰਥਣ ਕਾਰਜਨੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੂਲ ਮੁਖੀ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ, ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਅੰਤ ਵਿਚ ਹੈੱਡਮਾਸਟਰ ਰਾਜੀਵ ਕੁਮਾਰ ਨੇ ਸਮੂਹ ਮਹਿਮਾਨਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।