ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਲਹਿਰਾਇਆ ਤਿਰੰਗਾ ਪੰਜਾਬੀ ਯੂਨੀਵਰਸਿਟੀ ਵਿਖੇ ਮਨਾਇਆ ਗਿਆ 80ਵਾਂ ਸੁਤੰਤਰਤਾ ਦਿਵਸ
Publish Date: Sun, 16 Aug 2026 05:29 PM (IST)
Updated Date: Sun, 16 Aug 2026 05:29 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਦੇਸ਼ ਦਾ 80ਵਾਂ ਸੁਤੰਤਰਤਾ ਦਿਵਸ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਮੂਹ ਯੂਨੀਵਰਸਿਟੀ ਪਰਿਵਾਰ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਪੰਜਾਬੀ ਯੂਨੀਵਰਸਿਟੀ ਦੇ ਮੂਲ ਮੰਤਵ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਆਪਣੀ ਅਮੀਰ ਪਰੰਪਰਾ ਅਤੇ ਸੱਭਿਆਚਾਰ ਨੂੰ ਸਾਂਭਣਾ ਇਸ ਅਦਾਰੇ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਆਜ਼ਾਦੀ ਦਿਹਾੜਾ ਸਾਨੂੰ ਇਹ ਵਿਚਾਰਨ ਦਾ ਮੌਕਾ ਦਿੰਦਾ ਹੈ ਕਿ ਸਾਡੇ ਸ਼ਹੀਦਾਂ ਨੇ ਜਿਨ੍ਹਾਂ ਉੱਚ ਆਦਰਸ਼ਾਂ ਅਤੇ ਵਿਰਾਸਤ ਲਈ ਕੁਰਬਾਨੀਆਂ ਦਿੱਤੀਆਂ, ਅਸੀਂ ਉਸ ਦੀ ਰਾਖੀ ਲਈ ਕਿੰਨੇ ਯਤਨਸ਼ੀਲ ਹਾਂ। ਸਮਾਰੋਹ ਦੌਰਾਨ ਯੂਨੀਵਰਸਿਟੀ ਦੀ ਰਵਾਇਤ ਨੂੰ ਕਾਇਮ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ, ਜਿਸ ਤੋਂ ਉਪ-ਕੁਲਪਤੀ ਨੇ ਸਲਾਮੀ ਲਈ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਵੱਲੋਂ ਵੀ ਆਪਣੇ ਵਿਚਾਰ ਪ੍ਰਗਟਾਏ ਗਏ। ਇਸ ਮੌਕੇ ਯੂਨੀਵਰਸਿਟੀ ਦੇ ਸਟਾਫ਼, ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।