- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਦੀ ਸਾਬਕਾ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਸ਼ਵੇਤਾ ਜਿੰਦਲ ਵੱਲੋਂ ਦਾਇਰ ਇੱਕ ਅਪਰਾਧਿਕ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਪਟਿਆਲਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਐਡਵੋਕੇਟ ਰਾਹੁਲ ਸੈਣੀ ਅਤੇ ਚਾਰ ਹੋਰਾਂ ਵਿਰੁੱਧ ਨੋਟਿਸ ਜਾਰੀ ਕੀਤੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਦੀ ਸਾਬਕਾ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਸ਼ਵੇਤਾ ਜਿੰਦਲ ਵੱਲੋਂ ਦਾਇਰ ਇੱਕ ਅਪਰਾਧਿਕ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਪਟਿਆਲਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਐਡਵੋਕੇਟ ਰਾਹੁਲ ਸੈਣੀ ਅਤੇ ਚਾਰ ਹੋਰਾਂ ਵਿਰੁੱਧ ਨੋਟਿਸ ਜਾਰੀ ਕੀਤੇ ਹਨ।
ਅਦਾਲਤ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 223 ਤਹਿਤ ਕਾਰਵਾਈ ਕਰਦਿਆਂ ਸਾਰੇ ਮੁਲਜ਼ਮਾਂ ਨੂੰ 20 ਜੁਲਾਈ, 2026 ਨੂੰ ਨਿੱਜੀ ਤੌਰ 'ਤੇ ਜਾਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਇਹ ਧਾਰਾ ਨਿੱਜੀ ਅਪਰਾਧਿਕ ਸ਼ਿਕਾਇਤਾਂ ਦੇ ਮਾਮਲੇ ਵਿੱਚ ਮੈਜਿਸਟਰੇਟ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਨ ਨਾਲ ਸਬੰਧਤ ਹੈ। ਸ਼ਵੇਤਾ ਜਿੰਦਲ ਵੱਲੋਂ ਅਦਾਲਤ ਵਿੱਚ ਦਾਇਰ ਕੀਤੀ ਗਈ ਸ਼ਿਕਾਇਤ ਵਿੱਚ ਸਿਹਤ ਮੰਤਰੀ, ਉਨ੍ਹਾਂ ਦੇ ਪੁੱਤਰ ਅਤੇ ਹੋਰ ਚਾਰ ਮੁਲਜ਼ਮਾਂ 'ਤੇ ਬੇਹੱਦ ਗੰਭੀਰ ਦੋਸ਼ ਲਗਾਏ ਗਏ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਪੱਖ
ਦੂਜੇ ਪਾਸੇ, ਅਦਾਲਤ ਵੱਲੋਂ ਜਾਰੀ ਨੋਟਿਸਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਮੇਰੀ ਧੀ ਵਰਗੀ ਹੈ। ਉਹ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਟਿਕਟ ਚਾਹੁੰਦੀ ਸੀ। ਟਿਕਟ ਦੇ ਕਈ ਹੋਰ ਦਾਅਵੇਦਾਰ ਵੀ ਸਨ, ਪਰ ਪਾਰਟੀ ਨੇ ਉਸ ਨੂੰ ਟਿਕਟ ਨਾ ਦੇ ਕੇ ਕਿਸੇ ਹੋਰ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ, ਜਿਸ ਕਾਰਨ ਉਹ ਨਾਰਾਜ਼ ਹੋ ਗਈ ਸੀ। ਇਸ ਦੇ ਬਾਵਜੂਦ ਪਾਰਟੀ ਨੇ ਬਾਅਦ ਵਿੱਚ ਉਸ ਨੂੰ ਮਾਣ-ਸਤਿਕਾਰ ਦਿੰਦਿਆਂ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਬਣਾਇਆ ਅਤੇ ਜ਼ਿਲ੍ਹਾ ਯੋਜਨਾ ਕਮਿਸ਼ਨ ਦੀ ਮੈਂਬਰ ਵੀ ਨਿਯੁਕਤ ਕੀਤਾ।
ਅਦਾਲਤੀ ਨੋਟਿਸ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਸ਼ਿਕਾਇਤ ਦੀ ਜਾਂਚ ਪੜਤਾਲ ਦੇ ਸਬੰਧ ਵਿੱਚ ਬੁਲਾਇਆ ਹੈ, ਜੋ ਕਿ ਇੱਕ ਆਮ ਕਾਨੂੰਨੀ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਉਹ ਜਾਂ ਉਨ੍ਹਾਂ ਦੇ ਵਕੀਲ 20 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਆਪਣਾ ਪੱਖ ਮਜ਼ਬੂਤੀ ਨਾਲ ਰੱਖਣਗੇ।