- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਭੁਚਾਲ ਆ ਗਿਆ ਜਦੋਂ ਕਾਂਗਰਸ ਪਾਰਟੀ ਦੇ ਟਕਸਾਲੀ ਅਤੇ ਤਜਰਬੇਕਾਰ ਆਗੂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਵੱਡਾ ਭੁਚਾਲ ਆ ਗਿਆ ਜਦੋਂ ਕਾਂਗਰਸ ਪਾਰਟੀ ਦੇ ਟਕਸਾਲੀ ਅਤੇ ਤਜਰਬੇਕਾਰ ਆਗੂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ। ਇਸ ਕਾਰਵਾਈ ਮਗਰੋਂ ਸੂਬੇ ਦੇ ਰਾਜਨੀਤਿਕ ਗਲਿਆਰਿਆਂ ਵਿੱਚ ਗਰਮਾਹਟ ਆ ਗਈ ਹੈ ਅਤੇ ਕਾਂਗਰਸ ਦਾ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਨਵਾਂ ਮੋੜ ਉਸ ਸਮੇਂ ਆਇਆ ਜਦੋਂ ਦੇਰ ਸ਼ਾਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਸਣੇ ਕਈ ਵੱਡੇ ਆਗੂ ਮਦਨ ਲਾਲ ਜਲਾਲਪੁਰ ਦੇ ਘਰ ਪਹੁੰਚੇ। ਜਲਾਲਪੁਰ ਦੀ ਰਿਹਾਇਸ਼ 'ਤੇ ਲਗਭਗ ਦੋ ਤੋਂ ਢਾਈ ਘੰਟੇ ਲੰਮੀ ਬੈਠਕ ਚੱਲੀ, ਜਿਸ ਵਿੱਚ ਪਾਰਟੀ ਦੇ ਮੌਜੂਦਾ ਹਾਲਾਤ ਅਤੇ ਅਨੁਸ਼ਾਸਨੀ ਕਾਰਵਾਈ ਉੱਤੇ ਵਿਸਥਾਰ ਨਾਲ ਮੰਥਨ ਕੀਤਾ ਗਿਆ।
ਮਾਮਲੇ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਮਦਨ ਲਾਲ ਜਲਾਲਪੁਰ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਸਮੇਤ ਕਾਂਗਰਸ ਦੀ ਚੋਟੀ ਦੀ ਲੀਡਰਸ਼ਿਪ ਵਿਰੁੱਧ ਲਗਾਤਾਰ ਤਿੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ, ਪਟਿਆਲਾ ਵਿੱਚ ਕਾਂਗਰਸ ਪਾਰਟੀ ਦੇ ਇੱਕ ਪ੍ਰੋਗਰਾਮ ਦੌਰਾਨ ਉਸ ਸਮੇਂ ਹਾਈ-ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ 'ਚਰਨਜੀਤ ਸਿੰਘ ਚੰਨੀ ਜ਼ਿੰਦਾਬਾਦ' ਦੇ ਜ਼ੋਰਦਾਰ ਨਾਅਰੇ ਲਗਾਏ ਗਏ। ਇਸ ਨਾਅਰੇਬਾਜ਼ੀ ਅਤੇ ਵਧਦੇ ਵਿਵਾਦ ਦਾ ਨਤੀਜਾ ਇਹ ਨਿਕਲਿਆ ਕਿ ਪੰਜਾਬ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਤੁਰੰਤ ਐਕਸ਼ਨ ਲੈਂਦਿਆਂ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ, ਜਿਹੜਾ ਕਿ 9 ਜੁਲਾਈ ਨੂੰ ਜਾਰੀ ਹੋਇਆ ਸੀ ਅਤੇ 1 ਅਗਸਤ ਨੂੰ ਪਬਲਿਕ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਸ਼ਬਦਾਂ ਵਿੱਚ ਅਨੁਸ਼ਾਸਨ ਕਮੇਟੀ ਦੇ ਅਧਿਕਾਰਾਂ ਨੂੰ ਚੁਣੌਤੀ ਦਿੱਤੀ। ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੰਵਿਧਾਨ ਅਤੇ ਨਿਯਮਾਂ ਮੁਤਾਬਕ ਅਨੁਸ਼ਾਸਨੀ ਕਮੇਟੀ ਜਾਂ ਉਸਦੇ ਚੇਅਰਮੈਨ ਕੋਲ ਕਿਸੇ ਵੀ ਏ.