- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਪੰਜਾਬ ਨੇ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪਟਿਆਲਾ ਸ਼ਹਿਰੀ ਹਲਕੇ ਨਾਲ ਸਬੰਧਤ ਦੋ ਆਗੂਆਂ, ਰਾਜਵੀਰ ਸਿੰਘ ਚਹਿਲ ਅਤੇ ਅਮਨ ਬਾਂਸਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ਨੇ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪਟਿਆਲਾ ਸ਼ਹਿਰੀ ਹਲਕੇ ਨਾਲ ਸਬੰਧਤ ਦੋ ਆਗੂਆਂ, ਰਾਜਵੀਰ ਸਿੰਘ ਚਹਿਲ ਅਤੇ ਅਮਨ ਬਾਂਸਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।
ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਪੱਤਰਾਂ ਅਨੁਸਾਰ, ਪਾਰਟੀ ਦੇ ਧਿਆਨ ਵਿੱਚ ਆਇਆ ਹੈ ਕਿ ਉਕਤ ਆਗੂ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ ਉੱਤਰੇ ਹੋਏ ਹਨ। ਨੋਟਿਸ ਮੁਤਾਬਕ ਰਾਜਵੀਰ ਸਿੰਘ ਚਹਿਲ ਦੀ ਪਤਨੀ ਪਰਮਜੀਤ ਕੌਰ ਚਹਿਲ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਚੋਣ ਲੜ ਰਹੀ ਹੈ। ਇਸੇ ਤਰ੍ਹਾਂ ਅਮਨ ਬਾਂਸਲ ਖ਼ੁਦ ਪਾਰਟੀ ਉਮੀਦਵਾਰ ਦੇ ਮੁਕਾਬਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।
ਪੱਤਰਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਸਬੰਧਤ ਵਿਧਾਇਕ ਅਤੇ ਜ਼ਿਲ੍ਹਾ ਇੰਚਾਰਜ ਵੱਲੋਂ ਨਿੱਜੀ ਤੌਰ 'ਤੇ ਮੁਲਾਕਾਤ ਕਰਕੇ ਆਜ਼ਾਦ ਉਮੀਦਵਾਰੀ ਵਾਪਸ ਲੈਣ ਦੀ ਬੇਨਤੀ ਕਰਨ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਪਾਰਟੀ ਉਮੀਦਵਾਰਾਂ ਦੇ ਵਿਰੁੱਧ ਚੋਣ ਲੜਨਾ ਜਾਰੀ ਰੱਖਿਆ, ਜੋ ਕਿ ਪਾਰਟੀ ਹਿੱਤਾਂ ਅਤੇ ਜਥੇਬੰਦਕ ਅਨੁਸ਼ਾਸਨ ਦੀ ਸਿੱਧੀ ਉਲੰਘਣਾ ਹੈ।
ਪਾਰਟੀ ਹਾਈਕਮਾਨ ਨੇ ਦੋਵਾਂ ਆਗੂਆਂ ਨੂੰ ਨੋਟਿਸ ਮਿਲਣ ਦੇ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਹੈ। ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਤਸੱਲੀਬਖ਼ਸ਼ ਜਵਾਬ ਨਾ ਦਿੱਤਾ ਗਿਆ, ਤਾਂ ਪਾਰਟੀ ਦੇ ਸੰਵਿਧਾਨ ਅਤੇ ਅਨੁਸ਼ਾਸਨੀ ਨਿਯਮਾਂ ਤਹਿਤ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।