ਬਜਟ ’ਚ ਪੰਜਾਬੀ ’ਵਰਸਿਟੀ ਦੇ ਕਰਜ਼ੇ ਬਾਰੇ ਚੁੱਪੀ ਨਿਰਾਸ਼ਾਜਨਕ : ਗੋਪਾਲਪੁਰੀ
ਬਜਟ ’ਚ ਪੰਜਾਬੀ ਯੂਨੀਵਰਸਿਟੀ ਦੇ ਕਰਜ਼ੇ ਬਾਰੇ ਚੁੱਪੀ ਨਿਰਾਸ਼ਾਜਨਕ – ਗੋਪਾਲਪੁਰੀ
Publish Date: Sun, 08 Mar 2026 06:47 PM (IST)
Updated Date: Sun, 08 Mar 2026 06:51 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2026-27 ’ਚ ਭਾਵੇਂ ਸਿੱਖਿਆ ਖੇਤਰ ਲਈ ਵੱਡੇ ਦਾਅਵੇ ਕੀਤੇ ਗਏ ਹਨ ਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਭਾਰੀ ਕਰਜ਼ੇ ਅਤੇ ਗੰਭੀਰ ਵਿੱਤੀ ਸੰਕਟ ਬਾਰੇ ਕੋਈ ਸਪੱਸ਼ਟ ਐਲਾਨ ਨਾ ਹੋਣਾ ਬਹੁਤ ਨਿਰਾਸ਼ਾਜਨਕ ਹੈ। ਨਾਨ-ਟੀਚਿੰਗ ਕਰਮਚਾਰੀ ਐਸੋਸੀਏਸ਼ਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਬਜਟ ਪੇਸ਼ ਹੋਣ ਤੋਂ ਬਾਅਦ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਯੂਨੀਵਰਸਿਟੀ ਦੇ ਵਿੱਤੀ ਸੰਕਟ ਤੇ ਸਰਕਾਰ ਵੱਲੋਂ ਇਸ ਬਾਰੇ ਕੋਈ ਠੋਸ ਐਲਾਨ ਨਾ ਕਰਨ ’ਤੇ ਗੰਭੀਰ ਚਿੰਤਾ ਜਤਾਈ ਗਈ। ਇਸ ਮੌਕੇ ਗੁਰਜੀਤ ਸਿੰਘ ਗੋਪਾਲਪੁਰੀ ਪ੍ਰਧਾਨ ਨਾਨ-ਟੀਚਿੰਗ ਕਰਮਚਾਰੀ ਐਸੋਸੀਏਸ਼ਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਲੰਮੇ ਸਮੇਂ ਤੋਂ ਸੈਂਕੜਿਆਂ ਕਰੋੜ ਰੁਪਏ ਦੇ ਕਰਜ਼ੇ ਹੇਠ ਦਬੀ ਹੋਈ ਹੈ ਅਤੇ ਇਸ ਕਰਕੇ ਯੂਨੀਵਰਸਿਟੀ ਦੀ ਆਰਥਿਕ ਸਥਿਤੀ ਬਹੁਤ ਨਾਜ਼ੁਕ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਕਰਮਚਾਰੀ ਅਤੇ ਵਿਦਿਆਰਥੀ ਉਮੀਦ ਕਰ ਰਹੇ ਸਨ ਕਿ ਪੰਜਾਬ ਸਰਕਾਰ ਇਸ ਬਜਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਕਰਜ਼ੇ ਨੂੰ ਖਤਮ ਕਰਨ ਲਈ ਖਾਸ ਪੈਕੇਜ ਜਾਂ ਵੱਡੀ ਗ੍ਰਾਂਟ ਦਾ ਐਲਾਨ ਕਰੇਗੀ, ਪਰ ਬਜਟ ਵਿੱਚ ਇਸ ਮਾਮਲੇ ’ਤੇ ਸਰਕਾਰ ਦੀ ਚੁੱਪੀ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਲਈ ਤੁਰੰਤ ਖਾਸ ਵਿੱਤੀ ਪੈਕੇਜ ਅਤੇ ਕਰਜ਼ਾ ਮੁਕਤੀ ਯੋਜਨਾ ਦਾ ਐਲਾਨ ਕੀਤਾ ਜਾਵੇ, ਤਾਂ ਜੋ ਯੂਨੀਵਰਸਿਟੀ ਨੂੰ ਵਿੱਤੀ ਤੌਰ ’ਤੇ ਮਜ਼ਬੂਤ ਬਣਾਇਆ ਜਾ ਸਕੇ। ਗੁਰਜੀਤ ਸਿੰਘ ਗੋਪਾਲਪੁਰੀ ਨੇ ਕਿਹਾ ਕਿ ਜੇਕਰ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਅਧਿਆਪਕ, ਵਿਦਿਆਰਥੀ ਅਤੇ ਕਰਮਚਾਰੀ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।