ਲੋਕ ਮੁੜ ‘ਆਪ’ ਦੀ ਸਰਕਾਰ ਬਣਾਉਣ ਲਈ ਉਤਾਵਲੇ : ਵਿਧਾਇਕ ਪੰਡੋਰੀ ਲੋਕ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ: ਵਿਧਾਇਕ ਪੰਡੋਰੀ
Publish Date: Wed, 04 Nov 2026 03:36 PM (IST)
Updated Date: Thu, 05 Nov 2026 04:02 AM (IST)
ਸ਼ੇਰਪੁਰ ’ਚ ਵਿਧਾਇਕ ਪੰਡੋਰੀ ਨੇ ਘਰ-ਘਰ ਜਾ ਕੇ ਚੋਣ ਮੁਹਿੰਮ ਦਾ ਕੀਤਾ ਆਗਾਜ਼ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਪਿੰਡਾਂ ਅਤੇ ਸ਼ਹਿਰਾਂ ਅੰਦਰ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਹੋਰ ਇਤਿਹਾਸਿਕ ਕੰਮਾਂ ਨੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਤੋਂ ਪਾਰਟੀ ਵੱਲੋਂ ਟਿਕਟ ਨਾਲ ਨਿਵਾਜੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਸ਼ੇਰਪੁਰ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ। ਵਿਧਾਇਕ ਪੰਡੋਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦਿਆਂ ਨੂੰ ਅਮਲੀ ਰੂਪ ਦੇ ਕੇ ਸੂਬੇ ਦੀ ਸਿਆਸਤ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਕੰਮਾਂ ਦੀ ਚਰਚਾ ਹੁਣ ਸੂਬੇ ਤੋਂ ਬਾਹਰ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਦੇ ਪਿੰਡਾਂ ਵਿੱਚ ਸੜਕਾਂ ਦਾ ਜਾਲ ਵਿਛਾਉਣ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਅਤੇ ਲੋਕਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦੇ ਕੇ ਉਨ੍ਹਾਂ ਦੇ ਮਨਾਂ ਵਿੱਚ ਨਵੀਂ ਉਮੀਦ ਜਗਾਈ ਹੈ। ਪਿੰਡਾਂ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਲੋਕਾਂ ਦੀ ਪਹੁੰਚ ਵਿੱਚ ਲਿਆਂਦੀਆਂ ਗਈਆਂ ਹਨ। ਇਸ ਤੋਂ ਇਲਾਵਾ ਔਰਤਾਂ ਲਈ ਸਤਿਕਾਰ ਰਾਸ਼ੀ ਯੋਜਨਾ ਤਹਿਤ ਵਿੱਤੀ ਸਹਾਇਤਾ ਦੇਣ ਦੇ ਕੀਤੇ ਜਾ ਰਹੇ ਉਪਰਾਲੇ ਵੀ ਸਰਕਾਰ ਦੀ ਲੋਕ ਪੱਖੀ ਸੋਚ ਨੂੰ ਦਰਸਾਉਂਦੇ ਹਨ। ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦਿਆਂ ਵਿਧਾਇਕ ਪੰਡੋਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਕੋਲ ਲੋਕਾਂ ਨੂੰ ਦੱਸਣ ਲਈ ਕੋਈ ਠੋਸ ਵਿਕਾਸ ਏਜੰਡਾ ਨਹੀਂ ਹੈ। ਇਨ੍ਹਾਂ ਪਾਰਟੀਆਂ ਨੇ ਲੰਮਾ ਸਮਾਂ ਸੱਤਾ ਵਿੱਚ ਰਹਿ ਕੇ ਸੂਬੇ ਨੂੰ ਪਿੱਛੇ ਧੱਕਿਆ, ਜਦਕਿ ਆਮ ਆਦਮੀ ਪਾਰਟੀ ਨੇ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੇ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਕੰਮ ਦੀ ਸਿਆਸਤ ਨੂੰ ਤਰਜੀਹ ਦੇ ਰਹੇ ਹਨ ਅਤੇ ਰਵਾਇਤੀ ਪਾਰਟੀਆਂ ਦੀ ਸਿਆਸਤ ਨੂੰ ਨਕਾਰ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਮਹਿਲ ਕਲਾਂ ਦੇ ਲੋਕਾਂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਅਤੇ ਮਾਣ-ਸਤਿਕਾਰ ਦਿੱਤਾ ਹੈ। ਉਨ੍ਹਾਂ ਦਾ ਯਤਨ ਰਿਹਾ ਹੈ ਕਿ ਹਲਕੇ ਦਾ ਕੋਈ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਆਵੇ ਤਾਂ ਉਸ ਨੂੰ ਨਿਰਾਸ਼ ਹੋ ਕੇ ਨਾ ਮੁੜਨਾ ਪਵੇ। ਉਨ੍ਹਾਂ ਦਾਅਵਾ ਕੀਤਾ ਕਿ ਬਿਨਾਂ ਕਿਸੇ ਭੇਦਭਾਵ ਅਤੇ ਬਿਨਾਂ ਪੈਸੇ ਲਏ ਲੋਕਾਂ ਦੇ ਕੰਮ ਕਰਵਾਉਣ ਨੂੰ ਹਮੇਸ਼ਾ ਪਹਿਲ ਦਿੱਤੀ ਗਈ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਕਾਸ ਦੀ ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਣ ਲਈ ਉਨ੍ਹਾਂ ਦਾ ਸਾਥ ਦਿੱਤਾ ਜਾਵੇ, ਤਾਂ ਜੋ ਹਲਕਾ ਮਹਿਲ ਕਲਾਂ ਨੂੰ ਹੋਰ ਵਿਕਸਤ ਅਤੇ ਖੁਸ਼ਹਾਲ ਬਣਾਉਣ ਦੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿੱਚ ਲਿਆਂਦਾ ਜਾ ਸਕੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਸਰਪੰਚ ਰਾਜਵਿੰਦਰ ਸਿੰਘ, ਬਲਾਕ ਪ੍ਰਧਾਨ ਸੁਖਵੀਰ ਸਿੰਘ ਚੀਮਾਂ, ਨੌਜਵਾਨ ਆਗੂ ਗੁਰਦੀਪ ਸਿੰਘ ਅਲੀਪੁਰ ਖਾਲਸਾ, ਸਰਪੰਚ ਦਵਿੰਦਰ ਸਿੰਘ ਗੋਬਿੰਦਪੁਰਾ, ਸੁਖਵਿੰਦਰ ਸਿੰਘ ਧਾਲੀਵਾਲ, ਸਰਪੰਚ ਗੁਰਜੰਟ ਸਿੰਘ, ਸਰਪੰਚ ਡਾ. ਰਣਜੀਤ ਸਿੰਘ ਹਾਜ਼ਰ ਸਨ।