ਘੋੜੇਨਾਬ ਦੇ ਲੋਕਾਂ ਨੇ ਮੰਤਰੀ ਗੋਇਲ ਦੇ ਦਫਤਰ ਬਾਹਰ ਕੀਤਾ ਪ੍ਰਦਰਸ਼ਨ
ਘੋੜੇਨਾਬ ਦੇ ਲੋਕਾਂ ਨੇ ਮੰਤਰੀ ਗੋਇਲ ਦੇ ਦਫਤਰ ਬਾਹਰ ਕੀਤਾ ਪ੍ਰਦਰਸ਼ਨ
Publish Date: Tue, 16 Jun 2026 06:44 PM (IST)
Updated Date: Wed, 17 Jun 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਪਿੰਡ ਘੋੜੇਨਾਬ ਦੇ ਵਸਨੀਕਾਂ ਨੇ ਮੰਗਲਵਾਰ ਨੂੰ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਦੇ ਬਾਹਰ ਧਰਨਾ-ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲਿਸ ਸਿਆਸੀ ਦਬਾਅ ਹੇਠ ਆ ਕੇ ਕਥਿਤ ਤੌਰ ਤੇ ਬੇਕਸੂਰ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਪੀੜਤ ਪਰਿਵਾਰ ਦੀ ਬਜ਼ੁਰਗ ਮਹਿਲਾ ਬੇਅੰਤ ਕੌਰ ਨੇ ਭਾਵੁਕ ਹੁੰਦੇ ਹੋਏ ਪ੍ਰਸ਼ਾਸਨ ਤੇ ਗੰਭੀਰ ਦੋਸ਼ ਲਾਉਦਿਆਂ ਕਿਹਾ ਕਿ ਝਗੜੇ ਵਾਲੇ ਸਮੇਂ ਉਨ੍ਹਾਂ ਦਾ ਪੁੱਤਰ ਘਰ ਵਿੱਚ ਸੁੱਤਾ ਹੋਇਆ ਸੀ, ਪਰ ਵਿਰੋਧੀ ਧਿਰ ਦੇ ਕੁਝ ਲੋਕਾਂ ਨੇ ਸਿਆਸੀ ਰੰਜਿਸ਼ ਕਾਰਨ ਉਸ ਦਾ ਨਾਮ ਵੀ ਪੁਲਿਸ ਕੇਸ ਵਿੱਚ ਸ਼ਾਮਲ ਕਰਵਾ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਦਰਜ ਕੀਤਾ ਗਿਆ ਝੂਠਾ ਮਾਮਲਾ ਤੁਰੰਤ ਰੱਦ ਕੀਤਾ ਜਾਵੇ। ਪਿੰਡ ਵਾਸੀਆਂ ਨੇ ਵੀ ਕਿਹਾ ਕਿ ਸੰਬੰਧਿਤ ਨੌਜਵਾਨ ਘਟਨਾ ਸਮੇਂ ਘਰ ਵਿੱਚ ਮੌਜੂਦ ਸੀ ਅਤੇ ਉਸ ਖ਼ਿਲਾਫ਼ ਨਾਜਾਇਜ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਬੇਕਸੂਰਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਇਸੇ ਦੌਰਾਨ ਪਿੰਡ ਦੀ ਇਕ ਹੋਰ ਮਹਿਲਾ ਮਨਦੀਪ ਕੌਰ ਨੇ ਦੱਸਿਆ ਕਿ 13 ਜੂਨ ਨੂੰ ਪਿੰਡ ਘੋੜੇਨਾਬ ਵਿੱਚ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਨੇ ਦੀਪ ਸਿੰਘ ਨਾਮਕ ਨੌਜਵਾਨ ਨੂੰ ਘਰੋਂ ਚੁੱਕ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਦੇ ਪਿਤਾ ਕਾਲਾ ਸਿੰਘ ਖ਼ਿਲਾਫ਼ ਹੀ ਉਲਟਾ ਝੂਠਾ ਮਾਮਲਾ ਦਰਜ ਕਰਵਾ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਉਨ੍ਹਾਂ ਦੇ 17 ਸਾਲਾ ਨਾਬਾਲਗ ਪੁੱਤਰ ਦਿਲਬਾਗ ਸਿੰਘ ਦਾ ਨਾਮ ਵੀ ਇਸ ਮਾਮਲੇ ਵਿੱਚ ਸ਼ਾਮਲ ਕਰ ਰਹੀ ਹੈ, ਜਦਕਿ ਉਹ ਘਟਨਾ ਸਥਾਨ ਤੇ ਮੌਜੂਦ ਹੀ ਨਹੀਂ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬੇਕਸੂਰ ਲੋਕਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉੱਥੇ ਹੀ ਧਰਨਾ ਸਥਾਨ ਤੇ ਪਹੁੰਚੇ ਲਹਿਰਾਗਾਗਾ ਦੇ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਪਿੰਡ ਵਾਸੀਆਂ ਨੂੰ ਸ਼ਾਂਤ ਕੀਤਾ ਅਤੇ ਉਨ੍ਹਾਂ ਦੀ ਗੱਲ ਸੁਣੀ। ਉਨ੍ਹਾਂ ਦੱਸਿਆ ਕਿ ਥਾਣਾ ਲਹਿਰਾ ਵਿੱਚ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਕੁਝ ਵਿਅਕਤੀਆਂ ਦੇ ਨਾਮ ਗਲਤ ਤਰੀਕੇ ਨਾਲ ਸ਼ਾਮਲ ਕੀਤੇ ਜਾਣ ਦੀ ਸ਼ੰਕਾ ਜਤਾਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਤੱਥਾਂ ਦੇ ਆਧਾਰ ਤੇ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਦਾ ਨਾਮ ਗਲਤ ਪਾਇਆ ਗਿਆ ਤਾਂ ਉਸ ਨੂੰ ਮਾਮਲੇ ਵਿੱਚੋਂ ਬਾਹਰ ਕਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਬੇਕਸੂਰ ਵਿਅਕਤੀ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ।