- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸਹੂਲਤਾਂ ਅਤੇ ਮਨੁੱਖੀ ਵਿਹਾਰ ਨੂੰ ਪ੍ਰਭਾਵਿਤ ਕਰਨ ਵਾਲੀਆਂ ਥਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਬਾਅਦ ਦੁਪਹਿਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸ਼ੈਂਟੀ ਨੇ ਪਟਿਆਲਾ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਥਾਣਿਆਂ ਦਾ ਦੌਰਾ ਕਰਕੇ ਚੈਕਿੰਗ ਕੀਤੀ।

ਸਟਾਫ ਰਿਪੋਰਟਰ•ਪੰਜਾਬੀ ਜਾਗਰਣ, ਪਟਿਆਲਾ : ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸਹੂਲਤਾਂ ਅਤੇ ਮਨੁੱਖੀ ਵਿਹਾਰ ਨੂੰ ਪ੍ਰਭਾਵਿਤ ਕਰਨ ਵਾਲੀਆਂ ਥਾਵਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਬਾਅਦ ਦੁਪਹਿਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸ਼ੈਂਟੀ ਨੇ ਪਟਿਆਲਾ ਦੇ ਵੱਖ-ਵੱਖ ਸਿਹਤ ਕੇਂਦਰਾਂ ਅਤੇ ਥਾਣਿਆਂ ਦਾ ਦੌਰਾ ਕਰਕੇ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ, ਸਾਕੇਤ ਨਸ਼ਾ ਛੁਡਾਊ ਕੇਂਦਰ ਅਤੇ ਸਦਰ ਥਾਣੇ ਦਾ ਦੌਰਾ ਕੀਤਾ। ਉਨ੍ਹਾਂ ਨੇ ਇਨ੍ਹਾਂ ਸਥਾਨਾਂ ’ਤੇ ਲੋਕਾਂ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਤੋਂ ਇਲਾਵਾ ਬਾਥਰੂਮ, ਵੇਟਿੰਗ ਰੂਮ ਅਤੇ ਹੋਰ ਬੁਨਿਆਦੀ ਪ੍ਰਬੰਧਾਂ ਦਾ ਵੀ ਮੁਆਇਨਾ ਕੀਤਾ।
ਦੌਰੇ ਉਪਰੰਤ ਜਤਿੰਦਰ ਸ਼ੈਂਟੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੁਝ ਥਾਵਾਂ ’ਤੇ ਕਮੀਆਂ ਸਾਹਮਣੇ ਆਈਆਂ ਹਨ। ਇਨ੍ਹਾਂ ਕਮੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਵਿੱਚ ਸਿਰਫ਼ ਵੱਡੀਆਂ ਸਮੱਸਿਆਵਾਂ ਹੀ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀਆਂ ਮੁੱਢਲੀਆਂ ਸਹੂਲਤਾਂ ਵੱਲ ਵੀ ਧਿਆਨ ਦੇਣਾ ਜ਼ਰੂਰੀ ਹੈ। ਸਭ ਤੋਂ ਪਹਿਲਾਂ ਰਾਜਿੰਦਰਾ ਹਸਪਤਾਲ ਦੇ ਦੌਰੇ ਦੌਰਾਨ ਮੈਂਬਰ ਜਤਿੰਦਰ ਨੇ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੱਖ-ਵੱਖ ਥਾਵਾਂ ਦਾ ਨਿਰੀਖਣ ਕਰਦਿਆਂ ਬਾਥਰੂਮ, ਵੇਟਿੰਗ ਏਰੀਆ ਅਤੇ ਹੋਰ ਜਨਤਕ ਸਹੂਲਤਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਜਤਿੰਦਰ ਸ਼ੈਂਟੀ ਨੇ ਕਿਹਾ ਕਿ ਅਜਿਹੀਆਂ ਚੈਕਿੰਗਾਂ ਦਾ ਮਕਸਦ ਕਿਸੇ ਵਿਭਾਗ ਨੂੰ ਸਿਰਫ਼ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਜਿੱਥੇ ਕਮੀਆਂ ਹਨ, ਉਨ੍ਹਾਂ ਦੀ ਪਛਾਣ ਕਰਕੇ ਸੁਧਾਰ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਸਬੰਧੀ ਵੀ ਅਗਲੇ ਪੱਧਰ ’ਤੇ ਨਿਗਰਾਨੀ ਕੀਤੀ ਜਾਵੇਗੀ।
ਨਸ਼ਾ ਛੁਡਾਊ ਕੇਂਦਰ ’ਚ 35 ਪੀੜਤ, ਬਾਥਰੂਮ ਸਿਰਫ਼ ਇਕ
ਸਾਕੇਤ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਦੌਰਾਨ ਬੁਨਿਆਦੀ ਸਹੂਲਤਾਂ ਨਾਲ ਜੁੜੀ ਕਮੀ ਸਾਹਮਣੇ ਆਈ। ਸ਼੍ਰੀ ਸ਼ੈਂਟੀ ਨੇ ਦੱਸਿਆ ਕਿ ਕੇਂਦਰ ਵਿੱਚ ਇਸ ਸਮੇਂ ਇਥੇ ਕਰੀਬ 35 ਪੀੜਤ ਦਾਖਲ ਹਨ, ਜਦਕਿ ਉਨ੍ਹਾਂ ਲਈ ਬਾਥਰੂਮ ਦੀ ਗਿਣਤੀ ਸਿਰਫ਼ ਇਕ ਹੈ। ਇਸ ਕਾਰਨ ਦਾਖਲ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਪ੍ਰਬੰਧਾਂ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਕੇਂਦਰ ਵਿੱਚ ਸਫਾਈ, ਮਰੀਜ਼ਾਂ ਲਈ ਉਪਲਬਧ ਹੋਰ ਬੁਨਿਆਦੀ ਸਹੂਲਤਾਂ ਅਤੇ ਉਨ੍ਹਾਂ ਦੇ ਰਹਿਣ-ਸਹਿਣ ਨਾਲ ਸਬੰਧਤ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਚੇਅਰਮੈਨ ਨੇ ਸਪੱਸ਼ਟ ਕੀਤਾ ਕਿ ਇਲਾਜ ਅਧੀਨ ਵਿਅਕਤੀਆਂ ਨੂੰ ਸਾਫ਼-ਸੁਥਰਾ ਅਤੇ ਮਨੁੱਖੀ ਮਾਹੌਲ ਮੁਹੱਈਆ ਕਰਵਾਉਣਾ ਜ਼ਰੂਰੀ ਹੈ।
ਸਦਰ ਥਾਣਾ ਦਾ ਵੀ ਕੀਤਾ ਨਿਰੀਖਣ
ਇਸੇ ਤਰ੍ਹਾਂ ਮੈਂਬਰ ਜਤਿੰਦਰ ਸ਼ੈਂਟੀ ਨੇ ਸਦਰ ਥਾਣਾ ਦਾ ਦੌਰਾ ਕਰਕੇ ਉੱਥੇ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਥਾਣੇ ਵਿੱਚ ਆਉਣ ਵਾਲੇ ਲੋਕਾਂ ਲਈ ਉਪਲਬਧ ਸਹੂਲਤਾਂ, ਵੇਟਿੰਗ ਰੂਮ ਅਤੇ ਹੋਰ ਸਥਾਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਣੇ ਵਿੱਚ ਆਉਣ ਵਾਲੇ ਲੋਕਾਂ ਨਾਲ ਮਨੁੱਖੀ ਅਤੇ ਸਨਮਾਨਜਨਕ ਵਿਵਹਾਰ ਯਕੀਨੀ ਬਣਾਇਆ ਜਾਵੇ ਅਤੇ ਮੁੱਢਲੀਆਂ ਸਹੂਲਤਾਂ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਰਹਿਣ ਦਿੱਤੀ ਜਾਵੇ।