- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਨੌਰ ਵਿਖੇ ਸੋਮਵਾਰ ਸ਼ਾਮ ਨੂੰ ਕਾਰ ਧਵਾਉਣ ਪਹੁੰਚੇ 25 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਫਤਿਹਪੁਰ ਰੋਡ, ਸਨੌਰ ਦੇ ਰਹਿਣ ਵਾਲੇ ਜਸ਼ਨ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸਨੌਰ ਵਿਖੇ ਸੋਮਵਾਰ ਸ਼ਾਮ ਨੂੰ ਕਾਰ ਧਵਾਉਣ ਪਹੁੰਚੇ 25 ਸਾਲਾ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਫਤਿਹਪੁਰ ਰੋਡ, ਸਨੌਰ ਦੇ ਰਹਿਣ ਵਾਲੇ ਜਸ਼ਨ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਜਸ਼ਨ ਸੋਮਵਾਰ ਸ਼ਾਮ ਲਗਪਗ ਸੱਤ ਵਜੇ ਆਪਣੀ ਕਾਰ ਲੈ ਕੇ ਖਾਲਸਾ ਕਾਰ ਵਾਸ਼ਿੰਗ ਸੈਂਟਰ 'ਤੇ ਪਹੁੰਚਿਆ ਸੀ। ਉੱਥੇ ਕਿਸੇ ਗੱਲ ਨੂੰ ਲੈ ਕੇ ਉਸ ਦੀ ਇਕ ਨੌਜਵਾਨ ਨਾਲ ਮਾਮੂਲੀ ਬਹਿਸ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਭਰਾ ਨੂੰ ਫੋਨ ਕਰਕੇ ਮੌਕੇ 'ਤੇ ਸੱਦ ਲਿਆ। ਭਰਾ ਦੇ ਪਹੁੰਚਦਿਆਂ ਹੀ ਉਸ ਨੇ ਦੂਸਰੇ ਨੌਜਵਾਨ ਜਸ਼ਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾਵਰ ਨੇ ਜਸ਼ਨ ਦੇ ਢਿੱਡ ਵਿੱਚ ਚਾਰ ਤੋਂ ਪੰਜ ਵਾਰ ਚਾਕੂ ਨਾਲ ਵਾਰ ਕੀਤੇ। ਗੰਭੀਰ ਰੂਪ ਵਿੱਚ ਜ਼ਖਮੀ ਜਸ਼ਨ ਖੂਨ ਨਾਲ ਲੱਥਪੱਥ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਨੌਜਵਾਨ ਨੇੜਲੇ ਪਿੰਡ ਮਾਜਰੀ ਦੇ ਰਹਿਣ ਵਾਲੇ ਹਨ। ਕਤਲ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਨੌਰ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ।
ਥਾਣਾ ਸਨੌਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਤੋਂ ਘਟਨਾ ਦੀ ਸੂਚਨਾ ਮਿਲੀ ਹੈ। ਪੁਲਿਸ ਦੀਆਂ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਕੀਤੀ ਜਾ ਰਹੀ ਹੈ।