ਆਈ.ਸੀ.ਸੀ. (AICC), ਪੀ.ਸੀ.ਸੀ. (PCC) ਮੈਂਬਰ ਜਾਂ ਸਾਬਕਾ ਵਿਧਾਇਕ ਨੂੰ ਸਿੱਧੇ ਤੌਰ 'ਤੇ ਸਸਪੈਂਡ ਕਰਨ ਦੀ ਕੋਈ ਪਾਵਰ ਨਹੀਂ ਹੈ। ਚੰਨੀ ਨੇ ਮਦਨ ਲਾਲ ਜਲਾਲਪੁਰ ਨੂੰ ਆਪਣਾ 'ਭਰਾ' ਕਰਾਰ ਦਿੰਦਿਆਂ ਕਿਹਾ ਕਿ ਮੁਸੀਬਤ ਅਤੇ ਸੰਕਟ ਦੇ ਸਮੇਂ ਉਹ ਆਪਣੇ ਭਰਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਪੂਰੇ ਮਸਲੇ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉੱਚ ਪੱਧਰੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਲ 2027 ਵਿੱਚ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਸਾਰੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੂੰ ਇਕੱਠੇ ਲੈ ਕੇ ਚੱਲਣਾ ਪਵੇਗਾ। ਚੰਨੀ ਨੇ ਜਲਾਲਪੁਰ ਨੂੰ ਪਾਰਟੀ ਦੀ 'ਸੰਪੱਤੀ' ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਨਾਰਾਜ਼ ਕਰਨ ਜਾਂ ਪਾਰਟੀ ਤੋਂ ਦੂਰ ਕਰਨ ਦੀ ਬਜਾਏ ਗਲੇ ਲਗਾਉਣਾ ਚਾਹੀਦਾ ਹੈ ਅਤੇ ਕਾਂਗਰਸ ਪਾਰਟੀ ਨੂੰ ਵੱਖ-ਵੱਖ ਫੁੱਲਾਂ ਵਾਲੇ ਇੱਕ 'ਗੁਲਦਸਤੇ' ਵਾਂਗ ਬਣਾ ਕੇ ਰੱਖਣਾ ਚਾਹੀਦਾ ਹੈ।
ਦੂਜੇ ਪਾਸੇ, ਮਦਨ ਲਾਲ ਜਲਾਲਪੁਰ ਨੇ ਵੀ ਸਾਫ਼ ਸ਼ਬਦਾਂ ਵਿੱਚ ਆਖਿਆ ਕਿ ਜੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪਾਰਟੀ ਦੇ ਪ੍ਰਧਾਨ ਬਣੇ ਰਹਿੰਦੇ ਹਨ, ਤਾਂ ਉਹ ਉਨ੍ਹਾਂ ਦੀ ਅਗਵਾਈ ਹੇਠ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ। ਇਸ ਤੋਂ ਇਲਾਵਾ, ਪਟਿਆਲਾ ਤੋਂ ਮੈਂਬਰ ਪਾਰਲੀਮੈਂਟ (MP) ਡਾ. ਧਰਮਵੀਰ ਗਾਂਧੀ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਜਲਾਲਪੁਰ ਦੇ ਘਰ ਪਹੁੰਚਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਪਾਰਟੀ ਦਾ ਇੱਕ ਵੱਡਾ ਧੜਾ ਮੌਜੂਦਾ ਸੂਬਾ ਪ੍ਰਧਾਨ ਦੀ ਕਾਰਜਸ਼ੈਲੀ ਤੋਂ ਅਸੰਤੁਸ਼ਟ ਚੱਲ ਰਿਹਾ ਹੈ।
ਮੀਟਿੰਗ ਦੇ ਅੰਤ ਵਿੱਚ ਚਰਨਜੀਤ ਸਿੰਘ ਚੰਨੀ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਉਗਰ ਨਾਅਰੇਬਾਜ਼ੀ ਜਾਂ ਅਨੁਸ਼ਾਸਨਹੀਣਤਾ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਖੁਦ ਦਿੱਲੀ ਜਾ ਕੇ ਹਾਈਕਮਾਨ ਦੇ ਸਾਹਮਣੇ ਪੰਜਾਬ ਦੇ ਹਾਲਾਤ ਰੱਖਣਗੇ ਅਤੇ ਇਸ ਮਸਲੇ ਦਾ ਸਾਰਥਕ ਹੱਲ ਕੱਢਣਗੇ।