
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਜੀਆਰਪੀ ਸ਼ੰਭੂ ਵੱਲੋਂ ਰੇਲਵੇ ਸਟੇਸ਼ਨ ’ਤੇ ਚੈਕਿੰਗ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਸੁਤੰਤਰਤਾ ਦਿਵਸ ਨੂੰ ਮੁੱਖ ਰੱਖਦਿਆਂ ਜੀਆਰਪੀ ਸ਼ੰਭੂ ਵੱਲੋਂ ਸਥਾਨਕ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮ ਵੱਲੋਂ ਰੇਲਵੇ ਪਲੇਟਫਾਰਮ, ਟਿਕਟ ਘਰ, ਸਾਈਕਲ ਸਟੈਂਡ, ਯਾਤਰੀਆਂ ਦੇ ਸਮਾਨ ਅਤੇ ਰੇਲਵੇ ਸਟੇਸ਼ਨ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਜੀਆਰਪੀ ਦੀ ਟੀਮ ਵੱਲੋਂ ਦੋ ਰੇਲ ਗੱਡੀਆਂ ਦੀ ਬਾਰੀਕੀ ਨਾਲ ਤੇ ਵਿਸਥਾਰਪੂਰਵਕ ਤਲਾਸ਼ੀ ਲਈ ਗਈ। ਪੁਲਿਸ ਮੁਲਾਜ਼ਮਾਂ ਨੇ ਟਰੇਨਾਂ ਵਿਚ ਸਵਾਰ ਯਾਤਰੀਆਂ ਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਨਜ਼ਰ ਆਉਣ ਵਾਲੇ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਹਾਲਾਂਕਿ ਚੈਕਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਇਤਰਾਜ਼ਯੋਗ ਸਮੱਗਰੀ ਬਰਾਮਦ ਨਹੀਂ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਆਰਪੀ ਸ਼ੰਭੂ ਚੌਕੀ ਦੇ ਇੰਚਾਰਜ ਏਐਸਆਈ ਜੰਮੂ ਰਾਮ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ। ਇਸੇ ਤਹਿਤ ਸ਼ੰਭੂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਰੇਲਵੇ ਸਟੇਸ਼ਨ ’ਤੇ ਆਉਣ-ਜਾਣ ਵਾਲੇ ਹਰ ਵਿਅਕਤੀ ਅਤੇ ਗਤੀਵਿਧੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਏਐੱਸਆਈ ਜੰਮੂ ਰਾਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਯਾਤਰੀ ਨੂੰ ਸਟੇਸ਼ਨ ਜਾਂ ਟਰੇਨ ਵਿਚ ਕੋਈ ਲਾਵਾਰਿਸ ਜਾਂ ਸ਼ੱਕੀ ਵਸਤੂ ਨਜ਼ਰ ਆਉਂਦੀ ਹੈ ਤਾਂ ਉਹ ਖੁਦ ਉਸ ਨੂੰ ਹੱਥ ਨਾ ਲਗਾਉਣ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਤੇ ਲੋਕਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਹੀ ਸੁਰੱਖਿਅਤ ਮਾਹੌਲ ਬਣਾਇਆ ਜਾ ਸਕਦਾ ਹੈ। ਜੀਆਰਪੀ ਵੱਲੋਂ ਕੀਤੀ ਗਈ ਇਸ ਚੈਕਿੰਗ ਦੌਰਾਨ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਵਿਅਕਤੀ ਬਰਾਮਦ ਨਹੀਂ ਹੋਇਆ ਅਤੇ ਸਥਿਤੀ ਪੂਰੀ ਤਰ੍ਹਾਂ ਸੁਰੱਖਿਅਤ ਰਹੀ।