- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਉਪਲਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਬਲਦੇਵ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਅਤੇ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਅਕਾਲ ਯੂਥ ਜਥੇਬੰਦੀ ਵੱਲੋਂ ਐੱਸ.ਪੀ. ਰਾਜਪੁਰਾ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ।

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਉਪਲਹੇੜੀ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਬਲਦੇਵ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਅਤੇ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਅਕਾਲ ਯੂਥ ਜਥੇਬੰਦੀ ਵੱਲੋਂ ਐੱਸ.ਪੀ. ਰਾਜਪੁਰਾ ਨੂੰ ਮਿਲ ਕੇ ਮੰਗ ਪੱਤਰ ਸੌਂਪਿਆ ਗਿਆ।
ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਵੇਰ ਵੇਲੇ ਸੇਵਾ ਕਰਨ ਪਹੁੰਚੇ ਸੇਵਾਦਾਰ ਬਲਦੇਵ ਸਿੰਘ ’ਤੇ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਇੱਕ ਵਿਅਕਤੀ ਨੇ ਹਮਲਾ ਕਰ ਦਿੱਤਾ। ਕਥਿਤ ਦੋਸ਼ੀ ਨੇ ਸੇਵਾਦਾਰ ਦਾ ਗਲ਼ਾ ਉਦੋਂ ਤੱਕ ਘੁੱਟਿਆ, ਜਦੋਂ ਤੱਕ ਉਸ ਨੂੰ ਇਹ ਯਕੀਨ ਨਹੀਂ ਹੋ ਗਿਆ ਕਿ ਸੇਵਾਦਾਰ ਦੀ ਮੌਤ ਹੋ ਚੁੱਕੀ ਹੈ। ਇਹ ਘਟਨਾ ਸਿਰਫ਼ ਇੱਕ ਵਿਅਕਤੀ ’ਤੇ ਹਮਲਾ ਨਹੀਂ, ਸਗੋਂ ਗੁਰਧਾਮ ਦੀ ਮਰਿਆਦਾ ਅਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ’ਤੇ ਸਿੱਧਾ ਵਾਰ ਹੈ, ਜਿਸ ਵਿੱਚ ਬੇਅਦਬੀ ਦੀ ਕੋਸ਼ਿਸ਼ ਦਾ ਪਹਿਲੂ ਵੀ ਸਾਹਮਣੇ ਆਇਆ ਹੈ।
ਜਥੇਬੰਦੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫ.ਆਈ.ਆਰ. ਨੰਬਰ 103 ਮਿਤੀ 25-11-2026 ਬੀ.ਐੱਨ.ਐੱਸ. ਦੀ ਧਾਰਾ 115(2), 305 ਅਤੇ 331(6) ਅਧੀਨ ਦਰਜ ਹੋਈ ਹੈ, ਜੋ ਘਟਨਾ ਦੀ ਗੰਭੀਰਤਾ ਦੇ ਮੁਕਾਬਲੇ ਬਹੁਤ ਹਲਕੀ ਹੈ। ਅਕਾਲ ਯੂਥ ਜਥੇਬੰਦੀ ਵੱਲੋਂ ਮੰਗ ਪੱਤਰ ਵਿੱਚ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਐੱਫ.ਆਈ.ਆਰ. ਵਿੱਚ ਬੀ.ਐੱਨ.ਐੱਸ. ਦੀ ਧਾਰਾ 109 (ਕਤਲ ਦੀ ਕੋਸ਼ਿਸ਼) ਅਤੇ ਧਾਰਾ 299 (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਦਾ ਵਾਧਾ ਕੀਤਾ ਜਾਵੇ। ਇਸ ਘਟਨਾ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਇਲਾਵਾ
ਪੀੜਤ ਸੇਵਾਦਾਰ ਅਤੇ ਗੁਰਦੁਆਰਾ ਸਾਹਿਬ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਜਾਵੇ। ਜਥੇਬੰਦੀ ਨੇ ਮੰਗ ਕੀਤੀ ਕਿ ਪੁਲਿਸ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਅਤੇ ਦਬਾਅ ਦੇ ਨਿਰਪੱਖ ਕਾਰਵਾਈ ਕਰੇ, ਤਾਂ ਜੋ ਪੀੜਤ ਨੂੰ ਇਨਸਾਫ਼ ਮਿਲ ਸਕੇ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੀ ਰਾਖੀ ਯਕੀਨੀ ਬਣਾਈ ਜਾ ਸਕੇ। ਜਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਅਗਲਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਾ ਪਵੇਗਾ।