- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਈਸ ਸ਼ੈਲਰ ਮਾਲਕਾਂ ਦੀ ਕਥਿਤ ਮਨਮਾਨੀ ਅਤੇ ਆਰਥਿਕ ਪਰੇਸ਼ਾਨੀਆਂ ਤੋਂ ਤੰਗ ਆ ਕੇ ਪਿੰਡ ਗੱਜੂ ਮਾਜਰਾ ਵਿਖੇ ਆੜ੍ਹਤ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਰਾਈਸ ਸ਼ੈਲਰ ਮਾਲਕਾਂ ਦੀ ਕਥਿਤ ਮਨਮਾਨੀ ਅਤੇ ਆਰਥਿਕ ਪਰੇਸ਼ਾਨੀਆਂ ਤੋਂ ਤੰਗ ਆ ਕੇ ਪਿੰਡ ਗੱਜੂ ਮਾਜਰਾ ਵਿਖੇ ਆੜ੍ਹਤ ਦਾ ਕੰਮ ਕਰਨ ਵਾਲੇ ਇੱਕ ਵਿਅਕਤੀ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜੀਵਨ ਕੁਮਾਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੇਰ ਸ਼ਾਮ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਸਿਟੀ ਥਾਣਾ ਸਮਾਣਾ ਦੇ ਬਾਹਰ ਧਰਨਾ ਲਗਾ ਦਿੱਤਾ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਮ੍ਰਿਤਕ ਦੇ ਪੁੱਤਰ ਸ਼ੈਂਕੀ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਪਿੰਡ ਗੱਜੂ ਮਾਜਰਾ ਵਿਖੇ ਆੜ੍ਹਤ ਦੀ ਦੁਕਾਨ ਹੈ। ਉਸ ਦੇ ਪਿਤਾ ਆਪਣੀ ਝੋਨੇ ਦੀ ਫ਼ਸਲ ਦੋ ਰਾਈਸ ਸ਼ੈਲਰਾਂ ਵਿੱਚ ਦੇ ਰਹੇ ਸਨ। ਦੋਸ਼ ਹੈ ਕਿ ਰਾਈਸ ਸ਼ੈਲਰ ਮਾਲਕਾਂ ਵੱਲੋਂ ਵਾਰ-ਵਾਰ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਦੀ ਗੱਲ ਕਹਿ ਕੇ ਵੱਖ-ਵੱਖ ਤਰੀਕਿਆਂ ਨਾਲ ਰੁਪਏ ਵਸੂਲ ਕੀਤੇ ਗਏ। ਇਸ ਤੋਂ ਇਲਾਵਾ ਝੋਨੇ ਦੇ 540 ਬੈਗਾਂ ਦਾ ਗੇਟ ਪਾਸ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਸੀ। ਇਸ ਕਾਰਨ ਉਨ੍ਹਾਂ ਦੇ ਪਿਤਾ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਅਤੇ ਆਰਥਿਕ ਪਰੇਸ਼ਾਨੀ ਵਿੱਚੋਂ ਲੰਘ ਰਹੇ ਸਨ। ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਅੱਜ ਸਵੇਰੇ ਉਨ੍ਹਾਂ ਦੇ ਪਿਤਾ ਨੇ ਕਥਿਤ ਤੌਰ 'ਤੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਨ੍ਹਾਂ ਦੀ ਹਾਲਤ ਵਿਗੜਨ 'ਤੇ ਤੁਰੰਤ ਸਿਵਲ ਹਸਪਤਾਲ ਸਮਾਣਾ ਵਿਖੇ ਦਾਖ਼ਲ ਕਰਵਾਇਆ ਗਿਆ। ਉੱਥੋਂ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਉਚਿਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਦੇਰ ਸ਼ਾਮ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਸਿਟੀ ਥਾਣਾ ਸਮਾਣਾ ਦੇ ਬਾਹਰ ਧਰਨਾ ਲਗਾ ਦਿੱਤਾ।
ਇਸ ਸਬੰਧੀ ਸਿਟੀ ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ।