- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਹਰਿਆਣਾ ਦੇ ਪਹੇਵਾ ਤੋਂ ਹੋਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਸ਼ੰਭੂ ਟੋਲ ਪਲਾਜ਼ਾ ਇੱਕ ਵਾਰ ਫਿਰ ਕਿਸਾਨੀ ਸੰਘਰਸ਼ ਦਾ ਮੁੱਖ ਕੇਂਦਰ ਬਣ ਗਿਆ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬ ਜਾਗਰਣ, ਘਨੌਰ : ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਹਰਿਆਣਾ ਦੇ ਪਹੇਵਾ ਤੋਂ ਹੋਈ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੋਮਵਾਰ ਨੂੰ ਸ਼ੰਭੂ ਟੋਲ ਪਲਾਜ਼ਾ ਇੱਕ ਵਾਰ ਫਿਰ ਕਿਸਾਨੀ ਸੰਘਰਸ਼ ਦਾ ਮੁੱਖ ਕੇਂਦਰ ਬਣ ਗਿਆ। ਦੱਸਣਾ ਬਣਦਾ ਹੈ ਕਿ ਕਿਸਾਨ ਜਥੇਬੰਦੀਆਂ ਵਲੋਂ 21 ਜੁਲਾਈ ਨੂੰ ਦਿੱਲੀ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਗੁਰਨਾਮ ਸਿੰਘ ਚੜੂਨੀ ਨੂੰ ਹਰਿਆਣਾ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਟੋਲ ਪਲਾਜ਼ਾ 'ਤੇ ਰੋਸ ਪ੍ਰਦਰਸ਼ਨ ਕੀਤਾ।
ਇਸ ਪ੍ਰਦਰਸ਼ਨ ਦੀ ਅਗਵਾਈ ਬੀਕੇਯੂ (ਚੜੂਨੀ) ਦੇ ਪੰਜਾਬ ਪ੍ਰਧਾਨ ਅਮਨਿੰਦਰ ਸਿੰਘ ਹੈਪੀ, ਸੂਬਾ ਮੀਤ ਪ੍ਰਧਾਨ ਮਲਕੀਤ ਸਿੰਘ ਸੰਜਰਪੁਰ ਅਤੇ ਜ਼ਿਲ੍ਹਾ ਪਟਿਆਲਾ ਪ੍ਰਧਾਨ ਸੁਖਵਿੰਦਰ ਸਿੰਘ ਕਰ ਰਹੇ ਸਨ। ਧਰਨੇ ਦੌਰਾਨ ਜਿਵੇਂ ਹੀ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਪਹਿਲਾਂ ਤੋਂ ਹੀ ਮੁਸਤੈਦ ਅੰਬਾਲਾ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਤੋਂ ਬਾਅਦ ਪੁਲਿਸ ਅਤੇ ਕਿਸਾਨਾਂ ਵਿਚਕਾਰ ਕਾਫ਼ੀ ਸਮੇਂ ਤੱਕ ਤਣਾਅਪੂਰਨ ਸਥਿਤੀ ਬਣੀ ਰਹੀ। ਕਿਸਾਨ ਆਪਣੀਆਂ ਮੰਗਾਂ 'ਤੇ ਅਡਿੱਗ ਰਹੇ ਅਤੇ ਧਰਨਾ ਜਾਰੀ ਰੱਖਿਆ। ਮਾਹੌਲ ਵਿਗੜਦਾ ਦੇਖ ਪੁਲਿਸ ਨੇ ਕਾਰਵਾਈ ਕਰਦਿਆਂ ਪੰਜਾਬ ਪ੍ਰਧਾਨ ਅਮਨਿੰਦਰ ਸਿੰਘ ਹੈਪੀ, ਮੀਤ ਪ੍ਰਧਾਨ ਮਲਕੀਤ ਸਿੰਘ ਸੰਜਰਪੁਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਮੇਤ ਕਈ ਦਰਜਨ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਸਰਕਾਰੀ ਵਾਹਨਾਂ ਰਾਹੀਂ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗੁਰਨਾਮ ਸਿੰਘ ਚੜੂਨੀ ਸਮੇਤ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਗ੍ਰਿਫ਼ਤਾਰੀਆਂ ਦਾ ਸਿਲਸਿਲਾ ਨਾ ਰੋਕਿਆ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਧੇਰੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਘਟਨਾ ਤੋਂ ਬਾਅਦ ਟੋਲ ਪਲਾਜ਼ਾ 'ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
ਚੜੂਨੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ’ਤੇ ਹਮਲਾ ਕਰਾਰ
ਪ੍ਰਦਰਸ਼ਨਕਾਰੀਆਂ ਨੇ ਗੁਰਨਾਮ ਸਿੰਘ ਚੜੂਨੀ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ 'ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਆਪਣਾ ਵਿਰੋਧ ਦਰਜ ਕਰਵਾਉਣ ਲਈ ਇੱਥੇ ਇਕੱਠੇ ਹੋਏ ਸਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਖੁੱਲ੍ਹੇ ਵਪਾਰ ਸਮਝੌਤੇ (ਐੱਫ.ਟੀ.ਏ.) ਨਾਲ ਦੇਸ਼ ਦੀ ਖੇਤੀਬਾੜੀ, ਕਿਸਾਨਾਂ ਅਤੇ ਮੰਡੀ ਪ੍ਰਣਾਲੀ 'ਤੇ ਬੇਹੱਦ ਗੰਭੀਰ ਅਤੇ ਮਾੜਾ ਪ੍ਰਭਾਵ ਪਵੇਗਾ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਗ੍ਰਿਫ਼ਤਾਰੀ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਬੁਲੰਦ ਆਵਾਜ਼ ਨੂੰ ਗ੍ਰਿਫ਼ਤਾਰੀਆਂ ਜਾਂ ਸਰਕਾਰੀ ਦਮਨ ਰਾਹੀਂ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਲੋਕਤੰਤਰੀ ਢੰਗ ਨਾਲ ਹੱਕ ਮੰਗ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਦਾ ਸਹਾਰਾ ਲੈ ਰਹੀਆਂ ਹਨ।