- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਦਨ ਲਾਲ ਜਲਾਲਪੁਰ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦੀਆਂ ਚਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਦਨ ਲਾਲ ਜਲਾਲਪੁਰ ਨੇ ਅੱਜ ਪ੍ਰੈੱਸ ਬਿਆਨ ਜਾਰੀ ਕਰਦਿਆਂ ਉਨ੍ਹਾਂ ਦੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋਣ ਦੀਆਂ ਚਲ ਰਹੀਆਂ ਚਰਚਾਵਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਜਲਾਲਪੁਰ ਨੇ ਇਨ੍ਹਾਂ ਅਫ਼ਵਾਹਾਂ ਨੂੰ ਪੂਰੀ ਤਰ੍ਹਾਂ ਝੂਠਾ, ਮਨਘੜਤ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਆਖਰੀ ਸਾਹ ਤੱਕ ਕਾਂਗਰਸ ਪਾਰਟੀ ਦੇ ਵਫ਼ਾਦਾਰ ਸਿਪਾਹੀ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸੂਰਤ ਵਿੱਚ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਜਾਣ ਬਾਰੇ ਸੋਚ ਵੀ ਨਹੀਂ ਸਕਦੇ।
ਸਾਬਕਾ ਵਿਧਾਇਕ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਮੌਜੂਦਾ ਸ਼ਾਸਨ ਦੌਰਾਨ ਸਭ ਤੋਂ ਵੱਧ ਧੱਕੇਸ਼ਾਹੀ ਅਤੇ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਉਨ੍ਹਾਂ ਦਾ ਪਰਿਵਾਰ ਹੋਇਆ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ 'ਆਪ' ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਨੂੰ ਪ੍ਰੇਸ਼ਾਨ ਕਰਨ ਲਈ ਝੂਠੇ ਪਰਚੇ ਅਤੇ ਮੁਕੱਦਮੇ ਤੱਕ ਦਰਜ ਕੀਤੇ ਗਏ। ਅਜਿਹੇ ਹਾਲਾਤ ਵਿੱਚ, ਜਿਸ ਪਾਰਟੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਇੰਨਾ ਧੱਕਾ ਕੀਤਾ ਹੋਵੇ, ਉਸ ਵਿੱਚ ਸ਼ਾਮਿਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਜਲਾਲਪੁਰ ਨੇ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਗੁਮਰਾਹਕੁੰਨ ਖ਼ਬਰਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਸਭ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਦੀ ਇੱਕ ਸੋਚੀ-ਸਮਝੀ ਚਾਲ ਹੈ। ਉਨ੍ਹਾਂ ਦੀ ਸਿਆਸੀ ਸਾਖ ਨੂੰ ਨੁਕਸਾਨ ਪਹੁੰਚਾਉਣ ਅਤੇ ਕਾਂਗਰਸੀ ਵਰਕਰਾਂ ਵਿੱਚ ਭੰਬਲਭੂਸਾ ਪੈਦਾ ਕਰਨ ਲਈ ਇਹ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ।
ਮਦਨ ਲਾਲ ਜਲਾਲਪੁਰ ਕੇ ਕਿਹਾ " "ਮੇਰੀ ਰਗ-ਰਗ ਵਿੱਚ ਕਾਂਗਰਸ ਵਸੀ ਹੋਈ ਹੈ। ਮੈਂ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਦਾ ਰਹਾਂਗਾ। ਵਰਕਰ ਅਜਿਹੀਆਂ ਅਫ਼ਵਾਹਾਂ 'ਤੇ ਬਿਲਕੁਲ ਵੀ ਯਕੀਨ ਨਾ ਕਰਨ।"