- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੁੱਟੀਆਂ ਸੜਕਾਂ ਤੋਂ ਹਲਕਾ ਸ਼ੁਤਰਾਣਾ ਦੇ ਲੋਕ ਪ੍ਰੇਸ਼ਾਨ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸੁਤਰਾਣਾ ਦੇ ਪਿੰਡਾਂ ਦੀਆਂ ਟੁੱਟੀਆਂ ਸੜਕਾਂ ਲੋਕਾਂ ਲਈ ਵੱਡੀ ਮੁਸੀਬਤ ਬਣੀਆਂ ਹੋਈਆਂ ਹਨ। ਸੜਕਾਂ ਦੀ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਕਈ ਥਾਵਾਂ ’ਤੇ ਸੜਕਾਂ ਦੀ ਬਜਾਏ ਡੂੰਘੇ ਟੋਏ ਤੇ ਪਾਣੀ ਨਾਲ ਭਰੇ ਛੱਪੜ ਨਜ਼ਰ ਆਉਂਦੇ ਹਨ। ਇਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਵਿੱਚ ਵੱਡੇ ਪੱਧਰ ਉੱਤੇ ਲਿੰਕ ਸੜਕਾਂ ਦੀ ਮੁਰੰਮਤ ਕੀਤੇ ਜਾਂਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਾਲਾਤ ਇਸ ਕਦਰ ਬਦਤਰ ਹਨ ਕਿ ਹਲਕਾ ਸ਼ੁਕਰਾਣਾ ਦੇ ਪਿੰਡਾਂ ਦੀਆਂ ਸੜਕਾਂ ਤੋਂ ਲੋਕਾਂ ਦਾ ਲੰਘਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਜਾਣਕਾਰੀ ਅਨੁਸਾਰ ਹਲਕਾ ਸ਼ੁਤਰਾਣਾ ਦੇ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀਆਂ ਜਿਆਦਾਤਰ ਲਿੰਕ ਸੜਕਾਂ ਟੁੱਟੀਆਂ ਹੋਣ ਕਾਰਨ ਲੋਕਾਂ ਦੇ ਵਾਹਨਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਸ਼ਹਿਰਾਂ ਜਾਂ ਇਕ ਪਿੰਡ ਤੋਂ ਦੂਜੇ ਪਿੰਡ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਆ ਰਹੀਆਂ ਹਨ। ਖ਼ਾਸ ਕਰਕੇ ਸਕੂਲੀ ਬੱਚਿਆਂ, ਮੁਲਾਜ਼ਮਾਂ ਤੇ ਰੋਜ਼ਾਨਾ ਕੰਮਕਾਜ ਲਈ ਸਫ਼ਰ ਕਰਨ ਵਾਲੇ ਲੋਕਾਂ ਨੂੰ ਇਨ੍ਹਾਂ ਖਸਤਾ ਸੜਕਾਂ ਕਾਰਨ ਹਾਦਸਿਆਂ ਦੇ ਖ਼ਤਰੇ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਹੁਣ ਕਾਰਜਕਾਲ ਦੇ ਆਖਰੀ ਮਹੀਨਿਆਂ ਵਿੱਚ ਸੜਕਾਂ ਦੀ ਮੁਰੰਮਤ ਦੇ ਨਾਮ ’ਤੇ ਸਿਰਫ਼ ਲੀਪਾਪੋਚੀ ਕੀਤੀ ਜਾ ਰਹੀ ਹੈ। ਜਲਦਬਾਜ਼ੀ ਵਿੱਚ ਅਤੇ ਬਿਨਾਂ ਠੋਸ ਯੋਜਨਾਬੰਦੀ ਦੇ ਕੀਤੀ ਜਾ ਰਹੀ ਮੁਰੰਮਤ ਲੰਮੇ ਸਮੇਂ ਤੱਕ ਟਿਕਣ ਵਾਲੀ ਨਹੀਂ ਹੈ। ਇਸ ਨਾਲ ਸਰਕਾਰੀ ਪੈਸੇ ਦੀ ਬਰਬਾਦੀ ਹੋਣ ਦਾ ਵੀ ਖ਼ਦਸ਼ਾ ਹੈ।