- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਅਤਿ-ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਅਤਿ-ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤੇ। ਇਨ੍ਹਾਂ ਪਲਾਂਟਾਂ ਦੇ ਚਾਲੂ ਹੋਣ ਨਾਲ ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 316 ਪਿੰਡਾਂ ਦੇ ਵਸਨੀਕਾਂ ਨੂੰ ਸਾਫ਼ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਇਸ ਪ੍ਰਾਜੈਕਟ ਨਾਲ ਕਰੀਬ 4.50 ਲੱਖ ਲੋਕਾਂ ਅਤੇ 75 ਹਜ਼ਾਰ ਘਰਾਂ ਨੂੰ ਲਾਭ ਮਿਲੇਗਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਇਨ੍ਹਾਂ ਪਿੰਡਾਂ ਦੇ ਲੋਕ ਦੂਸ਼ਿਤ ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਧਰਤੀ ਹੇਠਲੇ ਪਾਣੀ ਵਿੱਚ ਫਲੋਰਾਈਡ ਅਤੇ ਭਾਰੀ ਧਾਤਾਂ ਦੀ ਮਾਤਰਾ ਵੱਧ ਹੋਣ ਕਾਰਨ ਨਹਿਰੀ ਪਾਣੀ ਦੀ ਸਪਲਾਈ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 80 ਸਾਲ ਬਾਅਦ ਵੀ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਵਰਗੀ ਬੁਨਿਆਦੀ ਸਹੂਲਤ ਮੁਹੱਈਆ ਕਰਵਾਉਣੀ ਪੈ ਰਹੀ ਹੈ, ਜਦਕਿ ਇਹ ਕੰਮ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ।
ਮੁੱਖ ਮੰਤਰੀ ਨੇ ਦੱਸਿਆ ਕਿ ਮੰਡੌਲੀ ਅਤੇ ਪਾਬਰੀ ਵਿਖੇ ਬਣਾਏ ਗਏ ਪਲਾਂਟਾਂ ਦੀ ਸਮਰੱਥਾ ਬਾਰੇ ਪ੍ਰਾਜੈਕਟ ਤਹਿਤ ਰੋਜ਼ਾਨਾ ਲੱਖਾਂ ਲੀਟਰ ਨਹਿਰੀ ਪਾਣੀ ਨੂੰ ਸੋਧ ਕੇ ਸਪਲਾਈ ਕੀਤਾ ਜਾਵੇਗਾ। ਮੰਡੌਲੀ ਪਲਾਂਟ 'ਤੇ 266.20 ਕਰੋੜ ਅਤੇ ਪਾਬਰੀ ਪਲਾਂਟ 'ਤੇ 166.46 ਕਰੋੜ ਰੁਪਏ ਖਰਚ ਕੀਤੇ ਗਏ ਹਨ। ਪਾਣੀ ਦੀ ਸਪਲਾਈ ਲਈ 752 ਕਿਲੋਮੀਟਰ ਲੰਬੀ ਟਰਾਂਸਮਿਸ਼ਨ ਪਾਈਪਲਾਈਨ ਵਿਛਾਈ ਗਈ ਹੈ, ਜਦਕਿ ਪਿੰਡਾਂ ਵਿੱਚ 1216 ਕਿਲੋਮੀਟਰ ਪਾਈਪਲਾਈਨ ਅਪਗ੍ਰੇਡ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਾਣੀ ਦੀ ਗੁਣਵੱਤਾ ਦੀ ਨਿਗਰਾਨੀ ਲਈ ਆਧੁਨਿਕ ਲੈਬਾਰਟਰੀਆਂ ਸਥਾਪਤ ਕੀਤੀਆਂ ਗਈਆਂ ਹਨ। ਇੱਥੇ ਪਾਣੀ ਦੇ ਨਮੂਨਿਆਂ ਦੀ ਰੋਜ਼ਾਨਾ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਲਾਂਟਾਂ ਅਤੇ ਪਾਣੀ ਦੀਆਂ ਟੈਂਕੀਆਂ ਵਿੱਚ ਐਸਸੀਏਡੀਏ ਪ੍ਰਣਾਲੀ ਲਗਾਈ ਗਈ ਹੈ, ਜਿਸ ਰਾਹੀਂ ਪਾਣੀ ਦੀ ਸਪਲਾਈ ਅਤੇ ਗੁਣਵੱਤਾ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇਗੀ। ਪ੍ਰਾਜੈਕਟ ਦੇ ਸੰਚਾਲਨ ਅਤੇ ਰੱਖ-ਰਖਾਅ ਦੀ ਜ਼ਿੰਮੇਵਾਰੀ ਸਬੰਧਤ ਕੰਪਨੀ ਨੂੰ 10 ਸਾਲਾਂ ਲਈ ਦਿੱਤੀ ਗਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ ਤੋਂ ਇਲਾਵਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਦੇਵ ਸਿੰਘ ਦੇਵ ਮਾਨ, ਕੁਲਜੀਤ ਸਿੰਘ ਰੰਧਾਵਾ ਅਤੇ ਕੁਲਵੰਤ ਸਿੰਘ ਬਾਜ਼ੀਗਰ ਸਮੇਤ ਕਈ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।