ਸ਼ਹਿਰ ’ਚ ਜਗ੍ਹਾ-ਜਗ੍ਹਾ ਲੱਗੇ ਕੂੜੇ ਦੇ ਢੇਰਾਂ ਨਾਲ ਲੋਕ ਪਰੇਸ਼ਾਨ
ਸ਼ਹਿਰ ‘ਚ ਜਗ੍ਹਾ-ਜਗ੍ਹਾ ਲੱਗੇ ਕੂੜੇ ਦੇ ਢੇਰਾਂ ਨਾਲ ਲੋਕ ਪਰੇਸ਼ਾਨ
Publish Date: Sat, 04 Apr 2026 04:09 PM (IST)
Updated Date: Sun, 05 Apr 2026 03:59 AM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਸ਼ਹਿਰ ’ਚ ਇਨ੍ਹਾਂ ਦਿਨਾਂ ਗੰਦਗੀ ਦੀ ਸਮੱਸਿਆ ਗੰਭੀਰ ਰੂਪ ਧਾਰ ਚੁੱਕੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਮੌਸਮ ਤੇ ਵਧ ਰਹੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਹਾਲਾਤ ਹੋਰ ਵੀ ਖ਼ਤਰਨਾਕ ਬਣ ਰਹੇ ਹਨ। ਗੰਦਗੀ ਦੇ ਢੇਰਾਂ ਕਾਰਨ ਮੱਛਰਾਂ ਤੇ ਮੱਖੀਆਂ ਦੀ ਸੰਖਿਆ ’ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਨਾਲ ਡੇਂਗੂ, ਮਲੇਰੀਆ ਤੇ ਹੋਰ ਸੰਕਰਮਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ, ਜਿਸ ਕਾਰਨ ਗੰਦਗੀ ਸੜਕਾਂ ’ਤੇ ਫੈਲ ਰਹੀ ਹੈ ਤੇ ਬਦਬੂ ਨਾਲ ਜੀਣਾ ਮੁਸ਼ਕਲ ਹੋ ਗਿਆ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਨਗਰ ਕੌਂਸਲ ਵੱਲੋਂ ਸਫਾਈ ਪ੍ਰਬੰਧਾਂ ’ਚ ਲਾਪਰਵਾਹੀ ਕੀਤੀ ਜਾ ਰਹੀ ਹੈ। ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਸਫਾਈ ਮੁਹਿੰਮ ਚਲਾਈ ਜਾਵੇ ਅਤੇ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕਰਵਾਇਆ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ‘ਚ ਕਿਸੇ ਵੱਡੀ ਬਿਮਾਰੀ ਤੋਂ ਬਚਿਆ ਜਾ ਸਕੇ। ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਧਿਆਨ ਨਾ ਦਿੱਤਾ ਤਾਂ ਇਹ ਸਮੱਸਿਆ ਭਿਆਨਕ ਰੂਪ ਧਾਰ ਸਕਦੀ ਹੈ।