- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਪਸੀਕੋ ਪ੍ਰਬੰਧਕਾਂ ਨੇ ਕੰਟਰੈਕਟ ਕਾਮਿਆਂ ਲਈ ਕੀਤਾ ਗੇਟ ਬੰਦ

ਕੰਟਰੈਕਟ ਕਾਮਿਆਂ ਕੀਤੀ ਪੈਪਸੀਕੋ ਕੰਪਨੀ ਦੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ
ਕਾਮਿਆਂ ਨੇ ਪ੍ਰਬੰਧਕਾਂ ’ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪੈਪਸੀਕੋ ਫੈਕਟਰੀ ਚੰਨੋਂ ਦੇ ਸੰਘਰਸ਼ਸ਼ੀਲ ਕੰਟਰੈਕਟ ਮਜ਼ਦੂਰਾਂ ਨੇ ਦੋਸ਼ ਲਾਇਆ ਹੈ ਕਿ ਤਨਖਾਹ ਵਾਧੇ ਸਮੇਤ ਹੋਰ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਨ ਤੋਂ ਬਾਅਦ ਕੰਪਨੀ ਪ੍ਰਬੰਧਕਾਂ ਅਤੇ ਠੇਕੇਦਾਰਾਂ ਨੇ ਡਿਊਟੀ ਦੌਰਾਨ ਹੀ ਕਾਮਿਆਂ ਨੂੰ ਕੰਮ ਵਾਲੀਆਂ ਥਾਵਾਂ ਤੋਂ ਜਬਰੀ ਬਾਹਰ ਕੱਢ ਦਿੱਤਾ ਅਤੇ ਦੂਜੀ ਸ਼ਿਫਟ ਲਈ ਮੁੱਖ ਗੇਟ ਬੰਦ ਕਰ ਦਿੱਤਾ। ਇਸ ਕਾਰਵਾਈ ਦੇ ਵਿਰੋਧ ਵਿੱਚ ਕੰਟਰੈਕਟ ਮਜ਼ਦੂਰਾਂ ਨੇ ਕਾਲਾਝਾੜ ਟੋਲ ਪਲਾਜ਼ਾ 'ਤੇ ਰੋਸ ਰੈਲੀ ਕਰਕੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਾਮਿਆਂ ਨੇ ਦੋਸ਼ ਲਾਇਆ ਕਿ ਪ੍ਰਬੰਧਕਾਂ ਨੇ ਪਿਛਲੇ ਗੇਟ ਰਾਹੀਂ ਨਵੇਂ ਠੇਕੇ 'ਤੇ ਮਜ਼ਦੂਰਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਮੌਜੂਦਾ ਕਾਮਿਆਂ ਦੇ ਰੁਜ਼ਗਾਰ 'ਤੇ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਇਸ ਨੂੰ ਕਾਮਿਆਂ ਦੀ ਏਕਤਾ ਤੋੜਨ ਅਤੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੱਤਾ।
ਇਸ ਮੌਕੇ ਸਮੂਹ ਕੰਟਰੈਕਟ ਕਾਮਿਆਂ ਵੱਲੋਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਦੋਸ਼ ਲਾਇਆ ਗਿਆ ਕਿ ਕੰਪਨੀ ਪ੍ਰਬੰਧਕ ਅਤੇ ਠੇਕੇਦਾਰ ਕਿਰਤ ਕਾਨੂੰਨਾਂ ਦੀ ਖੁੱਲ੍ਹੇਆਮ ਉਲੰਘਣਾ ਕਰ ਰਹੇ ਹਨ। ਸ਼ਿਕਾਇਤ ਵਿੱਚ ਤਨਖਾਹ ਵਾਧੇ ਅਤੇ ਹੋਰ ਜਾਇਜ਼ ਮੰਗਾਂ ਨੂੰ ਲਾਗੂ ਕਰਨ, ਗੈਰ-ਕਾਨੂੰਨੀ ਢੰਗ ਨਾਲ ਗੇਟ ਬੰਦ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਸਾਰੇ ਕਾਮਿਆਂ ਨੂੰ ਬਿਨਾਂ ਸ਼ਰਤ ਮੁੜ ਡਿਊਟੀ 'ਤੇ ਬਹਾਲ ਕਰਨ ਦੀ ਮੰਗ ਕੀਤੀ ਗਈ।
ਕੰਟਰੈਕਟ ਮਜ਼ਦੂਰ ਆਗੂ ਕਸ਼ਮੀਰਾ ਸਿੰਘ ਅਤੇ ਪ੍ਰਦੀਪ ਸਿੰਘ ਨੇ ਕਿਹਾ ਕਿ ਯੂਨੀਅਨ ਅਤੇ ਪ੍ਰਬੰਧਕਾਂ ਵਿਚਾਲੇ ਪਹਿਲਾਂ ਮੰਗਾਂ ਸਬੰਧੀ ਸਕਾਰਾਤਮਕ ਗੱਲਬਾਤ ਹੋਈ ਸੀ, ਪਰ ਤਨਖਾਹ ਵਾਧੇ, ਸੈਮੀ ਸਕਿਲਡ, ਸਕਿਲਡ ਅਤੇ ਹਾਈ ਸਕਿਲਡ ਵਰਗਾਂ ਅਨੁਸਾਰ ਤਨਖਾਹਾਂ ਅਤੇ ਹੋਰ ਸਹੂਲਤਾਂ ਲਾਗੂ ਕਰਨ ਦੇ ਮਾਮਲੇ ਵਿੱਚ ਪ੍ਰਬੰਧਕ ਲਗਾਤਾਰ ਟਾਲਮਟੋਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਮਿਆਂ ਦੀ ਵਧ ਰਹੀ ਏਕਤਾ ਅਤੇ ਜਥੇਬੰਦੀ ਨੂੰ ਕਮਜ਼ੋਰ ਕਰਨ ਲਈ ਯੋਜਨਾਬੱਧ ਢੰਗ ਨਾਲ ਇਹ ਕਾਰਵਾਈ ਕੀਤੀ ਗਈ ਹੈ, ਜਿਸ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਭਵਾਨੀਗੜ੍ਹ ਦੇ ਆਗੂ ਬਲਵਿੰਦਰ ਸਿੰਘ ਘਟੌੜਾ ਜੱਟਾਂ ਨੇ ਵੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪੈਪਸੀਕੋ ਮੈਨੇਜਮੈਂਟ ਦੀ ਕਾਰਵਾਈ ਦੀ ਨਿਖੇਧੀ ਕੀਤੀ ਅਤੇ ਕੰਟਰੈਕਟ ਕਾਮਿਆਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।