- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੱਕੇ ਨਾਲ ਜਿੱਤੀਆਂ ਪਟਿਆਲਾ ਨਗਰ ਨਿਗਮ ਚੋਣਾਂ ਰੱਦ ਹੋਈਆਂ ਫੈਸਲਾ ਸ਼ਲਾਘਾਯੋਗ: ਵਿਸ਼ਾਲ ਘਾਰੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਨਗਰ ਨਿਗਮ ਦੀਆਂ ਪਿਛਲੀਆਂ ਚੋਣਾਂ ਦੌਰਾਨ ਚੋਣ ਪ੍ਰਕਿਰਿਆ ਵਿਚ ਹੋਈਆਂ ਕਥਿਤ ਬੇਨਿਯਮੀਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਲਏ ਗਏ ਫੈਸਲੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਸ਼ਾਲ ਘਾਰੂ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਦਾਲਤ ਦੇ ਹੁਕਮ ਨਾਲ ਉਨ੍ਹਾਂ ਵਾਰਡਾਂ ਵਿਚ ਮੁੜ ਚੋਣਾਂ ਦਾ ਰਾਹ ਖੁੱਲ੍ਹ ਗਿਆ ਹੈ, ਜਿੱਥੇ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਣ ਸਬੰਧੀ ਤੱਥ ਸਾਹਮਣੇ ਆਏ ਹਨ। ਸੁਪਰੀਮ ਕੋਰਟ ਨੇ 28 ਸਤੰਬਰ ਨੂੰ ਪੰਜਾਬ ਸਰਕਾਰ ਵੱਲੋਂ ਤੱਥ-ਖੋਜ ਕਮੇਟੀ ਦੀ ਰਿਪੋਰਟ ਸਵੀਕਾਰ ਕੀਤੇ ਜਾਣ ਤੋਂ ਬਾਅਦ ਪ੍ਰਭਾਵਿਤ ਵਾਰਡਾਂ ਵਿਚ ਨਵੀਆਂ ਚੋਣਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਨਿਗਮ ਚੋਣਾਂ ਦੌਰਾਨ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਤੇ ਨਾਮਜ਼ਦਗੀ ਪੱਤਰਾਂ ਨਾਲ ਕਥਿਤ ਤੌਰ ’ਤੇ ਛੇੜਛਾੜ ਕਰਨ ਦੇ ਦੋਸ਼ ਸਾਹਮਣੇ ਆਏ ਸਨ। ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਸਾਬਕਾ ਹਾਈ ਕੋਰਟ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਤੱਥ-ਖੋਜ ਕਮੇਟੀ ਬਣਾਈ ਗਈ ਸੀ। ਕਮੇਟੀ ਦੀ ਰਿਪੋਰਟ ਤੋਂ ਬਾਅਦ ਮਾਮਲਾ ਮੁੜ ਸੁਪਰੀਮ ਕੋਰਟ ਸਾਹਮਣੇ ਆਇਆ। ਘਾਰੂ ਨੇ ਦੱਸਿਆ ਕਿ ਸੁਪਰੀਮ ਕੋਰਟ ਦਾ ਫੈਸਲਾ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਤੇ ਲੋਕਾਂ ਦੇ ਵੋਟ ਦੇ ਅਧਿਕਾਰ ਨਾਲ ਜੁੜਿਆ ਮਹੱਤਵਪੂਰਨ ਮਾਮਲਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਰਡਾਂ ’ਚ ਕਮੇਟੀ ਵੱਲੋਂ ਚੋਣ ਪ੍ਰਕਿਰਿਆ ਪ੍ਰਭਾਵਿਤ ਹੋਣ ਦੀ ਗੱਲ ਸਾਹਮਣੇ ਆਈ ਹੈ, ਉੱਥੇ ਮੁੜ ਚੋਣਾਂ ਨਾਲ ਲੋਕਾਂ ਨੂੰ ਆਪਣੀ ਪਸੰਦ ਦੇ ਉਮੀਦਵਾਰ ਚੁਣਨ ਦਾ ਮੌਕਾ ਮਿਲੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਤੇ ਮੁੱਖ ਸਕੱਤਰ ਤੋਂ ਚੋਣ ਪ੍ਰਕਿਰਿਆ ਬਾਰੇ ਜਵਾਬ ਵੀ ਮੰਗਿਆ ਸੀ। ਹੁਣ ਅਦਾਲਤੀ ਨਿਰਦੇਸ਼ਾਂ ਤੋਂ ਬਾਅਦ ਪ੍ਰਭਾਵਿਤ ਵਾਰਡਾਂ ਵਿਚ ਅਗਲੀ ਚੋਣ ਪ੍ਰਕਿਰਿਆ ਸਬੰਧੀ ਕਾਰਵਾਈ ਕੀਤੀ ਜਾਣੀ ਹੈ।