40 ਲੱਖ ਮਾਵਾਂ-ਧੀਆਂ ਦੇ ਫੋਨਾਂ ’ਤੇ ਅੱਜ ਫੇਰ ਵੱਜੇਗੀ ਟੂੰ-ਟੂੰ : ਮਾਨ 40 ਲੱਖ ਮਾਵਾਂ-ਧੀਆਂ ਦੇ ਫੋਨਾਂ 'ਤੇ ਅੱਜ ਫੇਰ ਵੱਜੇਗੀ ਟੂੰ-ਟੂੰ :ਭਗਵੰਤ ਮਾਨ
Publish Date: Fri, 31 Jul 2026 06:34 PM (IST)
Updated Date: Sat, 01 Aug 2026 04:02 AM (IST)
* ਕਿਹਾ, ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਯਤਨਸ਼ੀਲ * ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਤੇ ਨਸ਼ਾ ਮੁਕਤ ਪੰਜਾਬ ਸਰਕਾਰ ਦੀ ਤਰਜੀਹ : ਸਿਸੋਦੀਆ * ਮੰਤਰੀ ਅਮਨ ਅਰੋੜਾ ਨੇ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਜ਼ਿਕਰ ਫੋਟੋ–28 ਕੈਪਸ਼ਨ– ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸੀਐੱਮ ਭਗਵੰਤ ਮਾਨ ਅਤੇ ਹੋਰ। ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ ਸੁਨਾਮ : ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਿਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਨਵੀਂ ਅਨਾਜ ਮੰਡੀ ’ਚ ਕਰਵਾਏ ਸੂਬਾ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਹਿਲੀ ਅਗਸਤ ਨੂੰ ਪੰਜਾਬ ਦੀਆਂ 40 ਲੱਖ ਮਾਵਾਂ-ਧੀਆਂ ਦੇ ਫੋਨਾਂ ’ਤੇ ਫੇਰ ਟੂੰ-ਟੂੰ ਵਜੇਗੀ, ਜਦਕਿ 32 ਲੱਖ ਮਾਵਾਂ-ਧੀਆਂ ਨੂੰ ਪਹਿਲੀ ਜੁਲਾਈ ਨੂੰ ਪੈਸੇ ਆ ਚੁੱਕੇ ਹਨ। ਉਨ੍ਹਾਂ ਆਖਿਆ ਕਿ ਬਾਕੀਆਂ ਨੂੰ ਵੀ ਰਜਿਸਟ੍ਰੇਸ਼ਨ ਹੋ ਜਾਣ ਤੋਂ ਬਾਅਦ ਪੈਸਾ ਮਿਲੇਗਾ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਕਚਹਿਰੀਆਂ ’ਚ ਰਿਸ਼ਵਤ ਖ਼ਤਮ ਕਰਨ ਲਈ ਈ-ਰਜਿਸਟਰੀਆਂ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਕਿਸੇ ਦੀ ਖੱਜਲ-ਖ਼ੁਆਰੀ ਨਾ ਹੋਵੇ। ਉਨ੍ਹਾਂ ਪੰਜਾਬੀਆਂ ਨੂੰ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਕੰਮ ਕੀਤਾ ਹੈ ਤਾਂ ਵੋਟਾਂ ਪਾ ਦਿਓ, ਨਹੀਂ ਕਿਹੜਾ ਕੁੰਭ ਦਾ ਮੇਲਾ ਹੈ, ਫੇਰ ਅਗਲੀ ਵਾਰ ਦੇਖ ਲਵਾਂਗੇ। ਉਨ੍ਹਾਂ ਆਖਿਆ ਕਿ ਸੂਬੇ ਦੇ 68,685 ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਤੇ ਪੈਸੇ ਤੋਂ ਮੈਰਿਟ ਅਨੁਸਾਰ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਅੰਦਰ 43,000 ਕਿਲੋਮੀਟਰ ਸੜਕਾਂ ਬਣ ਰਹੀਆਂ ਹਨ। ਉਨ੍ਹਾਂ ਆਖਿਆ ਪੜ੍ਹਾਈ ਦੇ ਖੇਤਰ ’ਚ ਪੰਜਾਬ 27ਵੇਂ ਨੰਬਰ ਤੇ ਸੀ ਅੱਜ ਸਰਕਾਰ ਦੀ ਕਾਰਗੁਜ਼ਾਰੀ ਸਦਕਾ ਕੇਰਲਾ ਨੂੰ ਪਛਾੜ ਕੇ ਪਹਿਲੇ ਨੰਬਰ ’ਤੇ ਆ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਸਕੂਲਾਂ ’ਚ ਪੜ੍ਹਦੇ 882 ਬੱਚੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ ਦਾ ਪੇਪਰ ਕਲੀਅਰ ਕਰ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਆਮ ਆਦਮੀ ਪਾਰਟੀ ਦਾ ਏਜੰਡਾ ਹੀ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ’ਤੇ 100 ਕਰੋੜ ਰੁਪਏ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਸੁਨਾਮ ਵਿਖੇ ਅਨੇਕਾਂ ਪ੍ਰਾਜੈਕਟ ਦਾ ਨਿਰਮਾਣ ਕੀਤਾ ਹੈ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਵਿਧਾਇਕ ਗੋਲਡੀ ਕੰਬੋਜ, ਜਮੀਲ ਉਰ ਰਹਿਮਾਨ, ਨਰਿੰਦਰ ਕੌਰ ਭਰਾਜ, ਦੇਵ ਸਿੰਘ ਮਾਨ, ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਆਦਿ ਹਾਜ਼ਰ ਸਨ।